ਮਾਨਸਾ, 13 ਦਸੰਬਰ (ਸਾਰਾ ਯਹਾਂ/ਮੁੱਖ ਸੰਪਾਦਕ ) : ਮੁੱਖ ਮੰਤਰੀ ਸਰਦਾਰ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਉਸਾਰੀ ਕਿਰਤੀਆਂ ਅਤੇ ਉਨ੍ਹਾਂ ਦੇ ਪਰਿਵਾਰ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਕਿਰਤ ਵਿਭਾਗ ਅਧੀਨ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ ਵੈਲਫੇਅਰ ਬੋਰਡ ਦੇ ਕੋਲ ਜ਼ਿਲ੍ਹੇ ਦੇ 29 ਹਜ਼ਾਰ 851 ਲਾਭਪਾਤਰੀ ਰਜਿਸਟਰਡ ਹਨ, ਜਿਨ੍ਹਾਂ ਨੂੰ ਉਨ੍ਹਾਂ ਦੇ ਪਰਿਵਾਰ ਸਮੇਤ ਬੋਰਡ ਦੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਵਿੱਤੀ ਲਾਭ ਦਿੱਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਮਾਨਸਾ ਸ਼੍ਰੀ ਨਾਜਰ ਸਿੰਘ ਮਾਨਸ਼ਾਹੀਆ ਨੇ ਦੱਸਿਆ ਕਿ ਪੰਜਾਬ ਬਿਲਡਿੰਗ ਐਂਡ ਅਦਰ ਕੰਨਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਨਾਲ ਰਜਿਸਟਰਡ ਉਸਾਰੀ ਕਿਰਤੀਆਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਵਜੀਫਾ ਸਕੀਮ, ਸ਼ਗਨ ਸਕੀਮ, ਪੈਨਸ਼ਨ ਸਕੀਮ ਅਤੇ ਸਿਹਤ ਬੀਮਾ ਆਦਿ ਦਾ ਲਾਭ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਦੇ ਹੁਕਮਾਂ ਅਨੁਸਾਰ ਕਿਰਤ ਵਿਭਾਗ ਵੱਲੋਂ ਵੱਡੇ ਪੱਧਰ ’ਤੇ ਉਸਾਰੀ ਕਿਰਤੀਆਂ ਦੀ ਰਜਿਸਟਰੇਸ਼ਨ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕਿਰਤ ਵਿਭਾਗ ਵੱਲੋ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਲੈਣ ਲਈ ਹਰ ਉਸਾਰੀ ਕਿਰਤੀ, ਜਿਸ ਦੀ ਉਮਰ 18 ਸਾਲ ਤੋਂ ਵੱਧ ਹੋਵੇ, ਉਹ ਪੰਜਾਬ ਵਿੱਚ 90 ਦਿਨ ਉਸਾਰੀ ਦੇ ਕੰਮ ਦਾ ਸਬੂਤ ਦੇ ਕੇ ਆਪਣੀ ਬਤੌਰ ਲਾਭਪਾਤਰੀ ਇੱਕ ਸਾਲ ਤੋਂ ਤਿੰਨ ਸਾਲ ਤੱਕ ਦੀ ਰਜਿਸਟਰੇਸ਼ਨ ਲਈ 25 ਰੁਪਏ ਰਜਿਸਟਰੇਸ਼ਨ ਫੀਸ ਅਤੇ 10 ਰੁਪਏ ਪ੍ਰਤੀ ਮਹੀਨਾ ਅੰਸ਼ਦਾਨ ਦੇ ਹਿਸਾਬ ਨਾਲ ਇੱਕ ਸਾਲ ਲਈ ਕੁੱਲ 145/- ਰੁਪਏ ਅਤੇ ਤਿੰਨ ਸਾਲ ਤੱਕ ਲਈ ਕੁੱਲ 385 ਰੁਪਏ ਆਨ-ਲਾਈਨ ਜਮਾਂ ਕਰਵਾਉਣ ਉਪਰੰਤ ਬੋਰਡ ਦਾ ਰਜਿਸਟਰਡ ਲਾਭਪਾਤਰੀ ਬਣ ਸਕਦਾ ਹੈ। ਵਿਧਾਇਕ ਨੇ ਦੱਸਿਆ ਕਿ ਕਿਰਤ ਵਿਭਾਗ ਵੱਲੋਂ ਵੱਖ-ਵੱਖ ਵਿਭਾਗਾਂ ਜਿਵੇਂ ਕਿ ਵਣ ਵਿਭਾਗ, ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ, ਜਲ ਸਰੋਤ ਵਿਭਾਗ ਅਤੇ ਲੋਕ ਨਿਰਮਾਣ ਵਿਭਾਗ ਨੂੰ ਵੀ ਆਪਣੇ ਅਧੀਨ ਆਉਂਦੇ ਕੰਟਰੈਕਟਰਾਂ ਰਾਹੀਂ ਕੰਮ ਕਰਦੇ ਉਸਾਰੀ ਕਿਰਤੀਆਂ ਨੂੰ ਵੀ ਪੰਜਾਬ ਬਿਲਡਿੰਗ ਐਂਡ ਅਦਰ ਕੰਨਸਟਰਕਸ਼ਨ ਵਰਕਰਜ਼ ਵੈਲਫੇਅਰ ਐਕਟ, 1996 ਦੇ ਉਪਬੰਧਾਂ ਅਧੀਨ ਰਜਿਸਟਰ ਕਰਵਾਇਆ ਜਾ ਸਕਦਾ ਹੈ। ਇਹ ਸਾਰੀਆਂ ਸੇਵਾਵਾਂ ਦਾ ਲਾਭ ਕਿਰਤ ਵਿਭਾਗ ਦੇ ਦਫ਼ਤਰਾਂ ਤੋਂ ਇਲਾਵਾ ਸੇਵਾ ਕੇਦਰਾਂ ਦੇ ਜਰੀਏ ਵੀ ਲਿਆ ਜਾ ਸਕਦਾ ਹੈ। ਉਨ੍ਹਾਂ ਉਸਾਰੀ ਕਿਰਤੀਆਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਨਾਮ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ ਵੈਲਫੇਅਰ ਬੋਰਡ ਕੋਲ ਰਜਿਸਟਰਡ ਕਰਵਾ ਕੇ ਸਰਕਾਰ ਦੀ ਭਲਾਈ ਯੋਜਨਾਵਾਂ ਦਾ ਲਾਭ ਉਠਾਉਣ।