*ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 25 ਹਜ਼ਾਰ 365 ਮੀਟ੍ਰਿਕ ਟਨ ਕਣਕ ਦੀ ਆਮਦ..! ਵਿਧਾਇਕ ਮਾਨਸ਼ਾਹੀਆ ਨੇ ਭੀਖੀ ਵਿੱਚ ਸ਼ੁਰੂ ਕਰਵਾਈ ਸਰਕਾਰੀ ਖਰੀਦ*

0
28

ਮਾਨਸਾ/ਭੀਖੀ, 11 ਅਪ੍ਰੈਲ (ਸਾਰਾ ਯਹਾਂ/ਮੁੱਖ ਸੰਪਾਦਕ) : ਜ਼ਿਲ੍ਹਾ ਮਾਨਸਾ ਦੀਆਂ ਅਨਾਜ ਮੰਡੀਆਂ ਵਿੱਚ ਅੱਜ ਸ਼ਾਮ ਤੱਕ 25 ਹਜ਼ਾਰ 365 ਮੀਟ੍ਰਿਕ ਟਨ ਦੀ ਆਮਦ ਹੋਈ ਹੈ ਜਿਸ ਵਿੱਚੋਂ 7835 ਮੀਟ੍ਰਿਕ ਟਨ ਦੀ ਖਰੀਦ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਗਈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਦੀਆਂ ਅਨਾਜ ਮੰਡੀਆਂ ਵਿੱਚ ਕਿਸਾਨਾਂ ਲਈ ਹਰੇਕ ਕਿਸਮ ਦੀਆਂ ਸੁਵਿਧਾਵਾਂ ਨੂੰ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਗਏ ਹਨ ਅਤੇ ਸਰਕਾਰ ਦੁਆਰਾ ਕੋਵਿਡ ਲਈ ਨਿਰਧਾਰਿਤ ਨਿਯਮਾਂ ਦੀ ਵੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਸਮੇਤ ਮੰਡੀਆਂ ਵਿੱਚ ਆਉਣ ਵਾਲੇ ਹਰੇਕ ਵਰਗ ਦੇ ਲੋਕਾਂ ਨੂੰ ਸਮਾਜਿਕ ਦੂਰੀ, ਮਾਸਕ, ਸੈਨੇਟਾਈਜ਼ਰ, ਸਾਫ਼ ਸਫ਼ਾਈ ਲਈ ਲਗਾਤਾਰ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਖਰੀਦ ਕਾਰਜਾਂ ਵਿੱਚ ਜੁਟੇ ਅਧਿਕਾਰੀਆਂ ਨੂੰ ਕਿਸੇ ਵੀ ਕਿਸਮ ਦੇ ਇਕੱਠ ਤੋਂ ਪੂਰੀ ਤਰ੍ਹਾਂ ਬਚਣ ਦੀ ਹਦਾਇਤ ਕੀਤੀ ਗਈ ਹੈ।
ਇਸੇ ਦੌਰਾਨ ਵਿਧਾਇਕ ਸ੍ਰ ਨਾਜਰ ਸਿੰਘ ਮਾਨਸ਼ਾਹੀਆ ਨੇ ਅੱਜ ਅਨਾਜ ਮੰਡੀ ਭੀਖੀ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ। ਵਿਧਾਇਕ ਨੇ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਦੇ ਚੱਲਦਿਆਂ ਕਣਕ ਦੀ ਖਰੀਦ ਪ੍ਰਕਿਰਿਆ ਬਹੁਤ ਸਾਵਧਾਨੀ ਨਾਲ ਕਰਵਾਏ ਜਾਣ ਦੀ ਲੋੜ ਹੈ ਅਤੇ ਇਸ ਲਈ ਕਿਸਾਨਾਂ, ਆੜਤੀਆਂ, ਮਜਦੂਰਾਂ ਅਤੇ ਹੋਰਨਾਂ ਵਰਗਾਂ ਨੂੰ ਪ੍ਰਸ਼ਾਸਨ ਦੇ ਮੋਢੇ ਨਾਲ ਮੋਢਾ ਜੋੜ ਕੇ ਖੜਨਾ ਚਾਹੀਦਾ ਹੈ। ਉਨਾਂ ਕਿਹਾ ਕਿ ਕਿਉਕਿ ਇਹ ਵਾਇਰਸ ਵਿਅਕਤੀ ਤੋਂ ਵਿਅਕਤੀ ਦੇ ਸੰਪਰਕ ਵਿਚ ਆਉਣ ਨਾਲ ਫੈਲਦਾ ਹੈ ਇਸ ਲਈ ਵਾਇਰਸ ਤੋਂ ਬਚਣ ਲਈ ਅਹਿਤਿਆਤ ਵਰਤਣਾ ਹੋਰ ਵੀ ਜ਼ਰੂਰੀ ਹੋ ਜਾਂਦਾ ਹੈ।

NO COMMENTS