
ਚੰਡੀਗੜ•, 17 ਅਪ੍ਰੈਲ(ਸਾਰਾ ਯਹਾ, ਬਲਜੀਤ ਸ਼ਰਮਾ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਪੀਲ ‘ਤੇ ਅਮਲ ਕਰਦਿਆਂ, ਪੰਜਾਬ ਸ਼ਹਿਰੀ ਵਿਕਾਸ ਅਥਾਰਟੀ (ਪੁੱਡਾ), ਡਾਇਰੈਕਟੋਰੇਟ ਆਫ਼ ਟਾਊਨ ਐਂਡ ਕੰਟਰੀ ਪਲਾਨਿੰਗ ਅਤੇ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਰਾਹਤ ਫੰਡ ਲਈ 2 ਕਰੋੜ 10 ਲੱਖ 70 ਹਜ਼ਾਰ ਰੁਪਏ ਦਾ ਯੋਗਦਾਨ ਦਿੱਤਾ ਗਿਆ ਹੈ।
ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਮਹਾਮਾਰੀ ਨਾਲ ਲੜਨ ਲਈ ਪੁੱਡਾ ਦੇ ਅਧਿਕਾਰੀਆਂ/ਕਰਮਚਾਰੀਆਂ ਨੇ 45.50 ਲੱਖ ਰੁਪਏ ਅਤੇ ਟਾਊਨ ਐਂਡ ਕੰਟਰੀ ਪਲਾਨਿੰਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ 5.20 ਲੱਖ ਰੁਪਏ ਸੂਬਾ ਸਰਕਾਰ ਦੀ ਸਹਾਇਤਾ ਲਈ ਦਿੱਤੇ ਗਏ ਹਨ।
ਬੁਲਾਰੇ ਨੇ ਅੱਗੇ ਦੱਸਿਆ ਕਿ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨੇ ਕੋਰੋਨਾਵਾਇਰਸ ਨਾਲ ਲੜਨ ਲਈ 1.60 ਕਰੋੜ ਰੁਪਏ ਸਹਾਇਤਾ ਵਜੋਂ ਦਿੱਤੇ ਹਨ। ਜ਼ਿਕਰਯੋਗ ਹੈ ਕਿ ਇਹਨਾਂ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਨੇ ਇਹ ਯੋਗਦਾਨ ਆਪਣੀ ਤਨਖਾਹ ਵਿੱਚੋਂ ਦਿੱਤਾ ਹੈ।
ਘਰ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਜਲ ਸਰੋਤ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਮਾਰੂ ਵਾਇਰਸ ਵਿਰੁੱਧ ਲੜਨ ਲਈ ਅੱਗੇ ਆਉਣ ਲਈ ਅਧਿਕਾਰੀਆਂ/ਕਰਮਚਾਰੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਸੰਕਟ ਸਮੇਂ ਇਹਨਾਂ ਅਧਿਕਾਰੀਆਂ/ਕਰਮਚਾਰੀਆਂ ਦਾ ਸੂਬੇ ਦੇ ਲੋਕਾਂ ਨਾਲ ਇਕਜੁੱਟਤਾ ਦਰਸਾਉਣਾ ਇੱਕ ਚੰਗਾ ਸੰਕੇਤ ਹੈ। ਉਹਨਾਂ ਕਿਹਾ ਕਿ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਏ ਵੇਨੂੰ ਪ੍ਰਸ਼ਾਦ ਅਤੇ ਮਕਾਨ ਉਸਾਰੀ ਵਿਭਾਗ ਦੇ ਪ੍ਰਮੁੱਖ ਸਕੱਤਰ ਸਰਵਜੀਤ ਸਿੰਘ ਵੱਲੋਂ ਆਪਣੇ ਸਾਰੇ ਸਟਾਫ਼ ਮੈਂਬਰਾਂ ਦੀ ਸਹਾਇਤਾ ਨਾਲ ਪਾਇਆ ਇਹ ਯੋਗਦਾਨ ਕਾਬਲ-ਏ-ਤਾਰਿਫ਼ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਰਾਹਤ ਫੰਡ ਲਈ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ, ਸਿਆਸੀ ਆਗੂਆਂ ਅਤੇ ਹੋਰ ਸਾਰੇ ਖੇਤਰਾਂ ਨਾਲ ਸਬੰਧਤ ਲੋਕਾਂ ਦਾ ਵੱਡੇ ਪੱਧਰ ‘ਤੇ ਸਮਰਥਨ ਮਿਲ ਰਿਹਾ ਹੈ।
