(ਸਾਰਾ ਯਹਾਂ/ਬਿਊਰੋ ਨਿਊਜ਼ ) : ਭਾਜਪਾ ਆਗੂ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਰਕਾਰ ਉੱਤੇ ਕਾਨੂੰਨ ਵਿਵਸਥਾ ਨੂੰ ਲੈ ਕੇ ਸਵਾਲ ਖੜ੍ਹਾ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਪੰਜਾਬ ਦੇ ਮਾਮਲਿਆਂ ਵਿੱਚ ਦਖ਼ਲ ਦੇਣਾ ਚਾਹੀਦਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿਹਾ, ਕਾਨੂੰਨ ਵਿਵਸਥਾ ਕੇਂਦਰ ਦਾ ਵਿਸ਼ਾ ਨਹੀਂ ਹੈ। ਜੇਕਰ ਉਹ (ਪੰਜਾਬ ਸਰਕਾਰ) ਇਸ ਨੂੰ ਸੰਭਾਲਣ ਦੇ ਸਮਰੱਥ ਨਹੀਂ ਤਾਂ ਭਾਰਤ ਸਰਕਾਰ ਨੂੰ ਜ਼ਿੰਮੇਵਾਰੀ ਲੈਣੀ ਪਵੇਗੀ। ਹਰ ਰੋਜ਼ ਡਰੋਨ ਫੜੇ ਜਾ ਰਹੇ ਹਨ, ਮੈਨੂੰ ਲੱਗਦਾ ਹੈ ਕਿ ਕੇਂਦਰ ਨੂੰ ਇਹ ਦੇਖਣਾ ਚਾਹੀਦਾ ਹੈ
ਦੱਸ ਦਈਏ ਕਿ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਆਪਣੇ ਸਮਰਥਕਾਂ ਨਾਲ ਵੀਰਵਾਰ ਨੂੰ ਅਜਨਾਲਾ ਪੁਲਿਸ ਥਾਣੇ ਨੂੰ ਘੇਰ ਲਿਆ ਸੀ। ਪ੍ਰਦਰਸ਼ਨਕਾਰੀ ਆਪਣੇ ਨਾਲ ਪਾਲਕੀ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਲੈ ਕੇ ਆਏ ਸਨ। ਇਸ ਦੌਰਾਨ ਪੁਲਿਸ ਨੂੰ ਪ੍ਰਦਰਸ਼ਨਕਾਰੀਆਂ ਅੱਗੇ ਝੁਕਣਾ ਪਿਆ ਸੀ। ਇਸ ਲਈ ਪੁਲਿਸ ਦੀ ਕਾਫੀ ਅਲੋਚਨਾ ਵੀ ਹੋਈ ਸੀ ਜਿਸ ਮਗਰੋਂ ਪੁਲਿਸ ਨੇ ਵੀ ਕਿਹਾ ਸੀ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਕਰਕੇ ਉਨ੍ਹਾਂ ਨੇ ਕੋਈ ਸਖਤੀ ਨਹੀਂ ਵਰਤੀ।
ਇਸ ਦੌਰਾਨ ਪੁਲਿਸ ’ਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪ ਵੀ ਹੋਈ, ਜਿਸ ਕਰਕੇ ਕਈ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋ ਗਏ ਸਨ। ਅਜਨਾਲਾ ਵਿੱਚ ਵਾਪਰੀ ਘਟਨਾ ਮਗਰੋਂ ਡੀਜੀਪੀ ਗੌਰਵ ਯਾਦਵ ਨੇ ਕਿਹਾ ਸੀ ਕਿ ਹਮਲਾਵਰਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਢਾਲ ਬਣਾ ਕੇ ਥਾਣੇ ’ਤੇ ਹਮਲਾ ਕੀਤਾ ਹੈ। ਪੁਲਿਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਨਮਾਨ ਵਿੱਚ ਮਾਮਲੇ ਨੂੰ ਸ਼ਾਂਤ ਰੱਖਣ ਦੀ ਕੋਸ਼ਿਸ਼ ਕੀਤੀ।