ਚੰਡੀਗੜ੍ਹ09 ,ਜੁਲਾਈ (ਸਾਰਾ ਯਹਾਂ/ਬਿਊਰੋ ਨਿਊਜ਼ ) : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਚੰਡੀਗੜ੍ਹ ਵਿੱਚ ਹਰਿਆਣਾ ਲਈ ਵੱਖਰੀ ਵਿਧਾਨ ਸਭਾ ਇਮਾਰਤ ਲਈ ਜ਼ਮੀਨ ਦੇਣ ਦੇ ਫ਼ੈਸਲੇ ਦਾ ਪੰਜਾਬ ਦੇ ਸਿਆਸੀ ਆਗੂਆਂ ਨੇ ਵਿਰੋਧ ਕੀਤਾ ਹੈ। ਕਾਂਗਰਸ ਦੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਵਿਖੇ ਹਰਿਆਣੇ ਨੂੰ ਨਵੀਂ ਵਿਧਾਨ ਸਭਾ ਬਣਾਉਣ ਲਈ ਜ਼ਮੀਨ ਦਿੱਤੇ ਜਾਣ ਦਾ ਸਖ਼ਤ ਵਿਰੋਧ ਕਰਦੇ ਹਾਂ। ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਹੈ ਜੋ ਕਿ ਖਰੜ ਤਹਿਸੀਲ ਦੇ ਪੰਜਾਬੀ ਬੋਲਦੇ ਪਿੰਡਾਂ ਨੂੰ ਉਜਾੜਕੇ ਬਣਾਇਆ ਗਿਆ ਸੀ ਤੇ ਜਿਸ ਵਿੱਚ ਇੱਕ ਵੀ ਇੰਚ ਹਿੰਦੀ ਬੋਲਣ ਵਾਲਾ ਕੋਈ ਪਿੰਡ ਨਹੀਂ ਸੀ। ਉਨ੍ਹਾਂ ਕਿਹਾ ਕਿ ਹਰਿਆਣਾ ਜੀ ਸਦਕੇ ਆਪਣੀ ਰਾਜਧਾਨੀ ਬਣਾਵੇ ਪਰੰਤੂ ਬਣਾਵੇ ਆਪਣੇ ਸੂਬੇ ਵਿੱਚ। ਇਸ ਦੇ ਇਲਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਹਰਿਆਣਾ ਸਰਕਾਰ ਨੂੰ ਹਰਿਆਣਾ ‘ਚ ਵੱਖਰੀ ਵਿਧਾਨ ਸਭਾ ਬਣਾਉਣ ਦੀ ਅਪੀਲ ਕੀਤੀ ਹੈ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਚੰਡੀਗੜ੍ਹ ਵਿੱਚ ਹਰਿਆਣਾ ਲਈ ਵੱਖਰੀ ਵਿਧਾਨ ਸਭਾ ਇਮਾਰਤ ਲਈ ਜ਼ਮੀਨ ਦੇਣ ਦੇ ਫ਼ੈਸਲੇ ਦਾ ਵਿਰੋਧ ਕੀਤਾ ਹੈ।ਨਾਲ ਹੀ ਉਨ੍ਹਾਂ ਕਿਹਾ ਕਿ ਕਿਹਾ ਹੈ ਕਿ ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਵਿੱਚ ਹਰਿਆਣਾ ਲਈ ਵੱਖਰੀ ਵਿਧਾਨ ਸਭਾ ਲਈ ਜ਼ਮੀਨ ਦੇਣ ਦਾ ਫ਼ੈਸਲਾ ਪੂਰੀ ਤਰ੍ਹਾਂ ਪੰਜਾਬ ਵਿਰੋਧੀ ਹੈ। ਦਰਅਸਲ ‘ਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦੇ ਕਹਿਣ ‘ਤੇ ਕੇਂਦਰ ਸਰਕਾਰ ਨੇ ਹਰਿਆਣਾ ਨੂੰ ਵੱਡਾ ਤੋਹਫਾ ਦਿੱਤਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਹਰਿਆਣਾ ਦੀ ਵੱਖਰੀ ਵਿਧਾਨ ਸਭਾ ਇਮਾਰਤ ਲਈ ਜ਼ਮੀਨ ਦੇਣ ਦਾ ਐਲਾਨ ਕੀਤਾ ਹੈ। ਹਰਿਆਣਾ ਨੂੰ ਚੰਡੀਗੜ੍ਹ ਵਿੱਚ ਜ਼ਮੀਨ ਦਿੱਤੀ ਜਾਵੇਗੀ।
ਇਹ ਐਲਾਨ ਗ੍ਰਹਿ ਮੰਤਰੀ ਨੇ ਜੈਪੁਰ ਵਿੱਚ ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ ਵਿੱਚ ਕੀਤਾ। ਹਰਿਆਣਾ ਸਰਕਾਰ ਪਹਿਲਾਂ ਹੀ ਚੰਡੀਗੜ੍ਹ ਵਿੱਚ ਜ਼ਮੀਨ ਦੀ ਨਿਸ਼ਾਨਦੇਹੀ ਕਰ ਚੁੱਕੀ ਹੈ। ਰੇਲਵੇ ਨੇ ਲਾਈਟ ਪੁਆਇੰਟ ਤੋਂ ਆਈਟੀ ਪਾਰਕ ਤੱਕ ਜਾਣ ਵਾਲੀ ਮੌਜੂਦਾ ਜ਼ਮੀਨ ਦਾ ਪ੍ਰਬੰਧ ਕਰਨ ਲਈ ਸਹਿਮਤੀ ਦਿੱਤੀ ਹੈ। ਹੁਣ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਐਲਾਨ ਤੋਂ ਬਾਅਦ ਜ਼ਮੀਨ ਅਲਾਟਮੈਂਟ ਦਾ ਕੰਮ ਤੇਜ਼ੀ ਨਾਲ ਕੀਤਾ ਜਾਵੇਗਾ। ਇਸ ‘ਤੇ ਹਰਿਆਣਾ ਨੂੰ ਚੰਡੀਗੜ੍ਹ ਨਾਲ ਲੱਗਦੇ ਇਲਾਕੇ ‘ਚ ਜ਼ਮੀਨ ਜਾਂ 550 ਕਰੋੜ ਰੁਪਏ ਦੇਣੇ ਪੈਣਗੇ।