*ਜਨਤਕ ਸਥਾਨਾਂ ‘ਤੇ ਤੰਬਾਕੂਨੋਸ਼ੀ ਕਰਨ ਵਾਲਿਆਂ ਦੇ ਕੱਟੇ ਜਾਣ ਚਲਾਨ:- ਡਾ.ਰਿਚਾ ਭਾਟੀਆ*

0
31

ਫਗਵਾੜਾ 26 ਸਤੰਬਰ (ਸਾਰਾ ਯਹਾਂ/ਸ਼ਿਵ ਕੋੜਾ) ਸਿਵਲ ਸਰਜਨ ਕਪੂਰਥਲਾ ਡਾ. ਰਿਚਾ ਭਾਟੀਆ ਜੀ ਦੀ ਅਗਵਾਈ ਹੇਠ ਅੱਜ ਤੰਬਾਕੂ ਕੰਟਰੋਲ ਪ੍ਰੋਗਰਾਮ ਤਹਿਤ ਕੀਤੀ ਜਾ ਰਹੀਆਂ ਗਤੀਵਿਧੀਆਂ ਦੀ ਸਮੀਖਿਆ ਕਰਨ ਲਈ ਇਕ ਅਹਿਮ ਮੀਟਿੰਗ ਸੱਦੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਡਾਕਟਰ ਰਿਚਾ ਭਾਟੀਆ ਨੇ ਹਦਾਇਤ ਕਰਦੇ ਹੋਏ ਕਿਹਾ ਕਿ ਸਕੂਲਾਂ ਤੇ ਕਾਲਜਾਂ ਦੇ ਆਲੇ ਦੁਆਲੇ ਦੀਆਂ ਦੁਕਾਨਾਂ ਦੇ ਤੰਬਾਕੂ ਨੋਸ਼ੀ ਕਰਨ ਅਤੇ ਵੇਚਣ ਵਾਲਿਆਂ ਦੇ ਸਖ਼ਤੀ ਨਾਲ ਚਲਾਨ ਕੱਟੇ ਜਾਣ ਅਤੇ ਨੌਜਵਾਨ ਪੀੜ੍ਹੀ ਨੂੰ ਤੰਬਾਕੂਨੋਸ਼ੀ ਦੇ ਦੂਸ਼ਪ੍ਰਭਾਵਾਂ ਬਾਰੇ ਵੀ ਜਾਗਰੂਕ ਕੀਤਾ ਜਾਵੇ। ਮੀਟਿੰਗ ਦੌਰਾਨ ਡੀ.ਐਚ.ਓ ਡਾ. ਰਾਜੀਵ ਪਰਾਸ਼ਰਨ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਜ਼ਿਲੇ ਵਿਚ ਸਰਵਜਨਿਕ ਸਥਾਨਾਂ ‘ਤੇ ਤੰਬਾਕੂਨੋਸ਼ੀ ਕਰਨ ਵਾਲੇ ਵਿਅਕਤੀਆਂ ਦੇ ਚਲਾਨ ਕੱਟੇ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਕਪੂਰਥਲਾ ਵਿਖੇ ਸਿਹਤ ਵਿਭਾਗ ਦੀ ਟੀਮ ਨੇ ਅਗਸਤ ਤੋਂ ਹੁਣ ਤੱਕ ਚੈਕਿੰਗ ਦੌਰਾਨ ਸਰਵਜਨਿਕ ਸਥਾਨਾਂ ‘ਤੇ ਤੰਬਾਕੂਨੋਸ਼ੀ ਕਰਨ ਵਾਲੇ 83 ਵਿਅਕਤੀਆਂ ਦੇ ਚਲਾਨ ਕੱਟੇ ਅਤੇ ਦੁਕਾਨਦਾਰਾਂ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਨੇ ਅਠਾਰਾਂ ਸਾਲ ਤੋਂ ਘੱਟ ਦੇ  ਵਿਅਕਤੀ ਨੂੰ ਤੰਬਾਕੂ ਉਤਪਾਦਾਂ ਦੀ ਵਿਕਰੀ ਕੀਤੀ ਤਾਂ ਉਨ੍ਹਾਂ ‘ਤੇ ਸਖਤ ਕਾਰਵਾਈ ਕੀਤੀ ਜਾਵੇਗੀ। ਮੀਟਿੰਗ ਉਪਰੰਤ ਸਿਵਲ ਸਰਜਨ ਡਾਕਟਰ ਰਿਚਾ ਭਾਟੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਤੰਬਾਕੂ ਨਾਲ ਗਲੇ ਦਾ ਕੈਂਸਰ, ਮੂੰਹ ਦਾ ਕੈਂਸਰ, ਸਾਹ ਨਾਲ ਸਬੰਧਤ ਤੇ ਹੋਰ ਭਿਆਨਕ ਬੀਮਾਰੀਆਂ ਲੱਗਣ ਦਾ ਖਤਰਾ ਵੱਧ ਜਾਦਾ ਹੈ। ਇਸ ਲਈ ਸਾਨੂੰ ਤੰਬਾਕੂ ਉਤਪਾਦਾਂ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਨੇ ਲੋਕਾਂ ਨੂੰ ਤੰਬਾਕੂਨੋਸ਼ੀ ਕਾਰਨ ਹੋਣ‌ ਵਾਲੀਆਂ ਬਿਮਾਰੀਆਂ ਪ੍ਰਤੀ ਜਾਗਰੂਕ ਕਰਨ ਲਈ ਮੁਹਿੰਮ ਵਿੱਢ ਹੋਈ ਹੈ। ਇਸ ਤਹਿਤ ਸਰਵਜਨਿਕ ਸਥਾਨਾਂ ‘ਤੇ ਤੰਬਾਕੂਨੋਸ਼ੀ ਕਰਨ ਵਾਲਿਆਂ ਦੇ ਚਲਾਨ ਕੱਟੇ ਜਾ ਰਹੇ ਹਨ ਅਤੇ ਨਾਲ ਹੀ ਉਨ੍ਹਾਂ ਨੂੰ ਤੰਬਾਕੂਨੋਸ਼ੀ ਛੱਡਣ ਪ੍ਰਤੀ ਜਾਗਰੂਕ ਵੀ ਕੀਤਾ ਜਾ ਰਿਹਾ। ਇਸ ਮੌਕੇ ਡਿਪਟੀ ਮਾਸ ਮੀਡੀਆ ਅਫ਼ਸਰ ਸ਼ਰਨਦੀਪ ਸਿੰਘ, ਸੁਖਦਿਆਲ ਸਿੰਘ,ਬੀਈਈ ਰਵਿੰਦਰ ਜੱਸਲ ਅਤੇ ਹੋਰ ਸਟਾਫ ਮੈਂਬਰ ਹਾਜ਼ਰ ਸਨ।

NO COMMENTS