ਮਾਨਸਾ, 16 ਨਵੰਬਰ:(ਸਾਰਾ ਯਹਾਂ/ਬੀਰਬਲ ਧਾਲੀਵਾਲ):
ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਨੂੰ ਯਕੀਨੀ ਬਣਾਉਣ, ਇਸ ਦੇ ਲਈ ਉਨ੍ਹਾਂ ਨੂੰ ਜਾਗਰੂਕ ਕਰਨ ਅਤੇ ਖੇਤੀਬਾੜੀ ਤੇ ਸਹਿਕਾਰਤਾ ਵਿਭਾਗ ਵੱਲੋਂ ਮੁਹੱਈਆ ਕਰਵਾਈ ਜਾਂਦੀ ਮਸ਼ੀਨਰੀ ਦੀ ਤਕਨੀਕ ਅਤੇ ਵਰਤੋਂ ਬਾਰੇ ਪ੍ਰੇਰਿਤ ਕਰਨ ਲਈ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੀਆਂ ਟੀਮਾਂ ਮੁਸਤੈਦੀ ਨਾਲ ਕੰਮ ਕਰ ਰਹੀਆਂ ਹਨ।
ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਵਿੰਦਰ ਸਿੰਘ ਨੇ ਦੱਸਿਆ ਕਿ ਪਿੰਡਾਂ ਵਿਚ ਨਿਰੰਤਰ ਨਜ਼ਰਸਾਨੀ ਰੱਖੀ ਜਾ ਰਹੀ ਹੈ, ਉਹ ਰੋਜ਼ਾਨਾ ਪੱਧਰ ’ਤੇ ਖੁਦ ਵੱਖ ਵੱਖ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨਾਲ ਰਾਬਤਾ ਕਰ ਰਹੇ ਹਨ ਅਤੇ ਜਿੱਥੇ ਕਿਤੇ ਵੀ ਪਰਾਲੀ ਨੂੰ ਲੱਗੀ ਅੱਗ ਦਾ ਮਾਮਲਾ ਸਾਹਮਣੇ ਆਉਂਦਾ ਹੈ ਉੱਥੇ ਤੁਰੰਤ ਫਾਇਰ ਬ੍ਰਿਗੇਡ ਦੀ ਮਦਦ ਨਾਲ ਅੱਗ ਬੁਝਾਈ ਜਾਂਦੀ ਹੈ ਅਤੇ ਲੋੜੀਂਦੀ ਕਾਰਵਾਈ ਵੀ ਅਮਲ ਵਿਚ ਲਿਆਂਦੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵਿਭਾਗ ਦੇ ਅਧਿਕਾਰੀ ਵੀ ਕਿਸਾਨਾ ਨਾਲ ਲਗਾਤਾਰ ਤਾਲਮੇਲ ਕਰ ਰਹੇ ਹਨ ਤਾਂ ਜੋ ਕੋਈ ਵੀ ਕਿਸਾਨ ਪਰਾਲੀ ਨੂੰ ਅੱਗ ਨਾ ਲਗਾਵੇ।
ਵਧੀਕ ਡਿਪਟੀ ਕਮਿਸ਼ਨਰ ਨੇ ਪਿੰਡ ਅਕਲੀਆ, ਰੜ੍ਹ, ਉੱਭਾ, ਜੋਗਾ, ਰੱਲਾ, ਸਮਾਓਂ ਆਦਿ ਪਿੰਡਾਂ ਦਾ ਖੁਦ ਦੌਰਾ ਕਰਕੇ ਪਰਾਲੀ ਪ੍ਰਬੰਧਨ ਕਰ ਰਹੇ ਕਿਸਾਨਾਂ ਦੇ ਖੇਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਦੇ ਯੋਗ ਨਿਪਟਾਰੇ ਲਈ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦੀ ਮਦਦ ਲੈਣ।