*ਚੰਨੀ ਤੇ ਸਿੱਧੂ ਨੂੰ ਕਾਂਗਰਸ ਹਾਈ ਕਮਾਨ ਦਾ ਝਟਕਾ, ਅਹਿਮ ਕਮੇਟੀਆਂ ‘ਚੋਂ ‘ਆਊਟ’*

0
79

ਚੰਡੀਗੜ੍ਹ  07,ਦਸੰਬਰ (ਸਾਰਾ ਯਹਾਂ/ਬਿਊਰੋ ਨਿਊਜ਼): ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੇ ਬੀਤੇ ਕੱਲ੍ਹ ਵੱਡਾ ਐਲਾਨ ਕੀਤਾ। ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ਅਹਿਮ ਕਮੇਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਕਾਂਗਰਸ ਹਾਈਕਮਾਂਡ ਨੇ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਚੋਣ ਕਮੇਟੀਆਂ ਵਿੱਚ ਅਹਿਮ ਥਾਂ ਨਹੀਂ ਦਿੱਤੀ। ਹਾਲਾਂਕਿ ਕਾਂਗਰਸ ਪਾਰਟੀ ਨੇ ਇਨ੍ਹਾਂ ਕਮੇਟੀਆਂ ਵਿੱਚ ਸੁਨੀਲ ਜਾਖੜ, ਅੰਬਿਕਾ ਸੋਨੀ ਤੇ ਪ੍ਰਤਾਪ ਬਾਜਵਾ ਵਰਗੇ ਦਿੱਗਜ ਆਗੂਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਦਿੱਤੀਆਂ ਹਨ।

ਮੁੱਖ ਮੰਤਰੀ ਚਰਨਜੀਤ ਚੰਨੀ ਤੇ ਨਵਜੋਤ ਸਿੱਧੂ ਨੂੰ ਸਿਰਫ ਸਕ੍ਰੀਨਿੰਗ ਕਮੇਟੀ ਵਿੱਚ ਥਾਂ ਦਿੱਤੀ ਗਈ ਹੈ। ਹਾਲਾਂਕਿ ਸਕ੍ਰੀਨਿੰਗ ਕਮੇਟੀ ਦੀ ਅਗਵਾਈ ਸਾਬਕਾ ਕੇਂਦਰੀ ਮੰਤਰੀ ਤੇ ਕਾਂਗਰਸ ਨੇਤਾ ਅਜੇ ਮਾਕਨ ਕਰਨਗੇ। ਸਾਹਮਣੇ ਆਈ ਜਾਣਕਾਰੀ ਅਨੁਸਾਰ ਹਾਈਕਮਾਂਡ ਨੇ ਆਪਸੀ ਰੰਜਿਸ਼ ਕਾਰਨ ਚਰਨਜੀਤ ਚੰਨੀ ਤੇ ਨਵਜੋਤ ਸਿੱਧੂ ਨੂੰ ਅਹਿਮ ਕਮੇਟੀਆਂ ਤੋਂ ਦੂਰ ਰੱਖਿਆ ਹੈ।

ਕਾਂਗਰਸ ਪਾਰਟੀ ਦੀ ਤਰਫੋਂ ਇੱਕ ਬਿਆਨ ਜਾਰੀ ਕਰਕੇ ਦੱਸਿਆ ਗਿਆ ਕਿ ਸੁਨੀਲ ਜਾਖੜ ਚੋਣ ਪ੍ਰਚਾਰ ਕਮੇਟੀ ਦੀ ਕਮਾਨ ਸੰਭਾਲਣਗੇ। ਅੰਬਿਕਾ ਸੋਨੀ ਨੂੰ ਤਾਲਮੇਲ ਕਮੇਟੀ ਦਾ ਮੁਖੀ ਬਣਾਇਆ ਗਿਆ ਹੈ, ਜਦਕਿ ਪ੍ਰਤਾਪ ਸਿੰਘ ਬਾਜਵਾ ਨੂੰ ਚੋਣ ਮਨੋਰਥ ਪੱਤਰ ਕਮੇਟੀ ਦਾ ਚੇਅਰਮੈਨ ਚੁਣਿਆ ਗਿਆ ਹੈ

ਹਾਲਾਂਕਿ ਇਨ੍ਹਾਂ ਕਮੇਟੀਆਂ ਦੇ ਐਲਾਨ ਤੋਂ ਬਾਅਦ ਸੁਨੀਲ ਜਾਖੜ ਇੱਕ ਵਾਰ ਫਿਰ ਪੰਜਾਬ ਕਾਂਗਰਸ ਵਿੱਚ ਜ਼ੋਰਦਾਰ ਵਾਪਸੀ ਕਰਦੇ ਨਜ਼ਰ ਆ ਰਹੇ ਹਨ। ਨਵਜੋਤ ਸਿੱਧੂ ਦੇ ਵਿਰੋਧ ਕਾਰਨ ਸੁਨੀਲ ਜਾਖੜ ਨੂੰ ਪੰਜਾਬ ਦੇ ਮੁੱਖ ਮੰਤਰੀ ਦੀ ਕੁਰਸੀ ਨਹੀਂ ਮਿਲੀ। ਇੰਨਾ ਹੀ ਨਹੀਂ ਨਵਜੋਤ ਸਿੱਧੂ ਪਿਛਲੇ ਕੁਝ ਦਿਨਾਂ ਤੋਂ ਸੁਨੀਲ ਜਾਖੜ ‘ਤੇ ਹਮਲੇ ਕਰ ਰਹੇ ਹਨ।

ਮੰਨਿਆ ਜਾ ਰਿਹਾ ਹੈ ਕਿ ਨਵਜੋਤ ਸਿੱਧੂ ਤੇ ਚਰਨਜੀਤ ਚੰਨੀ ਟਿਕਟਾਂ ਦੀ ਵੰਡ ਵਿੱਚ ਜ਼ਿਆਦਾ ਦਖਲ ਨਹੀਂ ਦੇ ਸਕਣਗੇ। ਕਾਂਗਰਸ ਪਾਰਟੀ ਆਪਣੇ ਘੱਟੋ-ਘੱਟ 20 ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਕੱਟਣ ‘ਤੇ ਵਿਚਾਰ ਕਰ ਰਹੀ ਹੈ।

LEAVE A REPLY

Please enter your comment!
Please enter your name here