ਮਾਨਸਾ, 09 ਅਪ੍ਰੈਲ (ਸਾਰਾ ਯਹਾਂ/ਹਿਤੇਸ਼ ਸ਼ਰਮਾ) : ਪੰਜਾਬ ਸਰਕਾਰ ਤੋਂ ਪ੍ਰਾਪਤ ਪੱਤਰ ਤਹਿਤ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਮਹਿੰਦਰ ਪਾਲ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਜ਼ਿਲ੍ਹਾ ਅੰਦਰ ਕੋਰੋਨਾ ਦੇ ਵੱਧ ਰਹੇ ਕੇਸਾਂ ਨੂੰ ਦੇਖਦਿਆਂ ਕੁਝ ਹਦਾਇਤਾਂ ਨੂੰ 30 ਅਪ੍ਰੈਲ 2021 ਤੱਕ ਵਧਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਮੂਹ ਵਿੱਦਿਅਕ ਅਦਾਰੇ ਜਿਵੇਂ ਸਕੂਲ, ਕਾਲਜ ਆਦਿ ਅਗਲੇ ਹੁਕਮਾਂ ਤੱਕ ਬੰਦ ਰਹਿਣਗੇ ਪਰ ਅਧਿਆਪਨ ਅਤੇ ਗੈਰ-ਅਧਿਆਪਨ ਸਟਾਫ਼ ਕੰਮ-ਕਾਜ ਵਾਲੇ ਦਿਨਾਂ ਵਿੱਚ ਆਉਣਗੇ। ਜ਼ਿਲ੍ਹਾ ਮੈਜਿਸਟ੍ਰੇਟਟ ਨੇ ਕਿਹਾ ਕਿ ਸਾਰੇ ਮੈਡੀਕਲ ਅਤੇ ਨਰਸਿੰਗ ਕਾਲਜਿਜ਼ ਖੁਲ੍ਹੇ ਰਹਿਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਅੰਦਰ ਸਾਰੇ ਰਾਜਨੀਤਿਕ ਇੱਕਠਾਂ ’ਤੇ ਮੁਕੰਮਲ ਪਾਬੰਦੀ ਲਗਾਈ ਜਾਂਦੀ ਹੈ। ਕਿਸੇ ਵੀ ਤਰ੍ਹਾਂ ਦਾ ਇਕੱਠ ਕਰਨ ’ਤੇ ਇਨ੍ਹਾਂ ਹੁਕਮਾਂ ਦੀ ਉਲੰਘਣਾਂ ਹੋਵੇਗੀ। ਉਨ੍ਹਾਂ ਦੱਸਿਆ ਕਿ ਇੱਕਠ ਕਰਨ ਵਾਲੇ ਵਿਅਕਤੀਆਂ ਅਤੇ ਭਾਗੀਦਾਰਾਂ, ਇੱਕਠ ਹੋਣ ਵਾਲੇ ਸਥਾਨ ਦੇ ਮਾਲਕ ਅਤੇ ਟੈਂਟ ਹਾਊਸ ਵਾਲਿਆਂ ਵਿਰੁੱਧ ਡਿਜਾਸਟਰ ਮੈਨੇਜਮੈਂਟ ਐਕਟ ਐਂਡ ਐਪੀਡੈਮਿਕ ਡਿਸੀਜ਼ ਤਹਿਤ ਮੁਕੱਦਮੇ ਦਰਜ ਕੀਤੇ ਜਾਣਗੇ ਅਤੇ ਇੱਕਠ ਹੋਣ ਵਾਲੇ ਸਥਾਨ ਨੂੰ ਤਿੰਨ ਮਹੀਨਿਆਂ ਲਈ ਸੀਲ ਕਰ ਦਿੱਤਾ ਜਾਵੇਗਾ। ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਰਾਤ 9 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਨਾਈਟ ਕਰਫਿਊ ਲਗਾਇਆ ਗਿਆ ਹੈ ਪਰੰਤੂ ਜ਼ਰੂਰੀ ਗਤੀਵਿਧੀਆਂ ਜਿਵੇਂ ਉਦਯੋਗਾਂ ਦੇ ਚਲਾਉਣ, ਹਵਾਈ, ਟੇ੍ਰਨਾਂ ਅਤੇ ਬੱਸਾਂ ਵਿੱਚ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਇਸ ਤੋਂ ਛੂਟ ਹੋਵੇਗੀ। ਉਨ੍ਹਾਂ ਕਿਹਾ ਕਿ 30 ਅਪ੍ਰੈਲ 2021 ਤੱਕ ਕਿਸੇ ਵੀ ਤਰ੍ਹਾਂ ਦੇ ਸਮਾਜਿਕ, ਸਭਿਆਚਾਰਕ ਅਤੇ ਖੇਡਾਂ ਦੇ ਇੱਕਠ ਜਾਂ ਇਸ ਨਾਲ ਸਬੰਧਤ ਪ੍ਰੋਗਰਾਮਾਂ ਦੀ ਮੁਕੰਮਲ ਪਾਬੰਦੀ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਅੰਤਿਮ ਰਸਮਾਂ, ਦਾਹ-ਸੰਸਕਾਰਾਂ ਅਤੇ ਵਿਆਹ ਮੌਕੇ ਹੋਣ ਵਾਲੇ ਅੰਦਰੂਨੀ ਇੱਕਠਾਂ ਲਈ ਵਿਅਕਤੀਆਂ ਦੀ ਗਿਣਤੀ 50 ਅਤੇ ਬਾਹਰੀ ਇੱਕਠਾਂ ਲਈ ਇਹ ਗਿਣਤੀ 100 ਤੱਕ ਸੀਮਤ ਕੀਤੀ ਗਈ ਹੈ। ਸ਼੍ਰੀ ਮਹਿੰਦਰ ਪਾਲ ਨੇ ਕਿਹਾ ਕਿ ਹਰ ਦੁਕਾਨ ਵਿੱਚ ਕਿਸੇ ਵੀ ਸਮੇਂ 10 ਵਿਅਕਤੀਆਂ ਨੂੰ ਦਾਖਲ ਹੋਣ ਦੀ ਇਜਾਜ਼ਤ ਦਿੱਤੀ ਗਈ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਸਿਨੇਮਾ ਘਰਾਂ, ਥਿਏਟਰ, ਮਲਟੀਪਲੈਕਸ, ਮਾਲਜ਼ ਆਦਿ ਵਿੱਚ ਸਮਰੱਥਾ ਤੋਂ 50 ਫੀਸਦੀ ਘੱਟ ਵਿਅਕਤੀਆਂ ਦੀ ਇਜਾਜ਼ਤ ਹੋਵੇਗੀ। ਉਨ੍ਹਾਂ ਕਿਹਾ ਕਿ ਸ਼ਿਕਾਇਤਾਂ ਨਾਲ ਸਬੰਧਤ ਵਿਭਾਗ ਵਿਰਚੂਯਲ ਜਾਂ ਆਨ ਲਾਈਨ ਪ੍ਰਣਾਲੀ ਨੂੰ ਤਰਜੀਹ ਦੇਣ। ਉਨ੍ਹਾਂ ਕਿਹਾ ਕਿ ਪਬਲਿਕ ਡੀÇਲੰਗ ਜਿੱਥੋ ਤੱਕ ਹੋ ਸਕੇ ਘਟਾਉਣ ਦੀ ਕੋਸ਼ਿਸ਼ ਕੀਤੀ ਜਾਵੇ ਸਿਰਫ਼ ਜਿੱਥੇ ਜ਼ਰੂਰੀ ਹੋਵੇ ਉਥੇ ਹੀ ਇਸ ਦੀ ਇਜਾਜ਼ਤ ਦਿੱਤੀ ਜਾਵੇ। ਉਨ੍ਹਾਂ ਮਾਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਰਜਿਸਟਰੀਆਂ ਆਦਿ ਦੇ ਰੋਜ਼ਾਨਾ ਦੇ ਕੰਮਾਂ ਲਈ ਮੁਲਾਕਾਤ ਦਾ ਸਮਾਂ ਸੀਮਤ ਗਿਣਤੀ ਵਿੱਚ ਹੀ ਦਿੱਤਾ ਜਾਵੇ। ਜ਼ਿਲ੍ਹਾ ਮੈਜਿਸਟ੍ਰੇਟ ਨੇ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਇਨ੍ਹਾਂ ਹੁਕਮਾਂ ਨੂੰ ਜ਼ਿਲ੍ਹੇ ਅੰਦਰ ਲਾਗੂ ਕਰਵਾਉਣਾ ਯਕੀਨੀ ਬਣਾਉਣ ਅਤੇ ਸਮਾਜਿਕ ਦੂਰੀ ਅਤੇ ਬਾਜਾਰਾ ਤੇ ਪਬਲਿਕ ਟਰਾਂਸਪੋਰਟਾਂ ਵਿੱਚ ਭੀੜ ਨਾ ਹੋਣ ਦੇਣਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਮਾਸਕ ਨਾ ਪਾਉਣ ਅਤੇ ਜਨਤਕ ਥਾਵਾਂ ’ਤੇ ਥੁੱਕਣ ਵਾਲਿਆਂ ਖ਼ਿਲਾਫ਼ ਨਿਯਮਾਂ ਦੀ ਉਲੰਘਣਾਂ ਕਰਨ ਸਬੰਧੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।