ਮਾਨਸਾ, 26 ਨਵੰਬਰ(ਸਾਰਾ ਯਹਾਂ/ਬੀਰਬਲ ਧਾਲੀਵਾਲ) : ਅੱਜ ਸੰਵਿਧਾਨ ਦਿਵਸ ਮੌਕੇ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਾਨਸਾ ਵੱਲੋਂ ਮਾਨਸਾ, ਬੁਢਲਾਡਾ ਅਤੇ ਸਰਦੂਲਗੜ੍ਹ ਸਬ—ਡਵੀਜ਼ਨਾਂ ਦੇ ਵੱਖ—ਵੱਖ ਸਕੂਲਾਂ ਵਿੱਚ ਸੰਵਿਧਾਨ ਦਿਵਸ ਮਨਾਇਆ ਗਿਆ।ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮਾਨਸਾ ਵਿਖੇ ਚੀਫ ਜੂਡੀਸ਼ੀਅਲ ਮੈਜਿਸਟ੍ਰੇਟ—ਕਮ—ਸਕੱਤਰ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਾਨਸਾ ਸ਼੍ਰੀਮਤੀ ਸ਼ਿਲਪਾ ਵਰਮਾ ਵੱਲੋਂ ਸੰਵਿਧਾਨ ਦਿਵਸ ਮੌਕੇ ਸ਼ਿਰਕਤ ਕੀਤੀ ਗਈ।ਇਸ ਮੌਕੇ ਉਨ੍ਹਾਂ ਨਾਲ ਬਾਲ ਸੁਰੱਖਿਆ ਦਫ਼ਤਰ ਮਾਨਸਾ ਵੱਲੋਂ ਚਾਇਲਡ ਪ੍ਰੋਟੈਕਸ਼ਨ ਅਫਸਰ ਸ਼੍ਰੀ ਅਜੈ ਤਾਇਲ ਅਤੇ ਐਡਵੋਕੇਟ ਸ਼੍ਰੀ ਗਗਨਦੀਪ ਸਿੰਘ ਚਹਿਲ ਵੀ ਹਾਜ਼ਰ ਸਨ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਦੱਸਿਆ ਕਿ ਸੰਵਿਧਾਨ ਦਾ ਜਿੰਦਗੀ ਵਿੱਚ ਕੀ ਯੋਗਦਾਨ ਅਤੇ ਮਹੱਤਤਾ ਹੈ।ਉਨ੍ਹਾਂ ਨੇ ਸਰਕਾਰ ਵੱਲੋਂ ਮਿਲ ਰਹੀਆਂ ਮੁਫਤ ਕਾਨੂੰਨੀ ਸੇਵਾਵਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਸੀਂ ਮੁਫ਼ਤ ਕਾਨੂੰਨੀ ਸੇਵਾਵਾਂ ਦਾ ਲਾਭ ਕਿਸ ਤਰ੍ਹਾਂ ਪ੍ਰਾਪਤ ਕਰ ਸਕਦੇ ਹਾਂ। ਐਡਵੋਕੇਟ ਸ਼੍ਰੀ ਗਗਨਦੀਪ ਸਿੰਘ ਚਹਿਲ ਨੇ ਵਿਦਿਆਰਥੀਆਂ ਨੂੰ ਸੰਵਿਧਾਨ ਦੀ ਮਹੱਤਤਾ ਸਮਝਾਈ ਅਤੇ ਸੰਵਿਧਾਨ ਰਾਹੀਂ ਮਿਲੇ ਮੌਲਿਕ ਅਧਿਕਾਰਾਂ ਅਤੇ ਰਾਜ ਦੇ ਨੀਤੀ ਨਿਰਦੇਸ਼ਕ ਸਿਧਾਂਤਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ । ਉਹਨਾਂ ਸੰਵਿਧਾਨ ਦੀ ਪ੍ਰਸਤਾਵਨਾ ਦੀ ਵਿਸ਼ੇਸ਼ਤਾ ਦਾ ਖਾਸ ਤੌਰ *ਤੇ ਜ਼ਿਕਰ ਕੀਤਾ। ਇਸ ਸੈਮੀਨਾਰ ਦੌਰਾਨ ਸ਼੍ਰੀ ਅਜੈ ਤਾਇਲ ਜੀ ਵੱਲੋਂ ਵੀ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ ਗਿਆ।