*ਜ਼ਿਲ੍ਹਾ ਮਾਨਸਾ ਰੋਜ਼ਗਾਰ ਮੇਲਿਆਂ ਸਬੰਧੀ ਦਿੱਤੀ ਜਾਣਕਾਰੀ*ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਅਹਿਮ ਮੀਟਿੰਗ*

0
19

ਮਾਨਸਾ, 27 ਅਗਸਤ : (ਸਾਰਾ ਯਹਾਂ/ਹਿਤੇਸ਼ ਸ਼ਰਮਾ) : ਵਧੀਕ ਡਿਪਟੀ ਕਮਿਸ਼ਨਰ-ਕਮ-ਮੁੱਖ ਕਾਰਜਕਾਰੀ ਅਫ਼ਸਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸ਼੍ਰੀ ਉਪਕਾਰ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਦੇ ਸਮੂਹ ਕਾਲਜਾਂ ਦੇ ਪ੍ਰਿੰਸੀਪਲ ਅਤੇ ਸਰਕਾਰੀ ਆਈ.ਟੀ.ਆਈਜ਼ ਦੇ ਨੁਮਾਇੰਦਿਆਂ ਨਾਲ ਮੀਟਿੰਗ ਹੋਈ ਜਿਸ ਵਿੱਚ ਸਤੰਬਰ ਮਹੀਨੇ ਦੌਰਾਨ ਲੱਗਣ ਵਾਲੇ ਮੇਲਿਆਂ ਸਬੰਧੀ ਅਤੇ ਹੋਰ ਸਕੀਮਾਂ ਸਬੰਧੀ ਜਾਣਕਾਰੀ ਪ੍ਰਦਾਨ ਕੀਤੀ ਗਈ ਤਾਂ ਜੋ ਪ੍ਰਾਰਥੀ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ। ਇਨ੍ਹਾਂ ਸਕੀਮਾਂ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੀ ਉਪਕਾਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਮੁਫ਼ਤ ਕੋਚਿੰਗ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਵਿੱਚ ਐਸ.ਐਸ.ਸੀ., ਬੈਂਕ ਪੀ.ਓ./ਕਲੈਰੀਕਲ, ਆਰ.ਆਰ.ਬੀ., ਸੀ.ਈ.ਟੀ., ਪੀ.ਪੀ.ਐਸ.ਸੀ., ਪੀ.ਐਸ.ਐਸ.ਐਸ.ਬੀ. ਅਤੇ ਕੇਂਦਰ ਤੇ ਰਾਜ ਸਰਕਾਰਾਂ ਦੀਆਂ ਨੌਕਰੀਆਂ ਬਾਰੇ ਕੋਚਿੰਗ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਕੋਚਿੰਗ ਸਤੰਬਰ ਦੇ ਪਹਿਲੇ ਹਫ਼ਤੇ ਸ਼ੁਰੂ ਹੋਵੇਗੀ ਅਤੇ ਇਸ ਵਿੱਚ ਬਾਰ੍ਹਵੀਂ ਅਤੇ ਗੈ੍ਰਜੂਏਸ਼ਨ ਦੋਵੇਂ ਯੋਗਤਾ ਵਾਲੇ ਪ੍ਰਾਰਥੀ ਭਾਗ ਲੈ ਸਕਦੇ ਹਨ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਾਰ੍ਹਵੀਂ ਪਾਸ ਪ੍ਰਾਰਥੀ ਪੁਲਿਸ ਕਾਂਸਟੇਬਲ ਅਤੇ ਗੈ੍ਰਜੂਏਸ਼ਨ ਪਾਸ ਪ੍ਰਾਰਥੀ ਕਲੈਰੀਕਲ ਪ੍ਰੀਖਿਆ ਦੀ ਕੋਚਿੰਗ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕੋਚਿੰਗ ਘੱਟੋ-ਘੱਟ 4 ਮਹੀਨੇ ਚੱਲੇਗੀ ਅਤੇ ਆਨ-ਲਾਈਨ ਪ੍ਰਣਾਲੀ ਰਾਹੀਂ ਹੋਵੇਗੀ। ਉਨ੍ਹਾਂ ਦੱਸਿਆ ਕਿ ਇਹ ਕਲਾਸ 1 ਘੰਟਾ 30 ਮਿੰਟ ਦੀ ਰਹੇਗੀ ਅਤੇ ਹਫ਼ਤੇ ਦੇ 6 ਦਿਨ ਸੋਮਵਾਰ ਤੋਂ ਸ਼ਨੀਵਾਰ ਤੱਕ ਰਹੇਗੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪ੍ਰਾਰਥੀ https://www.edu੍ਰphere/freegovtexams ’ਤੇ ਰਜਿਸਟ੍ਰੇਸ਼ਨ ਕਰਵਾ ਸਕਦਾ ਹੈ। ਮੀਟਿੰਗ ਦੌਰਾਨ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ਼੍ਰੀ ਹਰਪ੍ਰੀਤ ਸਿੰਘ ਮਾਨਸਾਹੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਪੰਜਾਬ ਦੇ ਨੌਜਵਾਨਾਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਡਾਟਾ ਸਾਇੰਸ ਆਨਲਾਈਨ ਕੋਰਸ ਕਰਨ ਦਾ ਮੌਕਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਹ ਕੋਰਸ ਆਈ.