ਮਾਨਸਾ, 18 ਮਾਰਚ:(ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ)
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਕਰਦਿਆਂ ਕਿਹਾ ਕਿ ਉਹ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਲੱਗੇ ਆਦਰਸ਼ ਚੋਣ ਜ਼ਾਬਤੇ ਦੀ ਇੰਨ-ਬਿੰਨ ਪਾਲਣਾ ਕਰਨ ਅਤੇ ਚੋਣਾਂ ਨੂੰ ਸਫਲਤਾਪੂਰਵਕ ਨੇਪਰੇ ਚੜ੍ਹਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਦੇਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ ਵੀ ਮੌਜੂਦ ਸਨ।
ਉਨ੍ਹਾਂ ਦੱਸਿਆ ਕਿ ਚੋਣਾਂ ਦੌਰਾਨ ਰਾਜਸੀ ਪਾਰਟੀਆਂ/ਉਮੀਦਵਾਰਾਂ ਨੂੰ ਚੋਣ ਪ੍ਰਚਾਰ ਸਬੰਧੀ ਵੱਖ-ਵੱਖ ਕਿਸਮਾਂ ਦੀਆਂ ਪ੍ਰਵਾਨਗੀਆਂ ਦਿੱਤੀਆਂ ਜਾਣੀਆਂ ਹਨ। ਉਨ੍ਹਾਂ ਦੱਸਿਆ ਕਿ ਰਾਜਸੀ ਪਾਰਟੀਆਂ/ਉਮੀਦਵਾਰਾਂ ਵੱਲੋਂ ਚੋਣਾਂ ਦੌਰਾਨ ਅਖ਼ਬਾਰਾਂ, ਟੀ.ਵੀ.ਚੈਨਲਾਂ, ਸੋਸ਼ਲ ਮੀਡੀਆ ’ਤੇ ਲੱਗਣ ਵਾਲੇ ਇਸ਼ਤਿਹਾਰ ਤੇ ਪੇਡ ਨਿਊਜ਼ ਨੂੰ ਬਾਰੀਕੀ ਨਾਲ ਵਾਚਣ ਲਈ ਜ਼ਿਲ੍ਹਾ ਪੱਧਰ ’ਤੇ ਮੀਡੀਆ ਸਰਟੀਫਿਕੇਸ਼ਨ ਐਂਡ ਮੋਨੀਟਰਿੰਗ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ਵਿਚ ਲਗਾਤਾਰ ਪਾਰਟੀ/ਉਮੀਦਵਾਰਾਂ ਵੱਲੋਂ ਛਪਵਾਏ ਜਾਣ ਵਾਲੇ ਪ੍ਰਿੰਟ, ਇਲੈੱਕਟ੍ਰਾਨਿਕ ਤੇ ਸੋਸ਼ਲ ਮੀਡੀਆ ਵਿਚ ਦਿੱਤੇ ਜਾਂਦੇ ਇਸ਼ਤਿਹਾਰਾਂ ’ਤੇ ਸ਼ੱਕੀ ਪੇਡ ਨਿਊਜ਼ ਦਾ ਨਿਰੀਖਣ ਕੀਤਾ ਜਾਵੇਗਾ। ਇਸ ਤੋਂ ਇਲਾਵਾ ਰਾਜਨੀਤਿਕ ਪਾਰਟੀਆਂ ਦੇ ਨੁੰਮਾਇੰਦੇਆਂ ਨੂੰ ਚੋਣ ਖਰਚੇ ਬਾਰੇ ਵਿਸਥਾਰ ਜਾਣਕਾਰੀ ਦਿੱਤੀ ਗਈ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਚੋਣਾਂ ਨਾਲ ਸਬੰਧਿਤ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਅਤੇ ਸ਼ਿਕਾਇਤ ਆਦਿ ਦਰਜ਼ ਕਰਵਾਉਣ ਲਈ ਜ਼ਿਲ੍ਹਾ ਪੱਧਰੀ ਕਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ। ਕੰਟਰੋਲ ਰੂਮ ਦਾ ਨੰਬਰ 01652-292253 ਹੈ, ਇਸ ਨੰਬਰ ’ਤੇ ਚੋਣ ਜ਼ਾਬਤੇ ਦੀ ਉਲੰਘਣਾਂ ਸਬੰਧੀ ਕੋਈ ਵੀ ਸ਼ਿਕਾਇਤ ਜਾਂ ਚੋਣਾਂ ਸਬੰਧੀ ਕੋਈ ਜਾਣਕਾਰੀ ਲੈਣ ਲਈ ਫੋਨ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਸੀ-ਵਿਜਲ ਐਪ ’ਤੇ ਵੀ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ ਅਤੇ ਵੋਟਰ ਹੈਲਪਲਾਈਨ ਨੰਬਰ 1950 ’ਤੇ ਚੋਣਾਂ ਸਬੰਧੀ ਜਾਣਕਾਰੀ ਲਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਚੋਣ ਜ਼ਾਬਤੇ ਦੀ ਉਲੰਘਣਾਂ ਨੂੰ ਲੈ ਕੇ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ’ਤੇ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕਾਰਵਾਈ ਕਰਨ ਲਈ ਪਾਬੰਦ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਚੋਣ ਕਮਿਸ਼ਨਰ ਵੱਲੋਂ 7 ਮਈ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ ਜਿਸ ਤੋਂ ਬਾਅਦ 14 ਮਈ ਤੱਕ ਨਾਮਜ਼ਦਗੀ ਦਾਇਰ ਕਰਨ ਦੀ ਅੰਤਿਮ ਮਿਤੀ ਹੋਵੇਗੀ। ਉਨ੍ਹਾਂ ਦੱਸਿਆ ਕਿ 15 ਮਈ ਨੂੰ ਨਾਮਜ਼ਦਗੀਆਂ ਦੀ ਜਾਂਚ-ਪੜਤਾਲ ਕੀਤੀ ਜਾਵੇਗੀ ਅਤੇ 17 ਮਈ ਨੂੰ ਉਮੀਦਵਾਰੀ ਵਾਪਸ ਲੈਣ ਦੀ ਅੰਤਿਮ ਮਿਤੀ ਹੋਵੇਗੀ। ਉਨ੍ਹਾਂ ਦੱਸਿਆ ਕਿ 01 ਜੂਨ ਨੂੰ ਵੋਟਾਂ ਪੈਣਗੀਆਂ ਅਤੇ 04 ਜੂਨ ਨੂੰ ਵੋਟਾਂ ਦੀ ਗਿਣਤੀ ਹੋਵੇਗੀ।