![](https://sarayaha.com/wp-content/uploads/2025/01/dragon.png)
ਮਾਨਸਾ, 06 ਫਰਵਰੀ:(ਸਾਰਾ ਯਹਾਂ/ਮੁੱਖ ਸੰਪਾਦਕ)
ਸਿੱਖਿਆ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ’ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਭੁਪਿੰਦਰ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਮਦਨ ਲਾਲ ਕਟਾਰੀਆ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ’ਚ ਪੜ੍ਹਦੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਗੁਣਾਤਮਿਕ ਸਿੱਖਿਆ ਦੇਣ ਤੇ ਬੱਚਿਆਂ ਦੇ ਅਧਿਕਾਰਾਂ, ਸਰਬ ਪੱਖੀ ਵਿਕਾਸ ਤੇ ਸੁਰੱਖਿਆ ਲਈ ਕੀਤੇ ਜਾ ਰਹੇ ਉਪਰਾਲਿਆਂ ਸਬੰਧੀ ਵਿਚਾਰ ਚਰਚਾ ਕਰਨ ਤੇ ਮਾਪਿਆਂ, ਵਿਦਿਆਰਥੀਆਂ ਤੇ ਅਧਿਆਪਕਾਂ ਵਿਚਕਾਰ ਬਿਹਤਰ ਤਾਲਮੇਲ ਬਣਾਉਣ ਦੇ ਉਦੇਸ਼ ਨਾਲ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ’ਚ ਮਾਪੇ-ਅਧਿਆਪਕ ਮਿਲਣੀ ਨੂੰ ਮਾਪਿਆਂ ਅਤੇ ਵਿਦਿਆਰਥੀਆਂ ਦਾ ਵੱਡਾ ਹੁੰਗਾਰਾ ਮਿਲਿਆ।
ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਭੁਪਿੰਦਰ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ 197 ਸੈਕੰਡਰੀ ਅਤੇ 205 ਪ੍ਰਾਇਮਰੀ ਸਕੂਲ ਹਨ ਜਿੰਨ੍ਹਾਂ ਵਿਚ ਕੁੱਲ 82636 ਵਿਦਿਆਰਥੀ ਪੜ੍ਹ ਰਹੇ ਹਨ। ਉਨ੍ਹਾਂ ਦੱਸਿਆ ਕਿ ਵੱਡੀ ਗਿਣਤੀ ਵਿਚ ਮਾਪਿਆਂ ਨੇ ਸਰਕਾਰੀ ਸਕੂਲਾਂ ਵਿਚ ਸ਼ਿਰਕਤ ਕਰਕੇ ਆਪਣੇ ਬੱਚਿਆਂ ਦੇ ਨਤੀਜੇ ਅਤੇ ਉਨ੍ਹਾਂ ਦੇ ਹੋਰ ਪੱਖਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਦੇ ਮਾਪਿਆਂ ਨੂੰ ਪੰਜਾਬ ਸਰਕਾਰ ਦੇ ਗੁਣਾਤਮਕ ਸਿੱਖਿਆ ਲਈ ਨਿਵੇਕਲੇ ਉਪਰਾਲਿਆਂ ਸਬੰਧੀ ਜਾਣਕਾਰੀ ਦਿੱਤੀ ਗਈ।
ਉਨ੍ਹਾਂ ਦੱਸਿਆ ਕਿ ਮਾਪੇ-ਅਧਿਆਪਕ ਮਿਲਣੀ ਲਈ ਪਹਿਲਾਂ ਹੀ ਸਮੂਹ ਸਕੂਲਾਂ ਦੇ ਸਟਾਫ ਵੱਲੋਂ ਸਕੂਲ ਮੁਖੀਆਂ ਦੀ ਅਗਵਾਈ ਵਿੱਚ ਮਾਪੇ-ਅਧਿਆਪਕ ਮਿਲਣੀ ਪ੍ਰਭਾਵਸ਼ਾਲੀ ਤਰੀਕੇ ਨਾਲ ਕਰਵਾਉਣ ਸਬੰਧੀ ਤਿਆਰੀ ਕੀਤੀ ਗਈ ਸੀ। ਵਿਦਿਆਰਥੀ ਦੇ ਮਾਪਿਆਂ ਅਤੇ ਪਤਵੰਤਿਆਂ ਦਾ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਸਕੂਲ ਵਿੱਚ ਸਵਾਗਤ ਕੀਤਾ ਗਿਆ। ਮਾਪਿਆਂ ਵੱਲੋਂ ਵਿਦਿਆਰਥੀਆਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਦੇਣ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ, ਸਿੱਖਿਆ ਵਿਭਾਗ ਅਤੇ ਅਧਿਆਪਕਾਂ ਦੀ ਕਾਰਜਸ਼ੈਲੀ ਦੀ ਸ਼ਲਾਘਾ ਕੀਤੀ ਗਈ।
ਉਨ੍ਹਾਂ ਕਿਹਾ ਕਿ ਮਾਪੇ ਅਧਿਆਪਕ ਮਿਲਣੀ ਨਾਲ ਜਿੱਥੇ ਅਧਿਆਪਕ, ਮਾਪੇ ਅਤੇ ਵਿਦਿਆਰਥੀਆਂ ਦੀ ਨੇੜਤਾ ਵਧਦੀ ਹੈ ਉੱਥੇ ਹੀ ਸਕੂਲ ਦੀ ਪੜ੍ਹਾਈ ਲਈ ਸੁਖਾਵਾਂ ਮਾਹੌਲ ਬਣਦਾ ਹੈ ਅਤੇ ਵਿਦਿਆਰਥੀਆਂ ਦੇ ਜੀਵਨ ’ਤੇ ਵੀ ਚੰਗਾ ਅਸਰ ਪੈਂਦਾ ਹੈ। ਇਸ ਮੌਕੇ ਸਕੂਲਾਂ ਨੂੰ ਸੁੰਦਰ ਢੰਗ ਨਾਲ ਸਜਾਇਆ ਹੋਇਆ ਸੀ ਜਿਸ ਕਾਰਨ ਬਣੇ ਖੁਸ਼ਗਵਾਰ ਮਾਹੌਲ ’ਚ ਮਾਪੇ ਅਧਿਆਪਕ ਮਿਲਣੀ ਸੰਪਨ ਹੋਈ।
![](https://sarayaha.com/wp-content/uploads/2024/08/WhatsAppVideo2024-08-31at21.29.05_2cf3b751-ezgif.com-added-text-1-1.gif)