ਚੰਡੀਗੜ੍ਹ, 23 ਮਈ –(ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ)
ਪੰਜਾਬ ਵਿਜੀਲੈਂਸ ਬਿਊਰੋ ਨੇ ਜਲੰਧਰ ਦੇ ਕਰਤਾਰਪੁਰ ਵਿਖੇ ਜੰਗ-ਏ-ਆਜ਼ਾਦੀ ਯਾਦਗਾਰ ਦੀ ਉਸਾਰੀ ਨਾਲ ਸਬੰਧਤ ਸਰਕਾਰੀ ਫੰਡਾਂ ਵਿੱਚ ਧੋਖਾਧੜੀ ਕਰਨ ਦੇ ਦੋਸ਼ ਹੇਠ ਇੱਕ ਨਿੱਜੀ ਵਿਅਕਤੀ ਸਮੇਤ 26 ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਇੱਕ ਠੇਕੇਦਾਰ ਸਮੇਤ 15 ਅਧਿਕਾਰੀਆਂ/ਕਰਮਚਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਸੇ ਕੇਸ ਨਾਲ ਸਬੰਧਤ ਵੀਰਵਾਰ ਨੂੰ, ਇੱਕ ਹੋਰ ਮੁਲਜ਼ਮ ਪਰਮਜੀਤ ਸਿੰਘ ਕਾਰਜਕਾਰੀ ਇੰਜੀਨੀਅਰ (ਸੇਵਾਮੁਕਤ), ਲੋਕ ਨਿਰਮਾਣ ਵਿਭਾਗ (ਬੀ ਐਂਡ ਆਰ) ਸ਼ਾਖਾ-2, ਜਲੰਧਰ, ਜੋ ਕਿ ਭਾਈ ਬੰਨੋਜੀ ਨਗਰ, ਜਲੰਧਰ ਦਾ ਰਹਿਣ ਵਾਲਾ ਹੈ, ਨੇ ਵਿਜੀਲੈਂਸ ਬਿਊਰੋ ਜਲੰਧਰ ਰੇਂਜ ਦੇ ਦਫਤਰ ਵਿਖੇ ਆਤਮ ਸਮਰਪਣ ਕਰ ਦਿੱਤਾ ਹੈ। ਉਸ ਨੂੰ ਭਲਕੇ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਰਿਮਾਂਡ ਹਾਸਲ ਕਰਨ ਉਪਰੰਤ ਉਸ ਕੋਲੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਮੁਕੱਦਮੇ ਦੀ ਜਾਂਚ ਦੌਰਾਨ ਪਾਇਆ ਗਿਆ ਕਿ ਇਸ ਯਾਦਗਾਰ ਦੀ ਉਸਾਰੀ ਲਈ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਫੰਡਾਂ ਦੀ ਦੁਰਵਰਤੋਂ ਕੀਤੀ ਗਈ ਸੀ, ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਕਰੋੜਾਂ ਰੁਪਏ ਦਾ ਭਾਰੀ ਨੁਕਸਾਨ ਹੋਇਆ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਵੱਲੋਂ ਆਈ.ਪੀ.ਸੀ. ਦੀ ਧਾਰਾ 420, 406, 409, 465, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1)ਏ ਸਮੇਤ 13(2) ਦੇ ਤਹਿਤ ਕੇਸ ਨੰ. 9 ਮਿਤੀ 22.05.2024 ਨੂੰ ਬਿਓਰਿਆਂ ਸੇ ਥਾਣਾ, ਜਲੰਧਰ ਰੇਂਜ ਵਿਖੇ ਦਰਜ ਕੀਤਾ ਗਿਆ ਹੈ।
ਬੁਲਾਰੇ ਨੇ ਅੱਗੇ ਕਿਹਾ ਕਿ ਇਸ ਕੇਸ ਵਿਛ ਵਿਨੈ ਬੁਬਲਾਨੀ, ਆਈ.ਏ.ਐਸ ਅਤੇ ਹੋਰਾਂ ਸਮੇਤ ਬਾਕੀ ਭਗੌੜੇ ਮੁਲਜ਼ਮਾਂ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ ਕਿਉਂਕਿ ਉਨ੍ਹਾਂ ਦੇ ਰਿਹਾਇਸ਼ਾਂ ਅਤੇ ਹੋਰ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।