
ਮਾਨਸਾ, 14 ਮਾਰਚ (ਸਾਰਾ ਯਹਾਂ/ ਮੁੱਖ ਸੰਪਾਦਕ ) :ਮੁੱਖ ਖੇਤੀਬਾੜੀ ਅਫਸਰ ਮਾਨਸਾ ਵੱਲੋਂ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ: ਗੁਰਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸਾਂ ਹੇਠ ਵੱਖ-ਵੱਖ ਜਿਨਿੰਗ ਫੈਕਟਰੀਆਂ ਅਤੇ ਵੜੇਵਿਆਂ ਦਾ ਤੇਲ ਕੱਢਣ ਵਾਲੀਆਂ ਫੈਕਟਰੀਆਂ ਦਾ ਦੌਰਾ ਕੀਤਾ ਗਿਆ। ਉਨਾਂ ਨੇ ਮਿੱਲਾਂ ਦੇ ਮਾਲਕਾਂ ਨੂੰ ਦੱਸਿਆ ਕਿ ਨਰਮੇ ਦੀ ਫਸਲ ਦਾ ਪਿਛਲੇ ਸਾਲ ਗੁਲਾਬੀ ਸੁੰਡੀ ਨੇ ਬਹੁਤ ਨੁਕਸਾਨ ਕੀਤਾ ਸੀ। ਇਸ ਲਈ ਨਰਮੇ ਦੀ ਖੇਤੀ ਨੂੰ ਬਚਾਉਣ ਲਈ ਵਿਭਾਗ ਵੱਲੋਂ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਸ਼੍ਰੀ ਮਨਜੀਤ ਸਿੰਘ ਨੇ ਦੱਸਿਆ ਕਿ ਗੁਲਾਬੀ ਸੁੰਡੀ ਦੇ ਲਾਰਵੇ ਹੁਣ ਵੜੇਵਿਆਂ ਵਿੱਚ ਅਤੇ ਇਸ ਦੀ ਰਹਿੰਦ ਖੂੰਹਦ ਵਿੱਚ ਮੌਜੂਦ ਹਨ ਅਤੇ ਇਹ ਸੁੰਡੀਆਂ ਨਰਮੇ ਦੀ ਫਸਲ ਦੀ ਬਿਜਾਈ ਉਪਰੰਤ ਫਸਲ ਦਾ ਨੁਕਸਾਨ ਕਰਦੀਆਂ ਹਨ। ਇਸ ਲਈ ਉਹਨਾਂ ਨੇ ਫੈਕਟਰੀਆਂ ਦੇ ਮਾਲਕਾਂ ਨੂੰ ਵੜੇਵਿਆਂ ਦੇ ਢੇਰਾਂ ਅਤੇ ਹੋਰ ਥਾਵਾਂ ’ਤੇ ਫਯੂਮੀਗੇਸ਼ਨ (ਧੂਣੀਕਰਨ) ਕਰਨ ਦੀ ਅਪੀਲ ਕੀਤੀ। ਉਨਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨਰਮੇ ਦੀਆਂ ਛਟੀਆਂ ਵਿੱਚ ਅਣਖਿੜੇ/ਅਧਖਿੜੇ ਟੀਂਡਿਆਂ ਵਿੱਚ ਵੀ ਗੁਲਾਬੀ ਸੁੰਡੀ ਦੇ ਲਾਰਵੇ ਪਾਏ ਗਏ ਹਨ। ਇਸ ਲਈ ਇਨਾਂ ਟੀਂਡਿਆਂ ਨੂੰ ਛਟੀਆਂ ਨਾਲੋਂ ਝਾੜ ਕੇ ਨਸਟ ਕਰ ਦੇਣਾ ਚਾਹੀਦਾ ਹੈ। ਉਨਾਂ ਕਿਹਾ ਕਿ ਇਸ ਤੋਂ ਇਲਾਵਾ ਇਸ ਸਮੇਂ ਜੋ ਸੁੰਡੀ ਨਰਮੇ ਦੀਆਂ ਛਟੀਆਂ ਵਿੱਚ ਹੈ, ਉਹ ਸੁੰਡੀ ਕਣਕ ਦੀ ਫਸਲ ਦਾ ਕੋਈ ਨੁਕਸਾਨ ਨਹੀ ਕਰਦੀ, ਇਸ ਲਈ ਕਿਸਾਨਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀ ਹੈ। ਇਸ ਮੌਕੇ ਖੇਤੀਬਾੜੀ ਵਿਕਾਸ ਅਫ਼ਸਰ ਭੀਖੀ ਡਾ. ਹਰਵਿੰਦਰ ਸਿੰਘ, ਡਿਪਟੀ ਪ੍ਰੋਜੈਕਟ ਡਾਇਰੈਕਟਰ (ਆਤਮਾ) ਡਾ. ਚਮਨਦੀਪ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ ਮਾਨਸਾ ਡਾ. ਸੁਖਜਿੰਦਰ ਸਿੰਘ ਮੌਜੂਦ ਸਨ।
