*ਜ਼ਿਲ੍ਹੇ ਨੂੰ ਸਾਫ਼-ਸੁਥਰਾ ਬਣਾਈ ਰੱਖਣ ਲਈ ਸਬੰਧਤ ਅਧਿਕਾਰੀ ਤਨਦੇਹੀ ਨਾਲ ਕੰਮ ਕਰਨ-ਡਿਪਟੀ ਕਮਿਸ਼ਨਰ*

0
16

ਮਾਨਸਾ, 10 ਸਤੰਬਰ:(ਸਾਰਾ ਯਹਾਂ/ਮੁੱਖ ਸੰਪਾਦਕ)
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਨਿਊ ਕਾਨਫਰੰਸ ਹਾਲ ਵਿਖੇ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਵਾਤਾਵਰਣ ਕਮੇਟੀ ਦੀ ਮੀਟਿੰਗ ਹੋਈ, ਜਿੱਥੇ ਵਾਤਾਵਰਣ ਦੀ ਸ਼ੁੱਧਤਾ ਦੇ ਨਾਲ-ਨਾਲ ਕੂੜੇ-ਕਰਕਟ ਤੇ ਸਾਫ-ਸਫਾਈ ਨਾਲ ਸਬੰਧਤ ਕਾਰਜਾਂ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ ਗਈ।
  ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਨਾਲ ਸਬੰਧਤ ਸਮੂਹ ਕਾਰਜਸਾਧਕ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਗਿੱਲੇ ਸੁੱਕੇ ਕੂੜੇ ਦੇ 100 ਫ਼ੀਸਦੀ ਪ੍ਰਬੰਧਨ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਜ਼ਿਲ੍ਹੇ ਨੂੰ ਪਲਾਸਟਿਕ ਮੁਕਤ ਕਰਨ ਦੇ ਮੱਦੇਨਜ਼ਰ ਸਬੰਧਤ ਅਧਿਕਾਰੀਆਂ ਨੂੰ ਪਲਾਸਟਿਕ ਦੀ ਵਰਤੋਂ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿਚ ਲਿਆਉਣ ਦੇ ਵੀ ਆਦੇਸ਼ ਦਿੱਤੇ।  
ਸ੍ਰ. ਕੁਲਵੰਤ ਸਿੰਘ ਨੇ ਕਿਹਾ ਕਿ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ ਵੱਖ ਇਕੱਠਾ ਕਰਕੇ ਇਸ ਦਾ ਠੋਸ ਪ੍ਰਬੰਧ ਕੀਤਾ ਜਾਵੇ ਤਾਂ ਜੋ ਸ਼ਹਿਰ ਅਤੇ ਪਿੰਡਾਂ ਦੀ ਸਫਾਈ ਵਿੱਚ ਆਮ ਲੋਕਾਂ ਦਾ ਸਾਥ ਵੀ ਮਿਲ ਸਕੇ। ਉਨ੍ਹਾਂ ਸਮੂਹ ਕਾਰਜ ਸਾਧਕ ਅਫ਼ਸਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਆਪਣੇ ਆਪਣੇ ਖੇਤਰ ਅਧੀਨ ਪੈਂਦੇ ਜਨਤਕ ਥਾਵਾਂ ’ਤੇ ਕੂੜਾ ਸੁੱਟਣ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਅਮਲ ਵਿੱਚ ਲਿਆਉਣ। ਇਸ ਦੌਰਾਨ ਉਨ੍ਹਾਂ ਹੱਡਾਂ ਰੋੜੀ ਵਾਲੀਆਂ ਥਾਵਾਂ ਦੀ ਚਾਰਦੀਵਾਰੀ ਕਰਨ ਦੇ ਨਾਲ ਨਾਲ ਉੱਥੇ ਪਲਾਂਟੇਸ਼ਨ ਕਰਨਾਂ ਵੀ ਯਕੀਨੀ ਬਣਾਉਣ ਲਈ ਕਿਹਾ।
ਇਸ ਮੌਕੇ ਪਲਾਸਟਿਕ ਵੇਸਟ ਦੀ ਸਾਂਭ ਸੰਭਾਲ, ਗੰਦੇ ਪਾਣੀ ਦੇ ਟਰੀਟਮੈਂਟ, ਸਿੰਗਲ ਯੂਜ਼ ਪਲਾਸਟਿਕ ਤੇ ਰੋਕਥਾਮ, ਹਵਾ ਪ੍ਰਦੂਸ਼ਣ ਅਤੇ ਹੋਰ ਵਾਤਾਵਰਣ ਦੇ ਮੁੱਦਿਆ ਬਾਰੇ ਸਬੰਧਤ ਵਿਭਾਗਾ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ, ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ, ਐਸ.ਡੀ.ਐਮ. ਮਾਨਸਾ ਸ੍ਰ. ਮਨਜੀਤ ਸਿੰਘ ਰਾਜਲਾ, ਐਸ.ਡੀ.ਐਮ. ਬੁਢਲਾਡਾ ਸ੍ਰ. ਗਗਨਦੀਪ ਸਿੰਘ, ਐਸ.ਪੀ. ਜਸਕੀਰਤ ਸਿੰਘ ਤੋਂ ਇਲਾਵਾ ਹੋਰ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਆਦਿ ਮੌਜੂਦ ਸਨ।

LEAVE A REPLY

Please enter your comment!
Please enter your name here