ਟੀ.ਆਈ. ਰੋਪੜ ਅਤੇ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਦੇ ਸਹਿਯੋਗ ਨਾਲ ਚਲਾਇਆ ਜਾਣਾ ਹੈ। ਉਨ੍ਹਾਂ ਦੱਸਿਆ ਕਿ ਜਿਹੜੇ ਵਿਦਿਆਰਥੀ ਇਹ ਕੋਰਸ ਕਰਨ ਵਿੱਚ ਰੁਚੀ ਰੱਖਦੇ ਹਨ, ਉਨ੍ਹਾਂ ਦਾ ਬਾਰ੍ਹਵੀਂ ਜਮਾਤ ਹਿਸਾਬ (ਮੈਥ (ਇੰਟਰ ਆਰਟਸ, ਨੋਨ ਮੈਡੀਕਲ)) ਦੇ ਵਿਸ਼ਿਆਂ ਵਿੱਚ ਪਾਸ ਹੋਣਾ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਪ੍ਰਾਰਥੀwww.pgrkam.com ਉਪਰ ਰਜਿਸਟ੍ਰੇਸ਼ਨ ਕਰਨ ਤੋਂ ਬਾਅਦ  ਇਸ ਪੋਰਟਲ ਵਿੱਚ ਆਪਣੀ ਪ੍ਰੋਫਾਇਲ ਚੈਕ ਕਰਨ ਉਪਰੰਤ  ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਡਾਟਾ ਸਾਇੰਸ ਉਪਰ ਕਲਿੱਕ ਕਰਕੇ ਦਿੱਖ ਰਹੇ ਡੀ-ਸੈਟ ਪ੍ਰੀਖਿਆ ਲਈ ਰਜਿਸ਼ਟ੍ਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਉਪਰੰਤ ਤੁਸੀਂ ਆਪਣੀ ਈ-ਮੇਲ ਚੈਕ ਕਰੋ, ਉਸ ਵਿੱਚ ਇਸ ਪੇਪਰ ਸਬੰਧੀ ਮਿਤੀ ਅਤੇ ਸਮਾਂ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਕੋਰਸ ਪੰਜਾਬ ਸਰਕਾਰ ਵੱਲੋਂ ਮੁਫ਼ਤ ਕਰਵਾਇਆ ਜਾ ਰਿਹਾ ਹੈ।  ਸਤੰਬਰ ਮਹੀਨੇ ਦੌਰਾਨ ਲੱਗਣ ਵਾਲੇ ਮੇਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਮਾਨਸਾ ਜ਼ਿਲ੍ਹੇ ਵਿੱਚ ਕੁੱਲ ਤਿੰਨ ਮੇਲੇ ਲਗਾਏ ਜਾ ਰਹੇ ਹਨ ਜਿਸ ਤਹਿਤ ਪਹਿਲਾ ਮੇਲਾ 9 ਸਤੰਬਰ ਨੂੰ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਮਾਨਸਾ, ਦੂਜਾ ਮੇਲਾ 14 ਸਤੰਬਰ 2021 ਨੂੰ ਰੋਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਅਤੇ ਤੀਜਾ ਮੇਲਾ 17 ਸਤੰਬਰ ਨੂੰ ਇੰਨਲਾਈਟੈਂਡ ਗਰੁੱਪ ਆਫ਼ ਕਾਲਜਿਜ਼ ਝੁਨੀਰ ਵਿਖੇ ਲਗਾਇਆ ਜਾਵੇਗੀ, ਜਿਨ੍ਹਾਂ ਵਿੱਚ ਕੁੱਲ 41 ਕੰਪਨੀਆਂ ਸ਼ਿਰਕਤ ਕਰਨਗੀਆਂ ਅਤੇ 42 ਤਰ੍ਹਾਂ ਦੀਆਂ ਨੌਕਰੀਆਂ ਦੇਣ ਦੀ ਤਜਵੀਜ਼ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੇਲਿਆਂ ਵਿੱਚ 10723 ਨੌਕਰੀਆਂ ਦਿੱਤੀਆਂ ਜਾਣਗੀਆਂ ਅਤੇ ਯੋਗਤਾ ਦੇ ਅਨੁਸਾਰ ਵੱਧ ਤੋਂ ਵੱਧ 25 ਹਜ਼ਾਰ ਤੱਕ ਤਨਖ਼ਾਹ ਦਿੱਤੀ ਜਾਵੇਗੀ।

NO COMMENTS