ਮਾਨਸਾ, 14 ਫਰਵਰੀ : (ਸਾਰਾ ਯਹਾਂ/ਮੁੱਖ ਸੰਪਾਦਕ)
ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪ੍ਰੀਖਿਆ ਕੇਂਦਰਾਂ ਦੇ ਨਜ਼ਦੀਕ 100 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਵਿਅਕਤੀ ਜਾਂ ਵਿਅਕਤੀਆਂ ਵੱਲੋਂ ਪ੍ਰੀਖਿਆ ਕੇਂਦਰਾਂ ਵਾਲੀਆਂ ਇਮਾਰਤਾਂ ਦੇ ਆਲੇ-ਦੁਆਲੇ ਨਕਲ ਕਰਵਾਉਣ ਦੇ ਮੰਤਵ ਲਈ ਖੜੇ੍ਹ ਹੋਣ, ਕਿਸੇ ਵੀ ਵਿਅਕਤੀ ਵੱਲੋਂ ਨਾਅਰੇ ਲਗਾਉਣ ਅਤੇ ਕਾਨੂੰਨ ਤੇ ਵਿਵਸਥਾ ਵਿੱਚ ਨੁਕਸੇ ਅਮਨ ਪੈਦਾ ਕਰਨ ਦੇ ਮੰਤਵ ਹੇਠ ਖੜ੍ਹੇ ਹੋਣ ’ਤੇ ਮੁਕੰਮਲ ਰੋਕ ਲਗਾਈ ਹੈ।
ਉਨ੍ਹਾਂ ਦੱਸਿਆ ਕਿ ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਨਵੀਂ ਦਿੱਲੀ ਵੱਲੋਂ ਪ੍ਰਾਪਤ ਪੱਤਰ ਅਨੁਸਾਰ ਉਨ੍ਹਾਂ ਵੱਲੋਂ ਦੇਸ਼ ਭਰ ਵਿੱਚ 15 ਫਰਵਰੀ 2025 ਤੋਂ 4 ਅਪ੍ਰੈਲ 2025 ਤੱਕ ਦੱਸਵੀਂ ਅਤੇ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 1.30 ਵਜੇ ਤੱਕ ਵੱਖ-ਵੱਖ ਸਕੂਲਾਂ ਵਿੱਚ ਕਰਵਾਈਆਂ ਜਾ ਰਹੀਆਂ ਹਨ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਵਿਖੇ ਇਹ ਪ੍ਰੀਖਿਆਵਾ ਐਸ.ਡੀ.ਕੇ.ਐਲ. ਡੀ.ਏ.ਵੀ. ਸੈਨਟੇਨਰੀ ਪਬਲਿਕ ਸਕੂਲ ਮਾਨਸਾ, ਮੀਰਾ ਪਬਲਿਕ ਸਕੂਲ ਸਰਦੂਲੇਵਾਲਾ, ਗਰੀਨਲੈਂਡ ਡੇਅ ਬੋਰਡਿੰਗ ਪਬਲਿਕ ਸਕੂਲ ਬਰੇਟਾ, ਐਨ.ਆਰ.ਐਮ. ਹੋਲੀ ਹਾਰਟ ਕਾਨਵੈਂਟ ਸਕੂਲ ਬੁਢਲਾਡਾ, ਬਾਲ ਵਾਟਿਕਾ ਪਬਲਿਕ ਸਕੂਲ ਪਿੰਡ ਟਿੱਬੀ ਹਰੀ ਸਿੰਘ ਵਾਲਾ, ਦ ਕੈਂਬਰਿਜ ਸਕੂਲ ਨੰਗਲ ਖੁਰਦ ਸਿਰਸਾ ਰੋਡ ਮਾਨਸਾ, ਸਰਵਹਿੱਤਕਾਰੀ ਵਿਦਿਆ ਮੰਦਿਰ ਮੂਲਾ ਸਿੰਘ ਵਾਲਾ ਰੋਡ ਭੀਖੀ, ਆਤਮਾ ਰਾਮ ਮੈਮੋਰੀਅਲ ਕਾਨਵੈਂਟ ਸਕੂਲ ਬਰੇਟਾ ਅਤੇ ਸ. ਚੇਤਨ ਸਿੰਘ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿੱਦਿਆ ਮੰਦਿਰ ਮਾਨਸਾ ਵਿਖੇ ਹੋਣੀਆਂ ਹਨ।
ਉਨ੍ਹਾਂ ਕਿਹਾ ਕਿ ਉਕਤ ਪ੍ਰੀਖਿਆ ਕੇਂਦਰਾਂ ਵਿੱਚ ਅਣਉਚਿੱਤ ਸਾਧਨਾਂ ਦਾ ਪ੍ਰਯੋਗ ਹੋਣ, ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਸ਼ਰਾਰਤੀ ਅਨਸਰਾਂ ਦੇ ਇੱਕਠੇ ਹੋਣ ਦਾ ਖ਼ਦਸਾ ਬਣਿਆ ਰਹਿੰਦਾ ਹੈ, ਜਿਸ ਨਾਲ ਉਨ੍ਹਾਂ ਵੱਲੋਂ ਪ੍ਰੀਖਿਆ ਕੇਂਦਰਾਂ ਵਿੱਚ ਪ੍ਰੀਖਿਆ ਦੀ ਪਵਿੱਤਰਤਾ ਅਤੇ ਅਨੁਸ਼ਾਸਨ ਨੂੰ ਭੰਗ ਕਰਨ ਦੀ ਕੋਸ਼ਿਸ਼ ਕੀਤੀ ਜਾ ਸਕਦੀ ਹੈ। ਇਸ ਲਈ ਪ੍ਰੀਖਿਆ ਕੇਂਦਰਾਂ ਦੇ ਨਜ਼ਦੀਕ 100 ਮੀਟਰ ਦੇ ਘੇਰੇ ਅੰਦਰ ਮਨਾਹੀ ਦੇ ਹੁਕਮ ਜਾਰੀ ਕੀਤੇ ਜਾਂਦੇ ਹਨ।
ਇਹ ਹੁਕਮ 15 ਫਰਵਰੀ 2025 ਤੋਂ 04 ਅਪ੍ਰੈਲ 2025 ਤੱਕ ਜਾਰੀ ਰਹੇਗਾ।