*ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਖੇਤੀ ਮਸ਼ੀਨਰੀ ਦੀ ਵਿਊਂਤਬੰਦੀ ਨਾਲ ਹੋਵੇ ਵਰਤੋਂ-ਡਿਪਟੀ ਕਮਿਸ਼ਨਰ*

0
1

ਮਾਨਸਾ, 28 ਅਗਸਤ: (ਸਾਰਾ ਯਹਾਂ/ਮੁੱਖ ਸੰਪਾਦਕ ):
ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਇਸ ਦੇ ਪ੍ਰਬੰਧਨ ਸਬੰਧੀ ਕੀਤੇ ਜਾਣ ਵਾਲੇ ਉਪਰਾਲਿਆਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਖੇਤੀਬਾੜੀ ਵਿਭਾਗ ਸਮੇਤ ਹੋਰ ਵੱਖ ਵੱਖ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਦੀ ਸਾਂਭ-ਸੰਭਾਲ ਬਹੁਤ ਹੀ ਮਹੱਤਵਪੂਰਨ ਮੁੱਦਾ ਹੈ ਅਤੇ ਸਾਰੇ ਅਧਿਕਾਰੀਆਂ ਨੂੰ ਇਸ ਕੰਮ ਵਿੱਚ ਆਪਣਾ ਪੂਰਨ ਸਹਿਯੋਗ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਵੱਲੋਂ ਇਹ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਅਧਿਕਾਰੀ/ਕਰਮਚਾਰੀ ਆਪਣੇ ਖੇਤ ਵਿੱਚ ਪਰਾਲੀ ਨੂੰ ਅੱਗ ਨਾ ਲਗਾਵੇ ਤਾਂ ਜੋ ਕਿਸਾਨਾਂ ਲਈ ਚਾਨਣ ਮੁਨਾਰੇ ਦਾ ਕੰਮ ਕਰਦਿਆਂ ਹੋਰਨਾ ਕਿਸਾਨਾਂ ਨੂੰ ਵੀ ਸੇਧ ਦਿੱਤੀ ਜਾ ਸਕੇ।


ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਜਾ ਕੇ ਵੱਧ ਤੋਂ ਵੱਧ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਤੋਂ ਹੋਣ ਵਾਲੇ ਨੁਕਸਾਨ ਬਾਰੇ ਜਾਗਰੂਕ ਕੀਤਾ ਜਾਵੇ ਅਤੇ ਇਸ ਸਬੰਧੀ ਵੱਧ ਤੋਂ ਵੱਧ ਪ੍ਰੋਗਰਾਮ/ਸਿਖਲਾਈ ਕੈਂਪ ਲਗਾਏ ਜਾਣ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਉਨਾਂ ਕਿਸਾਨਾਂ ਦੀ ਸ਼ਨਾਖਤ ਕੀਤੀ ਜਾਵੇ ਜਿੰਨ੍ਹਾਂ ਨੇ ਪਿਛਲੇ ਸਾਲਾਂ ਦੌਰਾਨ ਪਰਾਲੀ ਨੂੰ ਅੱਗ ਨਾ ਲਗਾਈ ਹੋਵੇ ਤਾਂ ਜੋ ਅਜਿਹੇ ਕਿਸਾਨਾਂ ਨੂੰ ਰੋਲ ਮਾਡਲ ਦੇ ਤੌਰ ’ਤੇ ਪੇਸ਼ ਕਰਦੇ ਹੋਏ ਹੋਰਨਾਂ ਕਿਸਾਨਾਂ ਨੂੰ ਵੀ ਸੇਧ ਦਿੱਤੀ ਜਾ ਸਕੇ ਅਤੇ ਪਰਾਲੀ ਦਾ ਪ੍ਰਬੰਧਨ ਖੇਤੀ ਮਸ਼ੀਨਰੀ ਨਾਲ ਖੇਤ ਵਿੱਚ ਹੀ ਕਰਦਿਆਂ ਕਣਕ ਦੀ ਬਿਜਾਈ ਕੀਤੀ ਜਾਵੇ।  
ਉਨ੍ਹਾਂ ਪੰਚਾਇਤੀ ਵਿਭਾਗ ਨੂੰ ਹਦਾਇਤ ਕੀਤੀ ਕਿ ਪਿੰਡ ਦੇ ਸਰਪੰਚਾਂ/ਪੰਚਾਂ ਦਾ ਇਸ ਕੰਮ ਵਿੱਚ ਸਹਿਯੋਗ ਲਿਆ ਜਾਵੇ ਅਤੇ ਉਨ੍ਹਾਂ ਨੂੰ ਜਾਣੂ ਕਰਵਾਇਆ ਜਾਵੇ ਕਿ ਜੀਰੋ ਬਰਨਿੰਗ ਵਾਲੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਸ਼ੇਸ਼ ਸਨਮਾਨ ਦਿੱਤਾ ਜਾਵੇਗਾ।  ਉਨ੍ਹਾਂ ਸਹਿਕਾਰੀ ਵਿਭਾਗ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਜਿੰਨ੍ਹਾਂ ਕਿਸਾਨਾਂ ਕੋਲ ਖੇਤੀ ਮਸ਼ੀਨਰੀ ਮੌਜੂਦ ਹੈ, ਉਨ੍ਹਾਂ ਨੂੰ ਇਹ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਲਈ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਕੋਈ ਵੀ ਕਿਸਾਨ ਅਜਿਹਾ ਨਾ ਹੋਵੇ ਜਿਸ ਨੂੰ ਖੇਤੀ ਮਸ਼ੀਨੀਰੀ ਦੀ ਥੋੜ ਕਰਕੇ ਅੱਗ ਲਗਾਉਣੀ ਪਵੇ।  ਉਨ੍ਹਾਂ ਕਿਹਾ ਕਿ ਜੇਕਰ ਸਹਿਕਾਰੀ ਸਭਾਵਾਂ ਪਾਸ ਮੌਜੂਦ ਖੇਤੀ ਮਸ਼ੀਨਰੀ ਦੀ ਰਿਪੇਅਰ ਆਦਿ ਦੀ ਜਰੂਰਤ ਹੋਵੇ ਤਾਂ ਸ਼ੀਜਨ ਤੋਂ ਪਹਿਲਾਂ ਹਰ ਹਾਲਤ ਵਿੱਚ ਮਸ਼ੀਨਾ ਠੀਕ ਕਰਵਾ ਕੇ ਕਿਸਾਨਾਂ ਨੂੰ ਮੁਹੱਈਆ ਕਰਵਾਉਣ ਲਈ ਤਿਆਰ ਕਰ ਲਈਆਂ ਜਾਣ।  ਉਨ੍ਹਾਂ ਹਾਜਰ ਅਧਿਕਾਰੀਆਂ ਨੂੰ ਜ਼ਿਲ੍ਹੇ ਅੰਦਰ ਚੱਲ ਰਹੀਆਂ ਐਨ.ਜੀ.ਓਜ਼ ਨਾਲ ਤਾਲਮੇਲ ਕਰਕੇ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨ ਲਈ ਕਿਹਾ।


ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਵਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪਰਾਲੀ ਦੇ ਪ੍ਰਬੰਧਨ ਲਈ ਰੋਡ ਮੈਪ ਤਿਆਰ ਕੀਤਾ ਜਾ ਚੁੱਕਾ ਹੈ ਅਤੇ ਇਸ ਸਾਲ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਨੂੰ ਅੱਗ ਨਹੀ ਲਗਾਉਣ ਦਿੱਤੀ ਜਾਵੇਗੀ ਬਲਕਿ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਵਾਇਆ ਜਾਵੇਗਾ।  
ਮੁੱਖ ਖੇਤੀਬਾੜੀ ਅਫਸਰ ਡਾ. ਦਿਲਬਾਗ ਸਿੰਘ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਪਿੰਡ ਪੱਧਰ ’ਤੇ ਲਗਾਏ ਜਾ ਰਹੇ ਕਿਸਾਨ ਸਿਖਲਾਈ ਕੈਂਪਾਂ ਵਿੱਚ ਕਿਸਾਨਾਂ ਨੂੰ ਪਰਾਲੀ ਦੇ ਪ੍ਰਬੰਧਨ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਇਹ ਜਾਗਰੂਕਤਾ ਮੁਹਿੰਮ ਲਗਾਤਾਰ ਜਾਰੀ ਰੱਖੀ ਜਾਵੇਗੀ।  ਉਨ੍ਹਾਂ ਦੱਸਿਆ ਕਿ ਪਿਛਲੇ ਸਾਲਾਂ ਦੀ ਤਰ੍ਹਾਂ ਵਿਭਾਗ ਵੱਲੋਂ ਖੇਤੀ ਮਸ਼ੀਨਰੀ ਕਿਸਾਨਾਂ ਨੂੰ ਉਪਦਾਨ ’ਤੇ ਮੁਹੱਈਆ ਕਰਵਾਉਣ ਲਈ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਜ਼ਿਲ੍ਹੇ ਨੂੰ ਨਿਰਧਾਰਤ ਕੀਤੇ ਗਏ ਟੀਚਿਆਂ ਅਨੁਸਾਰ ਸ਼ੀਜਨ ਤੋਂ ਪਹਿਲਾਂ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਮੁਹੱਈਆ ਕਰਵਾ ਦਿੱਤੀ ਜਾਵੇਗੀ।
ਇਸ ਮੌਕੇ ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਅਮਰਿੰਦਰ ਸਿੰਘ ਮੱਲ੍ਹੀ, ਜ਼ਿਲ੍ਹਾ ਮਾਲ ਅਫ਼ਸਰ ਸੁਖਰਾਜ ਸਿੰਘ ਢਿੱਲੋਂ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸੁਖਵੀਰ ਕੌਰ ਤੋਂ ਇਲਾਵਾ ਬੀ.ਡੀ.ਪੀ.ਓਜ਼, ਵੱਖ ਵੱਖ ਵਿਭਾਗੀ ਅਧਿਕਾਰੀ ਅਤੇ ਸਮੂਹ ਕਲੱਸਟਰ ਅਫਸਰ ਮੌਜੂਦ ਸਨ।

LEAVE A REPLY

Please enter your comment!
Please enter your name here