
ਮਾਨਸਾ 9 ਜੂਨ (ਸਾਰਾ ਯਹਾਂ/ ਮੁੱਖ ਸੰਪਾਦਕ ) :ਟਰਾਂਸਪੋਰਟ ਮੰਤਰੀ ਪੰਜਾਬ ਸ਼੍ਰੀ ਲਾਲਜੀਤ ਸਿੰਘ ਭੁੱਲਰ ਅਤੇ ਬਿਜਲੀ ਮੰਤਰੀ ਪੰਜਾਬ ਸ਼੍ਰੀ ਹਰਭਜਨ ਸਿੰਘ ਨੇ ਨੌਜਵਾਨ ਗਾਇਕ ਸ਼ੁੱਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਜੱਦੀ ਪਿੰਡ ਪਹੁੰਚ ਕੇ ਪਰਿਵਾਰ ਨਾਲ ਦੁੱਖ ਵੰਡਾਇਆ। ਉਨਾਂ ਪੀੜਤ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਇਸ ਦੁੱਖ ਦੀ ਘੜੀ ਵਿੱਚ ਸੂਬਾ ਸਰਕਾਰ ਉਨਾਂ ਦੇ ਨਾਲ ਖੜੀ ਹੈ ਅਤੇ ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਛੇਤੀ ਤੋਂ ਛੇਤੀ ਫੜਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨਾਂ ਕਿਹਾ ਕਿ ਸੂਬਾ ਸਰਕਾਰ ਇਸ ਕਤਲ ਦੇ ਅਪਰਾਧੀਆਂ ਨੂੰ ਫੜਨ ਲਈ ਸ਼ੁਰੂ ਤੋਂ ਪੂਰੇ ਜ਼ੋਰ-ਸ਼ੋਰ ਨਾਲ ਕੋਸ਼ਿਸ਼ਾਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਹੋਈ ਇਸ ਬੇਵਕਤੀ ਮੌਤ ਨਾਲ ਉਨਾਂ ਦੇ ਚਾਹੁਣ ਵਾਲਿਆਂ ਨੂੰ ਜਿੱਥੇ ਗਹਿਰਾ ਸਦਮਾ ਪਹੁੰਚਿਆ ਹੈ, ਉਥੇ ਹੀ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਉਨਾਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।
