ਝੋਨੇ ਦੀ ਖਰੀਦ ਪ੍ਰਕਿਰਿਆ ਵਿੱਚ ਕੋਈ ਲਾਪਰਵਾਹੀ ਬਰਦਾਸ਼ਤ ਨਹੀਂ ਹੋਵੇਗੀ: ਡਿਪਟੀ ਕਮਿਸ਼ਨਰ

0
3

ਮਾਨਸਾ, 06 ਅਕਤੂਬਰ (ਸਾਰਾ ਯਹਾ / ਮੁੱਖ ਸੰਪਾਦਕ) : ਜ਼ਿਲ੍ਹਾ ਮਾਨਸਾ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਖਰੀਦ ਸੁਨਿਸ਼ਚਿਤ ਕਰਨ ਲਈ ਅਤੇ ਝੋਨੇ ਦੀ ਪਰਾਲੀ (ਰਹਿੰਦ-ਖੂਹੰਦ) ਨੂੰ ਅੱਗ ਲਗਾਉਣ ਤੋਂ ਰੋਕਣ ਸਬੰਧੀ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਵੱਲੋਂ ਸਬੰਧਤ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਹਦਾਇਤ ਕੀਤੀ ਕਿ ਅਨਾਜ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣੀ ਚਾਹੀਦੀ ਅਤੇ ਕੋਵਿਡ-19 ਦੇ ਚੱਲਦਿਆਂ ਪੂਰੀ ਅਹਿਤਿਆਤ ਵਰਤਦੇ ਹੋਏ ਝੋਨੇ ਦੀ ਖਰੀਦੋ-ਫਰੋਖ਼ਤ ਦਾ ਕੰਮ ਨੇਪਰੇ ਚਾੜ੍ਹਿਆ ਜਾਵੇ। ਉਨ੍ਹਾਂ ਕਿਹਾ ਕਿ ਝੋਨੇ ਦੀ ਖਰੀਦ ਪ੍ਰਕਿਰਿਆ ਵਿੱਚ ਵਿਭਾਗੀ ਪੱਧਰ ’ਤੇ ਕੋਈ ਵੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਕੁੱਲ 181 ਖਰੀਦ ਕੇਂਦਰ ਬਣਾਏ ਗਏ ਹਨ, ਜਿਨ੍ਹਾਂ ਵਿੱਚ 117 ਮੰਡੀਆਂ, 63 ਸ਼ੈਲਰ ਅਤੇ 1 ਸ਼ੂਗਰ ਮਿੱਲ ਸ਼ਾਮਿਲ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਲੋੜੀਂਦਾ ਸਟਾਫ਼ ਮੌਜੂਦ ਰਹਿਣਾ ਚਾਹੀਦਾ ਹੈ ਅਤੇ ਮੰਡੀਆਂ ਵਿੱਚ ਸਾਫ਼-ਸਫ਼ਾਈ, ਪਾਣੀ, ਬਿਜਲੀ ਆਦਿ ਪ੍ਰਬੰਧ ਮੁਕੰਮਲ ਹੋਣੇ ਚਾਹੀਦੇ ਹਨ। ਉਨ੍ਹਾਂ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਨੂੰ ਵੀ ਮੰਡੀਆਂ ਦਾ ਸਮੇਂ-ਸਮੇਂ ’ਤੇ ਨਿਰੀਖੱਣ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਨਾਲ ਹੀ ਕਿਹਾ ਕਿ ਮੰਡੀਆਂ ਵਿੱਚ ਬਾਰਦਾਨੇ ਅਤੇ ਲਿਫਟਿੰਗ ਦੀ ਸਮੱਸਿਆ ਨਾ ਆਵੇ ਇਸ ਪਾਸੇ ਖ਼ਾਸ ਧਿਆਨ ਦਿੱਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਆਉਣ ਵਾਲੀਆਂ ਟਰਾਲੀਆਂ ਨੂੰ ਪਾਸ ਜਾਰੀ ਕੀਤੇ ਜਾਣ ਅਤੇ ਯਕੀਨੀ ਬਣਾਇਆ ਜਾਵੇ ਕਿ ਜਿਸ ਕੋਲ ਪਾਸ ਹੋਵੇ ਉਹੀ ਕਿਸਾਨ ਆਪਣੀ ਟਰਾਲੀ ਮੰਡੀਆਂ ਅੰਦਰ ਦਾਖਲ ਕਰੇ। ਉਨ੍ਹਾਂ ਕਿਹਾ ਕਿ ਝੋਨੇ ਦੀ ਖਰੀਦ ਦੇ ਇਸ ਕੰਮ ਨੂੰ ਨੇਪਰੇ ਚਾੜ੍ਹਨ ਲਈ ਖੁਸ਼ਹਾਲੀ ਦੇ ਰਾਖਿਆਂ ਦਾ ਵੀ ਸਹਿਯੋਗ ਲਿਆ ਜਾ ਸਕਦਾ ਹੈ।
ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ। ਉਨ੍ਹਾਂ ਖੇਤੀਬਾੜੀ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਸੁਪਰਸੀਡਰ ਜਾਂ ਹੈਪੀਸੀਡਰ ਦੀ ਵਰਤੋਂ ਦੇ ਢੰਗ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ ਦੇ ਫਾਇਦਿਆਂ ਸਬੰਧੀ ਕੈਂਪ ਲਗਾਉਣ ਅਤੇ ਡੈਮੋ ਵੀ ਕਰਕੇ ਦਿਖਾਈ ਜਾਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਅਮਰਪ੍ਰੀਤ ਕੌਰ, ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ, ਐਸ.ਡੀ.ਐਮ. ਬੁਢਲਾਡਾ ਸ਼੍ਰੀ ਸਾਗਰ ਸੇਤੀਆ, ਐਸ.ਡੀ.ਐਮ. ਮਾਨਸਾ ਡਾ. ਸ਼ਿਖਾ ਭਗਤ, ਸਹਾਇਕ ਕਮਿਸ਼ਨਰ ਸ਼੍ਰੀਮਤੀ ਸਰਬਜੀਤ ਕੌਰ, ਐਸ.ਪੀ. ਸ਼੍ਰੀ ਸਤਨਾਮ ਸਿੰਘ ਸਿੱਧੂ, ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸ਼੍ਰੀਮਤੀ ਮਧੂ, ਜ਼ਿਲ੍ਹਾ ਮੰਡੀ ਅਫ਼ਸਰ ਸ਼੍ਰੀ ਰਜਨੀਸ਼ ਗੋਇਲ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਸ਼੍ਰੀ ਰਘਬੀਰ ਸਿੰਘ ਮਾਨ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।

NO COMMENTS