
ਚੰਡੀਗੜ੍ਹ, 6 ਜਨਵਰੀ(ਸਾਰਾ ਯਹਾਂ/ਬਿਊਰੋ ਨਿਊਜ਼):
ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ ਨਗਰ (ਮੁਹਾਲੀ) ਦੀ ਇੱਕ ਹੋਰ ਲੇਡੀ ਕੈਡਿਟ ਦੀ ਇੰਡੀਅਨ ਏਅਰ ਫੋਰਸ ਅਕੈਡਮੀ, ਡੁੰਡੀਗਲ ਵਿਖੇ ਪ੍ਰੀ-ਕਮਿਸ਼ਨ ਸਿਖਲਾਈ ਲਈ ਚੋਣ ਹੋ ਗਈ ਹੈ। ਦੱਸਣਯੋਗ ਹੈ ਕਿ ਅਕੈਡਮੀ ਵਿੱਚ ਕੋਰਸ ਦੀ ਸਿਖਲਾਈ ਜਨਵਰੀ 2024 ਤੋਂ ਸ਼ੁਰੂ ਹੋਵੇਗੀ।
ਪ੍ਰੀ-ਕਮਿਸ਼ਨ ਸਿਖਲਾਈ ਲਈ ਚੁਣੀ ਗਈ ਮਹਿਲਾ ਕੈਡਿਟ ਅਰਸ਼ਦੀਪ ਕੌਰ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਖਮਾਣੋਂ ਦੀ ਰਹਿਣ ਵਾਲੀ ਹੈ ਅਤੇ ਉਸ ਦੇ ਪਿਤਾ ਸ੍ਰੀ ਦਲਜਿੰਦਰ ਪਾਲ ਸਿੰਘ ਆਪਣਾ ਕਾਰੋਬਾਰ ਚਲਾਉਂਦੇ ਹਨ।
ਵੱਕਾਰੀ ਏਅਰ ਫੋਰਸ ਅਕੈਡਮੀ ਵਿੱਚ ਚੋਣ ਲਈ ਪੰਜਾਬ ਦੀ ਧੀ ਅਰਸ਼ਦੀਪ ਕੌਰ ਨੂੰ ਵਧਾਈ ਦਿੰਦਿਆਂ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਦੀਆਂ ਲੜਕੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਆਰਮਡ ਫੋਰਸਿਜ਼ ਵਿੱਚ ਕਮਿਸ਼ਨਡ ਅਫ਼ਸਰ ਬਣਨ ਦੇ ਯੋਗ ਬਣਾਉਣ ਸਬੰਧੀ ਵਚਨਬੱਧਤਾ ਨੂੰ ਦੁਹਰਾਇਆ।
ਇਸ ਮਹਿਲਾ ਕੈਡਿਟ ਦੀ ਚੋਣ ‘ਤੇ ਖ਼ੁਸ਼ੀ ਜ਼ਾਹਰ ਕਰਦਿਆਂ ਮਾਈ ਭਾਗੋ ਏ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏ.ਵੀ.ਐੱਸ.ਐੱਮ. (ਸੇਵਾਮੁਕਤ) ਨੇ ਰੱਖਿਆ ਸੇਵਾਵਾਂ ਵਿੱਚ ਉੱਜਵਲ ਭਵਿੱਖ ਲਈ ਮਹਿਲਾ ਕੈਡਿਟ ਅਰਸ਼ਦੀਪ ਕੌਰ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
