*ਜ਼ਿਲ੍ਹੇ ਨੂੰ ਹਰਿਆ-ਭਰਿਆਂ ਤੇ ਸਾਫ਼-ਸੁਥਰਾ ਬਣਾਈ ਰੱਖਣ ਲਈ ਸਬੰਧਤ ਅਧਿਕਾਰੀ ਤਨਦੇਹੀ ਨਾਲ ਕੰਮ ਕਰਨ-ਡਵੀਜ਼ਨਲ ਕਮਿਸ਼ਨਰ*

0
19

ਮਾਨਸਾ, 23 ਅਗਸਤ :(ਸਾਰਾ ਯਹਾਂ/ਮੁੱਖ ਸੰਪਾਦਕ)
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਨਿਊ ਕਾਨਫਰੰਸ ਹਾਲ ਵਿਖੇ ਡਵੀਜ਼ਨਲ ਕਮਿਸ਼ਨਰ ਫਰੀਦਕੋਟ ਰੇਂਜ ਸ੍ਰੀ ਮਨਜੀਤ ਸਿੰਘ ਬਰਾੜ ਨੇ ਜ਼ਿਲ੍ਹਾ ਵਾਤਾਵਰਣ ਕਮੇਟੀ ਦੀ ਮੀਟਿੰਗ ਦੌਰਾਨ ਨਗਰ ਕੌਂਸਲਾਂ, ਨਗਰ ਪੰਚਾਇਤਾਂ, ਗ੍ਰਾਮ ਪੰਚਾਇਤਾਂ ਅੰਦਰ ਵਾਤਾਵਰਣ ਦੀ ਸ਼ੁੱਧਤਾ ਦੇ ਨਾਲ-ਨਾਲ ਕੂੜੇ-ਕਰਕਟ ਤੇ ਸਾਫ-ਸਫਾਈ ਨਾਲ ਸਬੰਧਤ ਕਾਰਜਾਂ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਵੀ ਮੌਜੂਦ ਸਨ।
  ਡਵੀਜ਼ਨਲ ਕਮਿਸ਼ਨਰ ਸ੍ਰੀ ਮਨਜੀਤ ਸਿੰਘ ਬਰਾੜ ਨੇ ਸਮੂਹ ਕਾਰਜਸਾਧਕ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਗਿੱਲੇ ਸੁੱਕੇ ਕੂੜੇ ਦੇ 100 ਫ਼ੀਸਦੀ ਪ੍ਰਬੰਧਨ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਹੱਡਾਰੋੜੀ ਵਾਲੀਆਂ ਥਾਵਾਂ ’ਤੇ ਆਲੇ ਦੁਆਲੇ ਵੱਡੇ ਪੱਧਰ ’ਤੇ ਪਲਾਂਟੇਸ਼ਨ ਯਕੀਨੀ ਬਣਾਈ ਜਾਵੇ ਤਾਂ ਜੋ ਪ੍ਰਦੂਸ਼ਣ ਰਹਿਤ ਮਾਹੌਲ ਰਹੇ। ਉਨ੍ਹਾਂ ਜ਼ਿਲ੍ਹੇ ਨੂੰ ਪਲਾਸਟਿਕ ਮੁਕਤ ਕਰਨ ਦੇ ਮੱਦੇਨਜ਼ਰ ਸਬੰਧਤ ਅਧਿਕਾਰੀਆਂ ਨੂੰ ਪਲਾਸਟਿਕ ਦੀ ਵਰਤੋਂ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿਚ ਲਿਆਉਣ ਦੇ ਆਦੇਸ਼ ਜਾਰੀ ਕੀਤੇ।  
ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਵਾਤਾਵਰਨ ਦੀ ਸ਼ੁੱਧਤਾ ਦੇ ਮੱਦੇਨਜ਼ਰ ਨੈਸ਼ਨਲ ਗ੍ਰੀਨ ਟ੍ਰੀਬਿਊਨਲ (ਐਨ.ਜੀ.ਟੀ.) ਪੂਰੀ ਤਰ੍ਹਾਂ ਗੰਭੀਰ ਹੈ। ਇਸ ਲਈ ਜ਼ਿਲ੍ਹੇ ਨੂੰ ਹਰਿਆ-ਭਰਿਆਂ ਤੇ ਸਾਫ਼-ਸੁਥਰਾ ਬਣਾਈ ਰੱਖਣ ਲਈ ਸਬੰਧਤ ਅਧਿਕਾਰੀ ਤਨਦੇਹੀ ਨਾਲ ਕੰਮ ਕਰਨਾ ਯਕੀਨੀ ਬਣਾਉਣ ਤਾਂ ਜੋ ਵਾਤਾਵਰਣ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਐਨ.ਜੀ.ਟੀ. ਦੀਆਂ ਗਾਈਡਲਾਈਨਜ਼ ਦੇ ਮੱਦੇਨਜ਼ਰ ਈ-ਵੇਸਟ ਮੇਨੈਜ਼ਮੈਂਟ ਨੂੰ ਧਿਆਨ ਵਿਚ ਰੱਖਦਿਆਂ ਸਰਕਾਰੀ ਵਿਭਾਗਾਂ ਅੰਦਰ ਜ਼ਿਆਦਾ ਪੁਰਾਣੇ ਕੰਪਿਊਟਰਾਂ ਨੂੰ ਕੰਡਮ ਕਰਨਾ ਜ਼ਰੂਰੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਬਰਸਾਤਾਂ ਦੇ ਪਾਣੀ ਨੂੰ ਰੀਚਾਰਜ ਕਰਨ ਬਾਰੇ ਵੀ ਆਮ ਲੋਕਾਂ ਨੂੰ ਵੱਧ ਤੋਂ ਵੱਧ ਤੋਂ ਜਾਣੂ ਕਰਵਾਇਆ ਜਾਵੇ ਤਾਂ ਜੋ ਧਰਤੀ ਹੇਠਲੇ ਦਿਨ ਪ੍ਰਤੀ ਦਿਨ ਪਾਣੀ ਦੇ ਘੱਟ ਰਹੇ ਪੱਧਰ ਨੂੰ ਬਚਾਇਆ ਜਾ ਸਕੇ।
ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਜਸਵੰਤ ਸਿੰਘ ਬੜੈਚ, ਐਸ.ਡੀ.ਓ. ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਹਰਸਿਮਰਨ ਸਿੰਘ, ਕਾਰਜਸਾਧਕ ਅਫ਼ਸਰਾਂ ਸਮੇਤ ਹੋਰ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

NO COMMENTS