*ਚੋਣਾਂ ਵਾਲੇ ਦਿਨ ਜ਼ਿਲ੍ਹੇ ਅੰਦਰ ਨਿਰਧਾਰਿਤ ਕੀਤੇ ਪੋਲਿੰਗ ਸਟੇਸ਼ਨਾਂ ਦੇ 100 ਤੋਂ 200 ਮੀਟਰ ਦੇ ਘੇਰੇ ਅੰਦਰ ਹੋਵੇਗੀ ਪਾਬੰਦੀ*

0
91

ਮਾਨਸਾ, 30 ਮਈ: (ਸਾਰਾ ਯਹਾਂ/ਮੁੱਖ ਸੰਪਾਦਕ)
ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਚੋਣ ਪ੍ਰਕਿਰਿਆ ਨੂੰ ਸ਼ਾਂਤਮਈ ਅਤੇ ਨਿਰਵਿਘਨ ਤਰੀਕੇ ਨਾਲ ਕਰਵਾਉਣ ਲਈ ਚੋਣਾਂ ਵਾਲੇ ਦਿਨ 01 ਜੂਨ 2024 ਨੂੰ ਜ਼ਿਲ੍ਹੇ ਅੰਦਰ ਨਿਰਧਾਰਿਤ ਕੀਤੇ ਪੋਲਿੰਗ ਸਟੇਸ਼ਨਾਂ ’ਤੇ 100 ਤੋਂ 200 ਮੀਟਰ ਦੇ ਘੇਰੇ ਅੰਦਰ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਹੁਕਮਾਂ ਵਿਚ ਕਿਹਾ ਗਿਆ ਹੈ ਕਿ ਕਿਸੇ ਵੀ ਵਿਅਕਤੀ ਵੱਲੋਂ ਪੋਲਿੰਗ ਸਟੇਸ਼ਨ ਦੇ ਨਜ਼ਦੀਕ ਸ਼ੋਰ ਸ਼ਰਾਬਾ, ਹੁੱਲੜਬਾਜ਼ੀ ਨਹੀਂ ਕੀਤੀ ਜਾਵੇਗੀ। ਕਿਸੇ ਵੀ ਵਿਅਕਤੀ ਵੱਲੋਂ ਪੋਲਿੰਗ ਸਟੇਸ਼ਨ ਦੇ 100 ਮੀਟਰ ਦੇ ਘੇਰੇ ਅੰਦਰ ਸੈਲੂਲਰ ਫ਼ੋਨ/ਕੋਰਡਲੈੱਸ ਫ਼ੋਨ/ਵਾਇਰਲੈਸ ਸੈੱਟ/ਲਾਊਡ ਸਪੀਕਰ/ਮੈਗਾਫ਼ੋਨ ਆਦਿ ਦੀ ਵਰਤੋਂ ਅਤੇ ਕਿਸੇ ਕਿਸਮ ਦਾ ਪ੍ਰਚਾਰ ਨਹੀਂ ਕੀਤਾ ਜਾਵੇਗਾ। ਇਹ ਹੁਕਮ ਚੋਣ ਡਿਊਟੀ ’ਤੇ ਤਾਇਨਾਤ ਚੋਣ ਆਬਜ਼ਰਵਰ, ਪ੍ਰਸ਼ਾਸਨਿਕ/ਪੁਲਿਸ ਅਧਿਕਾਰੀ, ਡਿਊਟੀ ’ਤੇ ਤਾਇਨਾਤ ਸੁਰੱਖਿਆ ਕਰਮਚਾਰੀਆਂ, ਪੋਲਿੰਗ ਨਾਲ ਸਬੰਧਤ ਸਰਕਾਰੀ ਕਰਮਚਾਰੀਆਂ ’ਤੇ ਲਾਗੂ ਨਹੀਂ ਹੋਵੇਗਾ। ਹੁਕਮਾਂ ਵਿਚ ਕਿਹਾ ਗਿਆ ਹੈ ਕਿ ਕੋਈ ਵੀ ਰਾਜਨੀਤਿਕ ਪਾਰਟੀ, ਚੋਣ ਲੜ ਰਿਹਾ ਉਮੀਦਵਾਰ ਪੋਲਿੰਗ ਸਟੇਸ਼ਨ ਦੇ 200 ਮੀਟਰ ਦੇ ਘੇਰੇ ਅੰਦਰ ਆਪਣਾ ਪੋਲਿੰਗ ਬੂਥ/ਟੈਂਟ ਨਹੀਂ ਲਗਾਵੇਗਾ।
