
ਚੰਡੀਗੜ੍ਹ 03,ਮਾਰਚ (ਸਾਰਾ ਯਹਾਂ/ਬਿਊਰੋ ਨਿਊਜ਼) : ਵਿਧਾਨ ਸਭਾ ਚੋਣਾਂ ਦੇ ਨਤੀਜੇ 10 ਮਾਰਚ ਨੂੰ ਆਉਣੇ ਹਨ ਪਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਕਿਸਾਨਾਂ ਨਾਲ ਵੱਡੇ ਵਾਅਦੇ ਕਰਨ ਲੱਗੇ ਹਨ। ਕੈਪਟਨ ਅਮਰਿੰਦਰ ਕਿਹਾ ਹੈ ਕਿ ਐਨਡੀਏ ਦੀ ਸਰਕਾਰ ਬਣਦਿਆਂ ਹੀ ਗੰਨੇ ਦਾ ਐਸਏਪੀ ਵਧਾ ਕੇ 360 ਰੁਪਏ ਪ੍ਰਤੀ ਕੁਇੰਟਲ ਕੀਤਾ ਜਾਵੇਗਾ।
ਕੈਪਟਨ ਨੇ ਫੇਸਬੁੱਕ ਉੱਪਰ ਪੋਸਟ ਪਾ ਕੇ ਕਿਹਾ ਹੈ ਕਿ ਮੇਰੀ ਸਰਕਾਰ ਨੇ ਸਾਡੇ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ ਅਸੀਂ ਗੰਨੇ ਦਾ SAP ਵਧਾ ਕੇ 360 ਰੁਪਏ ਪ੍ਰਤੀ ਕੁਇੰਟਲ ਕਰਾਂਗੇ ਪਰ ਇਹ ਬੜੇ ਦੁੱਖ ਦੀ ਗੱਲ ਹੈ ਕਿ ਸਰਕਾਰ ਵਿੱਚ ਅਚਾਨਕ ਕੀਤੀਆਂ ਤਬਦੀਲੀਆਂ ਤੋਂ ਬਾਅਦ ਪੰਜਾਬ ਕਾਂਗਰਸ ਦੀ ਲੀਡਰਸ਼ਿਪ ਨੇ ਇਸ ਫ਼ੈਸਲੇ ਨੂੰ ਲਾਗੂ ਨਹੀਂ ਕੀਤਾ। ਉਨ੍ਹਾਂ ਅੱਗੇ ਲਿਖਿਆ ਹੈ ਕਿ ਮੈਂ ਆਪਣੇ ਕਿਸਾਨਾਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਸਾਡੀ ਐਨਡੀਏ ਦੀ ਸਰਕਾਰ ਬਣਦਿਆਂ ਹੀ ਇਹ ਫੈਸਲਾ ਲਾਗੂ ਕੀਤਾ ਜਾਵੇਗਾ।
ਦੱਸ ਦਈਏ ਕਿ ਇਸ ਵਾਰ ਕੈਪਟਨ ਅਮਰਿੰਦਰ ਸਿੰਘ ਨੇ ਬੀਜੇਪੀ ਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨਾਲ ਮਿਲ ਕੇ ਚੋਣਾਂ ਲੜੀਆਂ ਹਨ। ਬੇਸ਼ੱਕ ਕਿਆਸ ਲਾਏ ਜਾ ਰਹੇ ਕਿ ਇਸ ਗੱਠਜੋੜ ਨੂੰ ਜ਼ਿਆਦਾ ਸੀਟਾਂ ਮਿਲਣ ਦੀ ਉਮੀਦ ਨਹੀਂ ਪਰ ਬੀਜੇਪੀ ਤੇ ਕੈਪਟਨ ਸਰਕਾਰ ਬਣਾਉਣ ਦਾ ਦਾਅਵਾ ਕਰ ਰਹੇ ਹਨ
