
ਬੋਹਾ/ਮਲਕੋਂ, 30 ਜਨਵਰੀ: (ਸਾਰਾ ਯਹਾਂ/ਮੁੱਖ ਸੰਪਾਦਕ)
ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਸਰਕਾਰੀ ਵਿਭਾਗਾਂ ਨਾਲ ਸਬੰਧਤ ਕੰਮਾਂ ਨੂੰ ਸੁਖਾਲਾ ਕਰਨ ਲਈ ‘ਜਨ ਸੁਣਵਾਈ ਕੈਂਪ’ ਲਗਾਉਣ ਦੀ ਨਿਵੇਕਲੀ ਸ਼ੁਰੂਆਤ ਕੀਤੀ ਗਈ ਹੈ। ਇਸੇ ਲੜੀ ਤਹਿਤ ਵਿਧਾਇਕ ਬੁਢਲਾਡਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਪ੍ਰਿੰਸੀਪਲ ਸ੍ਰ ਬੁੱਧ ਰਾਮ ਦੀ ਅਗਵਾਈ ਹੇਠ ਸਬ ਡਵੀਜ਼ਨ ਬੁਢਲਾਡਾ ’ਚ ਪਿੰਡ ਮਲਕੋਂ ਵਿਖੇ ਜਨ ਸੁਣਵਾਈ ਕੈਂਪ ਲਗਾ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਗਿਆ।
ਇਹ ਜਾਣਕਾਰੀ ਦਿੰਦਿਆਂ ਚੇਅਰਮੈਨ ਮਾਰਕਿਟ ਕਮੇਟੀ ਬੋਹਾ ਸ੍ਰ ਰਣਜੀਤ ਸਿੰਘ ਫਰੀਦਕੇ ਨੇ ਕਿਹਾ ਕਿ ਜਨ ਸੁਣਵਾਈ ਕੈਂਪਾਂ ਰਾਹੀਂ ਦੂਰ ਦੁਰਾਡੇ ਵੱਸਦੇ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਤੱਕ ਜਾਣ ਤੋਂ ਨਿਜਾਤ ਮਿਲੇਗੀ ਅਤੇ ਉਹ ਆਪਣੇ ਕੰਮ ਸੁਖਾਲੇ ਅਤੇ ਸਮਾਂਬੱਧ ਢੰਗ ਨਾਲ ਕਰਵਾ ਸਕਣਗੇ।
ਐੱਸ.ਡੀ.ਐੱਮ. ਬੁਢਲਾਡਾ ਸ੍ਰ ਗਗਨਦੀਪ ਸਿੰਘ ਨੇ ਦੱਸਿਆ ਕਿ ਕੈਂਪ ਵਿਚ ਆਏ ਲੋਕਾਂ ਲਈ ਪੁੱਛ ਗਿੱਛ ਕਾਊਂਟਰ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਹੋਰ ਕਾਊਂਟਰ ਲਗਾਏ ਗਏ ਜਿੱਥੇ ਲੋਕਾਂ ਨੇ ਆਪਣੇ ਕੰਮਕਾਜ ਸਬੰਧੀ ਦਰਖ਼ਾਸਤਾਂ ਪੇਸ਼ ਕੀਤੀਆਂ। ਉਨ੍ਹਾਂ ਕਿਹਾ ਕਿ ਯੋਗ ਦਰਖ਼ਾਸਤਾਂ ਦਾ ਮੌਕੇ ’ਤੇ ਹੀ ਨਿਪਟਾਰਾ ਕਰ ਦਿੱਤਾ ਗਿਆ ਅਤੇ ਜਿੰਨ੍ਹਾਂ ਦਰਖ਼ਾਸਤਾਂ ਦਾ ਮੌਕੇ ’ਤੇ ਨਿਪਟਾਰਾ ਸੰਭਵ ਨਹੀਂ ਸੀ ਉਹ ਸਬੰਧਤ ਅਧਿਕਾਰੀਆਂ ਨੂੰ ਸੌਂਪੀਆਂ ਗਈਆਂ ਹਨ ਤਾਂ ਜੋ ਇੰਨ੍ਹਾਂ ਦਰਖ਼ਾਸਤਾਂ ਦਾ ਸਮਾਂਬੱਧ ਨਿਪਟਾਰਾ ਕੀਤਾ ਜਾ ਸਕੇ।
