
ਮਾਨਸਾ, 06 ਦਸੰਬਰ :(ਸਾਰਾ ਯਹਾਂ/ਮੁੱਖ ਸੰਪਾਦਕ):ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਅਮਨ-ਕਾਨੂੰਨ ਬਣਾਏ ਰੱਖਣ ਲਈ ਜਨਤਕ ਥਾਵਾਂ ’ਤੇ ਜਲੂਸ ਕੱਢਣ, ਨਾਅਰੇ ਲਗਾਉਣ, ਭੜਕਾਊ ਪ੍ਰਚਾਰ ਕਰਨ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਗੰਡਾਸੇ, ਤੇਜ਼ਦਾਰ ਟਕੂਏ, ਕੁਲਹਾੜੀਆਂ, ਵਿਸਫੋਟਕ ਸਮੱਗਰੀ ਅਤੇ ਹੋਰ ਘਾਤਕ ਹਥਿਆਰ ਜਾਂ ਅਸਲਾ ਚੁੱਕਣ ’ਤੇ ਪਾਬੰਦੀ ਲਗਾਈ ਹੈ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਵੱਖ-ਵੱਖ ਜੱਥੇਬੰਦੀਆਂ ਜਾਂ ਆਮ ਵਿਅਕਤੀਆਂ ਵੱਲੋਂ ਰੋਸ ਪ੍ਰਦਰਸ਼ਨ ਦਾ ਸੱਦਾ ਦਿੱਤਾ ਜਾਂਦਾ ਹੈ ਜਿਸ ਨਾਲ ਆਵਾਜਾਈ ਵਿੱਚ ਵਿਘਨ ਪੈਣ ਅਤੇ ਆਮ ਜੀਵਨ ਅਸਤ-ਵਿਅਸਥ ਹੋਣ ਦਾ ਡਰ ਰਹਿੰਦਾ ਹੈ। ਇਸ ਤਰ੍ਹਾਂ ਜਨਤਕ ਸ਼ਾਂਤੀ ਭੰਗ ਹੋਣ ਨਾਲ ਸਰਕਾਰੀ ਅਤੇ ਨਿੱਜੀ ਜਾਇਦਾਦ ਦੇ ਨੁਕਸਾਨ ਹੋਣ ਦਾ ਵੀ ਅੰਦੇਸ਼ਾ ਰਹਿੰਦਾ ਹੈੇ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਹੁਕਮ ਵਿੱਚ ਕਿਹਾ ਕਿ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੀ ਇਕੱਤਰਤਾ ਸਬੰਧੀ ਹੁਕਮ ਸੁਰੱਖਿਆ ਅਮਲੇ/ਡਿਊਟੀ ’ਤੇ ਤਾਇਨਾਤ ਪੁਲਿਸ ਅਮਲੇ ’ਤੇ, ਸਰਕਾਰੀ ਫ਼ੰਕਸ਼ਨਾਂ/ਵਿਆਹ ਸ਼ਾਦੀਆਂ ’ਤੇ, ਧਾਰਮਿਕ /ਮਾਤਮੀ ਸਮਾਰੋਹਾਂ ਅਤੇ ਸਕੂਲ/ਕਾਲਜਾਂ ਵਿੱਚ ਪੜ੍ਹਾਈ ਲਈ ਬੱਚਿਆਂ ਦੇ ਇਕੱਠ ’ਤੇ ਲਾਗੂ ਨਹੀਂ ਹੋਵੇਗਾ।
ਇਹ ਹੁਕਮ 31 ਜਨਵਰੀ 2025 ਤੱਕ ਲਾਗੂ ਰਹੇਗਾ।
