ਮਾਨਸਾ, 29 ਮਈ (ਸਾਰਾ ਯਹਾਂ/ਮੁੱਖ ਸੰਪਾਦਕ) : ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਪਹਿਲਾਂ ਤੋਂ ਜਾਰੀ ਹੁਕਮਾਂ ਦੀ ਲਗਾਤਾਰਤਾ ਵਿੱਚ ਜਿੱਥੇ ਬਾਕੀ ਪਾਬੰਦੀਆਂ ਲਾਗੂ ਰਹਿਣਗੀਆਂ, ਉਥੇ ਹੀ ਦੁਕਾਨਾਂ ਖੋਲ੍ਹਣ ਦੇ ਸਮੇਂ ਵਿੱਚ ਅਤੇ ਗੱਡੀਆਂ ਵਿੱਚ ਸਵਾਰੀਆਂ ਦੀ ਬੈਠਣ ਸਮਰੱਥਾ ਵਿੱਚ ਕੁਝ ਛੋਟਾਂ ਦਿੱਤੀਆਂ ਗਈਆਂ ਹਨ, ਜਿਹੜੀਆਂ ਕਿ 10 ਜੂਨ ਤੱਕ ਲਾਗੂ ਰਹਿਣਗੀਆਂ। ਹੁਕਮ ਵਿੱਚ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਜ਼ਿਲ੍ਹਾ ਮਾਨਸਾ ਦੀਆਂ ਸਾਰੀਆਂ ਦੁਕਾਨਾਂ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸਵੇਰੇ 6 ਵਜੇ ਤੋਂ ਸ਼ਾਮ ਦੇ 5 ਵਜੇ ਤੱਕ ਖੋਲ੍ਹੀਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਸਾਰੇ ਰੈਸਟੋਰੈਂਟ (ਸਮੇਤ ਹੋਟਲ), ਕੈਫੇ, ਕਾਫ਼ੀ ਦੀਆਂ ਦੁਕਾਨਾਂ, ਫਾਸਟ ਫੂਡ ਆਊਟਲੈਟ, ਢਾਬੇ ਆਦਿ ਨਾ ਤਾਂ ਲੋਕਾਂ ਨੂੰ ਉਥੇ ਬੈਠਾ ਕੇ ਖੁਆ ਸਕਦੇ ਹਨ ਅਤੇ ਨਾ ਹੀ ਉਥੇ ਪੈਕ ਕਰਕੇ ਦੇ ਸਕਦੇ ਹਨ ਬਲਕਿ ਰਾਤ ਦੇ 9 ਵਜੇ ਤੱਕ ਹੋਮ ਡਿਲੀਵਰੀ ਕਰਨ ਦੀ ਆਗਿਆ ਹੋਵੇਗੀ। ਉਨ੍ਹਾਂ ਕਿਹਾ ਕਿ ਰੈਸਟੋਰੈਂਟਾਂ, ਫਾਸਟ ਫੂਡ ਜੁਆਇੰਟ, ਕਾਫ਼ੀ ਸ਼ੋਪ ਆਦਿ ਨੂੰ ਗ੍ਰਾਹਕਾਂ ਨੂੰ ਅੰਦਰ ਬਿਠਾਉਣ ਦੀ ਅਨੁਮਤੀ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਇਨ੍ਹਾਂ ਹਦਾਇਤਾਂ ਦਾ ਸਖ਼ਤੀ ਨਾਲ ਪਾਲਣ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇੱਕ ਵਿਅਕਤੀ ਤੋਂ ਦੂਜੇ ਵਿਅਕਤੀ ਵਿੱਚ 6 ਫੁੱਟ ਦੀ ਦੂਰੀ ਬਣਾ ਕੇ ਰੱਖੀ ਜਾਵੇ ਅਤੇ ਬਾਜ਼ਾਰਾਂ, ਪਬਲਿਕ ਟਰਾਂਸਪੋਰਟ ਵਿੱਚ ਇੱਕਠ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਮਾਸਕ ਨਾ ਪਾਉਣ ਅਤੇ ਜਨਤਕ ਥਾਵਾਂ ’ਤੇ ਥੁੱਕਣ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਮਹਿੰਦਰ ਪਾਲ ਨੇ ਕਿਹਾ ਕਿ ਇਨ੍ਹਾਂ ਹੁਕਮਾਂ ਦੀ ਉਲੰਘਣਾਂ ਕਰਨ ਵਾਲੇ ਵਿਅਕਤੀ ਖ਼ਿਲਾਫ਼ ਡਿਜਾਸਟਰ ਮੈਨੇਜਮੈਂਟ ਐਕਟ 2005 ਦੀ ਧਾਰਾ 51 ਤੋਂ 60 ਅਤੇ ਆਈ.ਪੀ.ਸੀ. ਦੀ ਧਾਰਾ 188 ਤਹਿਤ ਕਾਰਵਾਈ ਕੀਤੀ ਜਾਵੇਗੀ।