ਇਸ ਮੌਕੇ ਨੋਡਲ ਅਫ਼ਸਰ ਸੁਖਜਿੰਦਰ ਸਿੰਘ ਟਿਵਾਣਾ ਨੇ ਕੈਂਪ ਵਿੱਚ ਪਹੁੰਚੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਜੀ ਆਇਆਂ ਨੂੰ ਕਿਹਾ। ਇਸ ਮੌਕੇ ਸੋਹਣਾ ਸਿੰਘ ਕਲੀਪੁਰ ਨੇ ਸੈਂਟਰਲ ਕੋਆਪਰੇਟਿਵ ਬੈਂਕ ਦੀਆਂ ਸਕੀਮਾਂ ਬਾਰੇ ਹਾਜ਼ਰ ਲੋਕਾਂ ਨਾਲ ਜਾਣਕਾਰੀ ਸਾਂਝੀ ਕੀਤੀ।
ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਰਾਜਵਿੰਦਰ ਸਿੰਘ ਸਵੈਚ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਮੇਸ਼ਾ ਹੀ ਲੋਕ ਭਲਾਈ ਲਈ ਨਿਵੇਕਲੇ ਕਾਰਜ ਉਲੀਕੇ ਜਾਂਦੇ ਹਨ। ਜਨ ਸੁਣਵਾਈ ਕੈਂਪ ਵੀ ਪੰਜਾਬ ਸਰਕਾਰ ਦੀ ਅਹਿਮ ਪਹਿਲਕਦਮੀ ਹੈ ਜਿਸ ਨਾਲ ਲੋਕਾਂ ਨੂੰ ਸਰਕਾਰੀ ਕੰਮਕਾਜ ਕਰਵਾਉਣ ’ਚ ਰਾਹਤ ਮਿਲੇਗੀ।
ਧਰਮਿੰਦਰ ਸਿੰਘ ਮਲਕੋਂ ਨੇ ਕੈਂਪ ਵਿੱਚ ਹਾਜ਼ਰ ਮੁਲਾਜ਼ਮਾਂ ਦਾ ਧੰਨਵਾਦ ਕੀਤਾ। ਕੈਂਪ ਵਿੱਚ ਆ ਕੇ ਲਾਭ ਪ੍ਰਾਪਤ ਕਰਨ ਵਾਲੇ ਵਿਅਕਤੀਆਂ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਦਾ ਵਿਸ਼ੇਸ਼ ਧੰਨਵਾਦ ਕੀਤਾ। ਇਸ ਮੌਕੇ ਗੁਰਦਰਸ਼ਨ ਪਟਵਾਰੀ, ਨਗਰ ਪੰਚਾਇਤ ਬੋਹਾ ਦੇ ਪ੍ਰਧਾਨ ਕਮਲਦੀਪ ਸਿੰਘ ਬਾਵਾ, ਚੇਅਰਮੈਨ ਰਣਜੀਤ ਸਿੰਘ, ਚੇਅਰਮੈਨ ਸੋਹਣਾ ਸਿੰਘ ਕਲੀਪੁਰ, ਬਲਾਕ ਪ੍ਰਧਾਨ ਕੁਲਵੰਤ ਸਿੰਘ ਸ਼ੇਰਖਾਵਾਲਾ, ਬਲਾਕ ਪ੍ਰਧਾਨ ਦਰਸ਼ਨ ਘਾਰੂ, ਨੈਬ ਸਿੰਘ ਟਰੱਕ ਯੂਨੀਅਨ ਪ੍ਰਧਾਨ ਬੋਹਾ ਮੌਜੂਦ ਸਨ।
