ਮਾਨਸਾ, 13 ਮਈ (ਸਾਰਾ ਯਹਾਂ/ ਮੁੱਖ ਸੰਪਾਦਕ ): ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਵਿਜੇ ਸਿੰਗਲਾ ਨੇ ਅੱਜ ਸਿਵਲ ਹਸਪਤਾਲ ਮਾਨਸਾ ਦਾ ਦੌਰਾ ਕਰਕੇ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ। ਸਿਹਤ ਮੰਤਰੀ ਨੇ ਹਸਪਤਾਲ ਦੀ ਐਮਰਜੈਂਸੀ ਸਮੇਤ ਵਾਰਡਾਂ ’ਚ ਦਾਖਲ ਮਰੀਜ਼ਾ ਤੋਂ ਹਸਪਤਾਲ ਅੰਦਰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੁਵਿਧਾਵਾਂ ਬਾਰੇ ਜਾਣਕਾਰੀ ਲਈ। ਹਸਪਤਾਲ ਅੰਦਰ ਦਾਖਲ ਮਰੀਜ਼ਾਂ ਨੇ ਡਾਕਟਰੀ ਸਟਾਫ ਸਮੇਤ ਸਿਹਤ ਕਰਮਚਾਰੀਆਂ ਵੱਲੋਂ ਨਿਭਾਈ ਜਾ ਰਹੀ ਡਿਊਟੀ ’ਤੇ ਸੰਤੁਸ਼ਟੀ ਪ੍ਰਗਟ ਕੀਤੀ।
ਉਨ੍ਹਾਂ ਜੱਚਾ ਬੱਚਾ ਕੇਂਦਰ ਅਤੇ ਸਿਵਲ ਹਸਪਤਾਲ ਮਾਨਸਾ ਦੀਆਂ ਦੋਵੇਂ ਬਿਲਡਿੰਗਾਂ ਨੂੰ ਮਿਲਾਉਣ ਲਈ ਜਾਇਜ਼ਾ ਲੈਣ ਆਈ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਇੰਜੀਨਰਿੰਗ ਵਿੰਗ ਦੀ ਟੀਮ ਨੂੰ ਸਮੁੱਚੇ ਕੰਮ ਨੂੰ ਵਧੀਆ ਢੰਗ ਨਾਲ ਕਰਨ ਦੇ ਆਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਦੋਵੇਂ ਬਿਲਡਿੰਗਾਂ ਨੂੰ ਆਪਸ ਵਿੱਚ ਜੋੜ ਕੇ ਮਰੀਜ਼ਾਂ ਦੀ ਸੁਵਿਧਾ ਲਈ ਜਲਦ ਸਿਵਲ ਹਸਪਤਾਲ ਦੀ ਨੁਹਾਰ ਬਦਲੀ ਜਾਵੇਗੀ।
ਸਿਹਤ ਮੰਤਰੀ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਦੇ ਸਰਕਾਰੀ ਹਸਪਤਾਲਾਂ ਦੀ ਕਾਇਆ ਕਲਪ ਕਰਨ ਲਈ ਡਾਕਟਰਾਂ ਅਤੇ ਹੋਰ ਸਟਾਫ ਦੀ ਘਾਟ ਨੂੰ ਜਲਦ ਪੂਰਾ ਕਰ ਲਿਆ ਜਾਵੇਗਾ, ਇਸ ਤੋਂ ਇਲਾਵਾ ਹਸਪਤਾਲਾਂ ਅੰਦਰ ਆਧੁਨਿਕ ਮਸ਼ੀਨਾਂ ਜਾਂ ਲੋੜੀਂਦੀਆਂ ਦਵਾਈਆਂ ਦੀ ਮਾਤਰਾ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਰਾਜ ਅੰਦਰ ਕੋਈ ਵੀ ਲੋੜਵੰਦ ਅਤੇ ਗਰੀਬ ਵਿਅਕਤੀ ਇਲਾਜ ਕਰਵਾਉਣ ਤੋਂ ਵਾਂਝਾਂ ਨਹੀ ਰਹਿ ਸਕੇਗਾ।