ਮਾਨਸਾ, 23 ਮਈ (ਸਾਰਾ ਯਹਾਂ/ ਮੁੱਖ ਸੰਪਾਦਕ ): ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਸਰਕਾਰ ਵੱਲੋਂ ਚਲਾਈਆਂ ਜਾਂਦੀਆਂ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਪਹੰੁਚਾਉਣ ਲਈ ਸਿਹਤ ਮੰਤਰੀ ਪੰਜਾਬ ਡਾ. ਵਿਜੈ ਸਿੰਗਲਾ ਦੀਆਂ ਹਦਾਇਤਾਂ ਅਨੁਸਾਰ ਸਿਹਤ ਵਿਭਾਗ ਵੱਲੋਂ ਹਰ ਉਪਰਾਲੇ ਕੀਤੇ ਜਾ ਰਹੇ ਹਨ। ਲੋੜਵੰਦਾਂ ਨੂੰ ਸਿਹਤ ਸਹੂਲਤਾਂ ਦਾ ਲਾਭ ਦੇਣ ਲਈ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਸਮੇਂ-ਸਮੇਂ ’ਤੇ ਵੱਖ-ਵੱਖ ਸਕੀਮਾਂ ਸਕੀਮਾਂ ਚਲਾਈਆਂ ਜਾਂਦੀਆਂ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਗਰਭਵਤੀ ਔਰਤਾਂ ਅਤੇ ਬੱਚਿਆਂ ਲਈ ਜਨਨੀ ਸ਼ਿਸ਼ੂ ਸੁਰੱਖਿਆ ਕਾਰਿਆਕਰਮ (ਜੇ.ਐਸ.ਐੱਸ.ਕੇ.) ਸਕੀਮ ਇਕ ਮਹੱਤਵਪੂਰਨ ਸਕੀਮ ਦੇ ਤੌਰ ’ਤੇ ਸਿੱਧ ਹੋਈ ਹੈ। ਉਨਾਂ ਕਿਹਾ ਕਿ ਲੋਕਾਂ ਨੂੰ ਪ੍ਰਾਈਵੇਟ ਅਤੇ ਮਹਿੰਗੇ ਇਲਾਜ਼ ਦੀ ਬਜਾਏ ਸਰਕਾਰੀ ਸਿਹਤ ਸੰਸਥਾਵਾਂ ਤੋਂ ਇਲਾਜ਼ ਕਰਵਾਉਣਾ ਚਾਹੀਦਾ ਹੈ ਅਤੇ ਇਨਾਂ ਸਕੀਮਾਂ ਦਾ ਲਾਭ ਲੈਣਾ ਚਾਹੀਦਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਕੀਮ ਤਹਿਤ ਮਹੀਨਾ ਮਾਰਚ 2022 ਦੌਰਾਨ 311 ਮਾਵਾਂ ਅਤੇ ਅਪ੍ਰੈਲ 2022 ਦੌਰਾਨ 295 ਮਾਵਾਂ ਦੇ ਇਲਾਜ਼ ਕਰਵਾਉਣ ’ਤੇ 03 ਲੱਖ 43 ਹਜ਼ਾਰ 664 ਰੁਪਏ ਅਤੇ 291 ਮਾਵਾਂ ਦੀ ਸੰਤੁਲਿਤ ਖੁਰਾਕ ’ਤੇ 52 ਹਜ਼ਾਰ 255 ਰੁਪਏ ਦੀ ਰਾਸ਼ੀ ਖਰਚ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਸ਼੍ਰੀ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਇਨਾਂ ਸਕੀਮਾਂ ਦਾ ਮੁੱਖ ਮੰਤਵ ਗਰਭਵਤੀ ਮਾਵਾਂ ਅਤੇ ਨਵਜੰਮੇ ਬੱਚਿਆਂ ਦੀ ਮੌਤ ਦਰ ਨੂੰ ਰੋਕਣਾ ਹੈ। ਉਨਾਂ ਦੱਸਿਆ ਕਿ ਇਸ ਸਕੀਮ ਤਹਿਤ ਸਾਰੀਆਂ ਗਰਭਵਤੀ ਔਰਤਾਂ ਨੂੰ ਮੁਫਤ ਡਾਇਆਗਨੋਸਟਿਕਸ, ਮੁਫ਼ਤ ਦਵਾਈਆਂ, ਮੁਫ਼ਤ ਖੁਰਾਕ ਅਤੇ ਘਰ ਤੋਂ ਹਸਪਤਾਲ ਅਤੇ ਹਸਪਤਾਲ ਤੋਂ ਘਰ ਤੱਕ 108 ਐਂਬੂਲੈਂਸ ਰਾਹੀਂ ਭੇਜਣ ਦੀ ਸਹੂਲਤ ਬਿਲਕੁਲ ਮੁਫ਼ਤ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਨਾਰਮਲ ਜਣੇਪੇ ਦੌਰਾਨ 3 ਦਿਨ ਅਤੇ ਸਜ਼ੇਰੀਅਨ ਦੋਰਾਨ 7 ਦਿਨ ਦਾ ਖਾਣਾ ਬਿਲਕੁਲ ਮੁਫ਼ਤ ਦਿੱਤਾ ਜਾਂਦਾ ਹੈ।
ਉਨਾਂ ਦੱਸਿਆ ਕਿ ਇਸ ਸਕੀਮ ਤਹਿਤ 0 ਤੋਂ 1 ਸਾਲ ਤੱਕ ਦੇ ਬੱਚਿਆਂ ਨੂੰ ਮੁਫਤ ਦਵਾਈਆਂ ਅਤੇ ਮੁਫਤ ਟੈਸਟ ਵੀ ਕੀਤੇ ਜਾਂਦੇ ਹਨ। ਇਸ ਸਕੀਮ ਤਹਿਤ ਇਨਾਂ ਗਰਭਵਤੀ ਮਾਵਾਂ ਅਤੇ ਬੱਚਿਆਂ ਨੂੰ ਲੋੜੀਂਦੀ ਦਵਾਈ ਜਾਂ ਟੈਸਟ ਸਰਕਾਰੀ ਹਸਪਤਾਲ ਵਿਚ ਨਾ ਉਪਲੱਬਧ ਹੋਣ ਦੀ ਸੂਰਤ ਵਿੱਚ ਪ੍ਰਾਈਵੇਟ ਤੌਰ ’ਤੇ ਦਵਾਈ ਖ਼ਰੀਦ ਕੇ ਟੈਸਟ ਕਰਵਾ ਕੇ ਉਸ ਦਾ ਤੁਰੰਤ ਭੁਗਤਾਨ ਕੀਤਾ ਜਾਂਦਾ ਹੈ।