26 ਜਨਵਰੀ (ਸਾਰਾ ਯਹਾਂ/ਬਿਊਰੋ ਨਿਊਜ਼) ਗਿਆਨੀ ਹਰਪ੍ਰੀਤ ਸਿੰਘ ਨੇ ਸਪੱਸ਼ਟ ਕੀਤਾ ਕਿ ਉਹ ਪੰਥ (ਸਿੱਖ ਭਾਈਚਾਰੇ) ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਹੀ ਕੋਈ ਫੈਸਲਾ ਲੈਣਗੇ। ਗਿਆਨੀ ਹਰਪ੍ਰੀਤ ਸਿੰਘ ਦੇ ਇਨ੍ਹਾਂ ਬਿਆਨਾਂ ਨੇ ਸਿੱਖ ਭਾਈਚਾਰੇ ਵਿੱਚ ਚਰਚਾਵਾਂ ਨੂੰ ਜਨਮ ਦਿੱਤਾ ਹੈ।
28 ਜਨਵਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੁਲਾਈ ਗਈ ਮਹੱਤਵਪੂਰਨ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਇਸ ਪਿੱਛੇ ਸਭ ਤੋਂ ਵੱਡਾ ਕਾਰਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਰੁਝੇਵਿਆਂ ਭਰਿਆ ਸਮਾਂ-ਸਾਰਣੀ ਦੱਸਿਆ ਜਾ ਰਿਹਾ ਹੈ ਪਰ ਇਸ ਸਬੰਧੀ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ‘ਤੇ ਸਵਾਲ ਖੜ੍ਹੇ ਕੀਤੇ ਹਨ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਇਕੱਤਰਤਾ ਵਿੱਚ ਕੁਝ ਮਹੱਤਵਪੂਰਨ ਫੈਸਲੇ ਲਏ ਜਾਣੇ ਸਨ, ਪਰ ਇਕੱਤਰਤਾ ਮੁਲਤਵੀ ਕਰ ਦਿੱਤੀ ਗਈ। ਉਨ੍ਹਾਂ ਦੋਸ਼ ਲਾਇਆ ਕਿ ਉਨ੍ਹਾਂ ਦੇ ਖ਼ਿਲਾਫ਼ ਜਾਂਚ ਤੇਜ਼ ਕਰ ਦਿੱਤੀ ਗਈ ਹੈ। ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਕਰਮਚਾਰੀਆਂ ‘ਤੇ ਉਨ੍ਹਾਂ ਵਿਰੁੱਧ ਲਿਖਤੀ ਬਿਆਨ ਦੇਣ ਲਈ ਦਬਾਅ ਪਾਇਆ ਗਿਆ।
ਗਿਆਨੀ ਹਰਪ੍ਰੀਤ ਸਿੰਘ ਨੇ ਇੱਕ ਵਾਰ ਫਿਰ ਬਾਦਲ ਪਰਿਵਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਿਹੜੇ ਜਥੇਦਾਰ ਬਾਦਲ ਪਰਿਵਾਰ ਦੇ ਨਿਰਦੇਸ਼ਾਂ ‘ਤੇ ਚੱਲਦੇ ਹਨ ਤੇ ਉਨ੍ਹਾਂ ਦੇ ਘਰ ਜਾ ਕੇ ਫੈਸਲੇ ਲੈਂਦੇ ਹਨ, ਉਹ ਕਰੋੜਾਂ ਦਾ ਕਾਰੋਬਾਰ ਕਰ ਰਹੇ ਹਨ। ਇਸ ਨਾਲ ਉਨ੍ਹਾਂ ਨੂੰ ਕੋਈ ਫ਼ਰਕ ਨਹੀਂ ਪੈਂਦਾ, ਪਰ ਜਿਹੜੇ ਜਥੇਦਾਰ ਉਨ੍ਹਾਂ ਦੇ ਹੁਕਮਾਂ ਦੀ ਪਾਲਣਾ ਨਹੀਂ ਕਰਦੇ, ਉਨ੍ਹਾਂ ਦੀ ਰੋਜ਼ੀ-ਰੋਟੀ ‘ਤੇ ਵੀ ਸਵਾਲ ਉਠਾਏ ਜਾਂਦੇ ਹਨ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਹੁਣ ਬਹੁਤ ਤੇਜ਼ੀ ਦੇ ਨਾਲ ਮੇਰੇ ਖ਼ਿਲਾਫ਼ ਪੜਤਾਲ ਨੂੰ ਅੱਗੇ ਵਧਾਇਆ ਜਾਵੇਗਾ ਤੇ ਆਉਣ ਵਾਲੇ ਕੁਝ ਦਿਨਾਂ ਵਿਚ ਐਗਜ਼ੈਕਟਿਵ ਕਮੇਟੀ ਦੀ ਮੀਟਿੰਗ ਸੱਦ ਕੇ ਮੇਰੀਆਂ ਸੇਵਾਵਾਂ ਖ਼ਤਮ ਕੀਤੀਆਂ ਜਾਣਗੀਆਂ। ਉਸ ਤੋਂ ਬਾਅਦ 5 ਸਿੰਘ ਸਾਹਿਬਾਨ ਦੀ ਮੀਟਿੰਗ ਹੋਵੇਗੀ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ “ਜਲਦੀ ਕਰੋ, ਮੇਰੇ ‘ਤੇ ਦੋਸ਼ ਲਾਓ, ਮੈਨੂੰ ਬਾਹਰ ਕੱਢੋ, ਮੇਰੀਆਂ ਸੇਵਾਵਾਂ ਖ਼ਤਮ ਕਰੋ। ਫ਼ਿਰ ਉਸ ਤੋਂ ਬਾਅਦ ਮੈਂ ਆਪਣੇ ਪੰਥ ਅਤੇ ਕੌਮ ਦੇ ਸਹਿਯੋਗ ਨਾਲ ਆਪਣੇ ਖ਼ਿਲਾਫ਼ ਸਿਰਜੇ ਨੈਰੇਟਿਵ ਦਾ ਜਵਾਬ ਦੇਣ ਦਾ ਯਤਨ ਜ਼ਰੂਰ ਕਰਾਂਗਾ।”