ਭਾਰਤ ਚੋਣ ਕਮਿਸ਼ਨ, ਮੁੱਖ ਚੋਣ ਅਫ਼ਸਰ ਪੰਜਾਬ, ਜ਼ਿਲ੍ਹਾ ਚੋਣ ਅਫ਼ਸਰ ਮਾਨਸਾ ਜਾਂ ਲੋਕ ਸਭਾ ਹਲਕੇ ਦੇ ਰਿਟਰਨਿੰਗ ਅਫ਼ਸਰ ਵੱਲੋਂ ਅਧਿਕਾਰਤ ਵਿਅਕਤੀ ਤੋਂ ਇਲਾਵਾ ਹੋਰ ਕਿਸੇ ਵੀ ਵਿਅਕਤੀ ਵੱਲੋਂ  ਪੋਲਿੰਗ ਸਟੇਸ਼ਨ ਦੇ 200 ਮੀਟਰ ਦੇ ਘੇਰੇ ਅੰਦਰ ਆਪਣਾ ਪ੍ਰਾਈਵੇਟ ਵਹੀਕਲ ਨਹੀਂ ਲਿਜਾਇਆ ਜਾਵੇਗਾ। ਹੁਕਮ ਵਿਚ ਅੱਗੇ ਕਿਹਾ ਗਿਆ ਹੈ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਘੋਸ਼ਿਤ ਕੀਤੇ ਗਏ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਮਾਨਸਾ ਵਿਚ ਲੋਕ ਸਭਾ ਚੋਣਾਂ ਮਿਤੀ 01 ਜੂਨ, 2024 ਨੂੰ ਹੋ ਰਹੀਆਂ ਹਨ। ਚੋਣਾਂ ਵਾਲੇ ਦਿਨ ਪੋਲਿੰਗ ਸਟੇਸ਼ਨਾਂ ਦੇ 100 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਵਿਅਕਤੀ ਵੱਲੋਂ ਸੈਲੂਲਰ ਫ਼ੋਨ/ਕੋਰਡਲੈੱਸ ਫ਼ੋਨ/ਵਾਇਰਲੈਸ ਸੈੱਟ/ਲਾਊਡ ਸਪੀਕਰ/ਮੈਗਾਫ਼ੋਨ ਆਦਿ ਦੀ ਵਰਤੋਂ ਅਤੇ ਕਿਸੇ ਕਿਸਮ ਦੇ ਪ੍ਰਚਾਰ ਨਾਲ ਚੋਣ ਪ੍ਰਕਿਰਿਆ ਦੌਰਾਨ ਅਮਨ ਸ਼ਾਂਤੀ ਭੰਗ ਹੋਣ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ। ਇਸ ਲਈ ਚੋਣਾਂ ਦੇ ਕੰਮ ਨੂੰ ਨਿਰਵਿਘਨ ਤੇ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਅਤੇ ਚੋਣਾਂ ਦੌਰਾਨ ਅਮਨ ਕਾਨੂੰਨ ਦੀ ਸਥਿਤੀ ਬਣਾਏ ਰੱਖਣ ਲਈ ਲੋੜੀਂਦੇ ਉਪਰਾਲੇ ਕੀਤੇ ਜਾਣੇ ਜ਼ਰੂਰੀ ਹਨ।

NO COMMENTS