ਚੰਡੀਗੜ੍ਹ, 14 ਸਤੰਬਰ(ਸਾਰਾ ਯਹਾਂ/ ਮੁੱਖ ਸੰਪਾਦਕ ) :
ਪੰਜਾਬ ਸਰਕਾਰ ਵੱਲੋਂ ਔਰਤਾਂ ਨੂੰ ਦਿੱਤੀ ਜਾਂਦੀ ਮੁਫ਼ਤ ਬੱਸ ਸਫ਼ਰ ਸਹੂਲਤ ਦੇ ਬਕਾਏ ਦੇ ਸਥਾਈ ਹੱਲ ਲਈ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਕੀਤੀ।
ਟਰਾਂਸਪੋਰਟ ਮੰਤਰੀ ਵੱਲੋਂ ਵਿੱਤ ਮੰਤਰੀ ਨੂੰ ਜਾਣੂ ਕਰਵਾਇਆ ਗਿਆ ਕਿ ਔਰਤਾਂ ਦੀ ਭਲਾਈ ਵਾਲੀ ਇਸ ਸਕੀਮ ਲਈ ਫ਼ੰਡ ਸਮੇਂ ਸਿਰ ਨਾ ਜਾਰੀ ਨਾ ਹੋਣ ਕਾਰਨ ਵਿਭਾਗ ਨੂੰ ਤਨਖ਼ਾਹਾਂ ਸਮੇਤ ਹੋਰ ਦੇਣਦਾਰੀਆਂ ਵਿੱਚ ਦਿੱਕਤ ਆ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਮੱਸਿਆ ਦਾ ਸਥਾਈ ਹੱਲ ਕੱਢਿਆ ਜਾਣਾ ਚਾਹੀਦਾ ਹੈ ਤਾਂ ਜੋ ਵਿਭਾਗ ਦਾ ਲੈਣ-ਦੇਣ ਸਮੇਂ ਸਿਰ ਯਕੀਨੀ ਬਣਾਇਆ ਜਾ ਸਕੇ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਭਰੋਸਾ ਦਿਵਾਇਆ ਕਿ ਇਸ ਸਕੀਮ ਲਈ ਫ਼ੰਡ ਛੇਤੀ ਜਾਰੀ ਕੀਤੇ ਜਾਣਗੇ।
ਮੀਟਿੰਗ ਦੌਰਾਨ ਕੈਬਨਿਟ ਮੰਤਰੀਆਂ ਨੇ ਪ੍ਰਮੁੱਖ ਸਕੱਤਰ ਵਿੱਤ ਅਜੋਏ ਕੁਮਾਰ ਸਿਨਹਾ, ਟਰਾਂਸਪੋਰਟ ਵਿਭਾਗ ਦੇ ਸਕੱਤਰ ਵਿਕਾਸ ਗਰਗ ਅਤੇ ਸਕੱਤਰ ਸਮਾਜਿਕ ਸੁਰੱਖਿਆ ਸੁਮੇਰ ਸਿੰਘ ਗੁਰਜਰ, ਪੀ.ਆਰ.ਟੀ.ਸੀ. ਦੇ ਐਮ.ਡੀ. ਪੂਨਮਦੀਪ ਕੌਰ ਅਤੇ ਹੋਰ ਸੀਨੀਅਰ ਅਧਿਕਾਰੀਆਂ ਨੂੰ ਇਸ ਸਮੱਸਿਆ ਨੂੰ ਛੇਤੀ ਤੋਂ ਛੇਤੀ ਹੱਲ ਕਰਨ ਦੇ ਨਿਰਦੇਸ਼ ਦਿੱਤੇ। ——-