
ਮਾਨਸਾ, 06 ਅਗਸਤ:- (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) ਭਾਸ਼ਾ ਵਿਭਾਗ ਮਾਨਸਾ ਵੱਲੋਂ ਵਿੱਦਿਆ ਭਾਰਤੀ ਸਕੂਲ ਮਾਨਸਾ ਵਿਖੇ ਜ਼ਿਲ੍ਹਾ ਪੱਧਰੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ ਕਰਵਾਏ ਗਏ। ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੀਆਂ) ਮਾਨਸਾ ਨੇ ਆਪਣੀ ਜੇਤੂ ਰਵਾਇਤ ਨੂੰ ਕਾਇਮ ਰੱਖਦੇ ਹੋਏ ਇਹਨਾਂ ਮੁਕਾਬਲਿਆਂ ਵਿੱਚ ਮੋਹਰੀ ਸਥਾਨ ਪ੍ਰਾਪਤ ਕੀਤੇ ਹਨ, ਇਨ੍ਹਾਂ ਵਿੱਚ ਦਸਵੀਂ ਜਮਾਤ ਦੀ ਵਿਦਿਆਰਥਣ ਮਨਪ੍ਰੀਤ ਕੌਰ ਨੇ ਕਹਾਣੀ ਲਿਖਣ ਮੁਕਾਬਲੇ ਵਿੱਚੋਂ ਜਿਲੇ ਵਿੱਚੋਂ ਪਹਿਲਾ ਸਥਾਨ ਅਤੇ ਦਸਵੀਂ ਜਮਾਤ ਦੀ ਹੀ ਵਿਦਿਆਰਥਣ ਦਵਿੰਦਰਦੀਪ ਕੌਰ ਨੇ ਕਵਿਤਾ ਗਾਇਨ ਮੁਕਾਬਲੇ ਵਿੱਚੋਂ ਜ਼ਿਲ੍ਹੇ ਵਿੱਚੋਂ ਦੂਸਰਾ ਸਥਾਨ ਪ੍ਰਾਪਤ ਕੀਤਾ ਹੈ ਅਤੇ ਕ੍ਰਮਵਾਰ 1000 ਰੁਪਏ ਅਤੇ 750 ਰੁਪਏ ਇਨਾਮ ਜਿੱਤਿਆ। ਅੱਜ ਸਕੂਲ ਦੇ ਇੰਚਾਰਜ ਪ੍ਰਿੰਸੀਪਲ ਸ੍ਰੀਮਤੀ ਗੁਰਸਿਮਰ ਕੌਰ ਅਤੇ ਇਨ੍ਹਾਂ ਵਿਦਿਆਰਥਣਾਂ ਦੇ ਗਾਈਡ ਅਧਿਆਪਕ ਡਾ. ਵਿਨੋਦ ਕੁਮਾਰ ਮਿੱਤਲ (ਪੰਜਾਬੀ ਅਧਿਆਪਕ)
ਵੱਲੋਂ ਵਿਦਿਆਰਥਣਾਂ ਦੀ ਇਸ ਵੱਡੀ ਪ੍ਰਾਪਤੀ ਤੇ ਸਨਮਾਨਿਤ ਕੀਤਾ ਗਿਆ। ਸਕੂਲ ਇੰਚਾਰਜ਼ ਸ਼੍ਰੀਮਤੀ ਗੁਰਸਿਮਰ ਕੌਰ ਨੇ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਦੇ ਸਰਪੱਖੀ ਵਿਕਾਸ ਕਰਨ ਵਿੱਚ ਸਹਾਇਕ ਸਿੱਧ ਹੁੰਦੇ ਹਨ। ਗਾਈਡ ਅਧਿਆਪਕ ਡਾ. ਵਿਨੋਦ ਮਿੱਤਲ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਅਜਿਹੇ ਵਿਦਿਆਰਥੀ ਸਾਡੇ ਸਕੂਲ ਦਾ ਮਾਣ ਹਨ ਅਤੇ ਇਸ ਤੋਂ ਪਹਿਲਾਂ ਵੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਮਾਨਸਾ ਦੇ ਵਿਦਿਆਰਥੀ ਸਿੱਖਿਆ ਵਿਭਾਗ, ਭਾਸ਼ਾ ਵਿਭਾਗ, ਨਹਿਰੂ ਯੁਵਾ ਕੇਂਦਰ ਅਤੇ ਹੋਰ ਵੱਖ-ਵੱਖ ਗੈਰ ਸਰਕਾਰੀ ਸੰਸਥਾਵਾਂ ਵੱਲੋਂ ਕਰਵਾਏ ਜਾਂਦੇ ਵੱਖ-ਵੱਖ ਵਿੱਦਿਅਕ ਅਤੇ ਸਾਹਿਤਕ ਮੁਕਾਬਲਿਆਂ ਵਿੱਚ ਮੋਹਰੀ ਸਥਾਨ ਪ੍ਰਾਪਤ ਕਰਦੇ ਰਹੇ ਹਨ। ਹੁਣ ਦੁਬਾਰਾ ਫੇਰ ਅੱਜ ਇਹਨਾਂ ਵਿਦਿਆਰਥਣਾਂ ਨੇ ਆਪਣੀ ਇਸ ਰਵਾਇਤ ਨੂੰ ਕਾਇਮ ਰੱਖਦੇ ਹੋਏ ਜ਼ਿਲ੍ਹੇ ਵਿੱਚੋਂ ਮੋਹਰੀ ਸਥਾਨ ਪ੍ਰਾਪਤ ਕੀਤੇ ਹਨ।
