ਚੰਡੀਗੜ੍ਹ, 5 ਮਈ ( ਸਾਰਾ ਯਹਾ/ਬਲਜੀਤ ਸ਼ਰਮਾ) : ‘ਕੋਰੋਨਾਵਾਇਰਸ ਖ਼ਿਲਾਫ਼ ਜੰਗ ਵਿੱਚ ਪੰਜਾਬ ਟਰਾਂਸਪੋਰਟ ਵਿਭਾਗ ਮੋਹਰੀ ਰਿਹਾ ਹੈ। ਵਿਭਾਗ ਨੇ ਪੰਜਾਬ ਦੇ ਅੰਦਰ ਅਤੇ ਪੰਜਾਬ ਤੋਂ ਬਾਹਰ ਵਸਤਾਂ ਦੀ ਨਿਰਵਿਘਨ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਹੋਰ ਸੂਬਿਆਂ ਦੀਆਂ ਸਰਕਾਰਾਂ ਨਾਲ ਵਧੀਆ ਤਾਲਮੇਲ ਕੀਤਾ ਹੈ। ਇਹੀ ਕਾਰਨ ਹੈ ਕਿ ਸੂਬੇ ਵਿੱਚ ਕਿਸੇ ਵੀ ਤਰ੍ਹਾਂ ਦੀਆਂ ਜ਼ਰੂਰੀ ਵਸਤਾਂ ਦੀ ਘਾਟ ਨਹੀਂ ਹੈ। ਇਸ ਨਾਲ ਇਹ ਵੀ ਸੁਨਿਸ਼ਚਿਤ ਹੋਇਆ ਕਿ ਪੰਜਾਬ ਵਿੱਚ ਇਨ੍ਹਾਂ ਵਸਤਾਂ ਦੀ ਕੀਮਤ ਵਿੱਚ ਕੋਈ ਵਾਧਾ ਨਹੀਂ ਹੋਇਆ ਹੈ।’ ਇਹ ਪ੍ਰਗਟਾਵਾ ਸ੍ਰੀਮਤੀ ਰਜ਼ੀਆ ਸੁਲਤਾਨਾ, ਟਰਾਂਸਪੋਰਟ ਮੰਤਰੀ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਵਿਭਾਗ ਦੀ ਉੱਚ ਪੱਧਰੀ ਸਮੀਖਿਆ ਬੈਠਕ ਦੀ ਪ੍ਰਧਾਨਗੀ ਕਰਦਿਆਂ ਕੀਤਾ।
ਟਰਾਂਸਪੋਰਟ ਮੰਤਰੀ ਨੇ ਇੱਕ ਪ੍ਰੈਸ ਬਿਆਨ ਵਿਚ ਕਿਹਾ ਕਿ ਇਹ ਮੀਟਿੰਗ ਕੋਵਿਡ -19 ਮਹਾਮਾਰੀ ਦੇ ਮੱਦੇਨਜ਼ਰ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਣ ਲਈ ਕੀਤੀ ਗਈ ਸੀ। ਉਹਨਾਂ ਟਰਾਂਸਪੋਰਟ ਵਿਭਾਗ ਅਤੇ ਇਸ ਦੇ ਅਧਿਕਾਰੀਆਂ ਦੀ ਭੂਮਿਕਾ ਦੀ ਸ਼ਲਾਘਾ ਕੀਤੀ ਜਿਨ੍ਹਾਂ ਨੇ ਹੋਰ ਸੂਬਿਆਂ ਨਾਲ ਤਾਲਮੇਲ ਕਰਕੇ ਸੂਬੇ ਵਿੱਚ ਵਸਤਾਂ ਦੀ ਨਿਰਵਿਘਨ ਆਵਾਜਾਈ ਨੂੰ ਯਕੀਨੀ ਬਣਾਇਆ।
ਸ੍ਰੀਮਤੀ ਸੁਲਤਾਨਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਪਨਬੱਸ ਅਤੇ ਪੀਆਰਟੀਸੀ ਨੂੰ ਇਸ ਸੰਕਟ ਦੀ ਘੜੀ ਵਿੱਚ ਸਹਾਰਾ ਦੇਣ ਲਈ ਟਰਾਂਸਪੋਰਟ ਵਿਭਾਗ ਨੂੰ ਫੰਡ ਮੁਹੱਈਆ ਕਰਾਉਣ ਲਈ ਵਿੱਤ ਵਿਭਾਗ ਨਾਲ ਸੰਪਰਕ ਕਰਨ ਦਾ ਵੀ ਫੈਸਲਾ ਕੀਤਾ ਗਿਆ ਕਿਉਂਕਿ ਕਰਫਿਊ/ਤਾਲਾਬੰਦੀ ਕਾਰਨ ਵਿਭਾਗ ਵੱਲੋਂ ਮਾਲੀਆ ਪੈਦਾ ਕਰਨ ਸਬੰਧੀ ਕੋਈ ਵੀ ਗਤੀਵਿਧੀ ਨਹੀਂ ਕੀਤੀ ਜਾ ਰਹੀ। ਉਹਨਾਂ ਦੱਸਿਆ ਕਿ ਮੀਟਿੰਗ ਵਿੱਚ ਪੀਆਰਟੀਸੀ ਅਤੇ ਰੋਡਵੇਜ਼ ਦੇ ਕਰਮਚਾਰੀਆਂ ਨੂੰ ਤਨਖਾਹ ਮੁਹੱਈਆ ਕਰਾਉਣ ਲਈ ਵੱਖ ਵੱਖ ਉਪਲਬਧ ਸਰੋਤਾਂ ਦੀ ਸਮੀਖਿਆ ਕੀਤੀ ਗਈ। ਇਸੇ ਤਰ੍ਹਾਂ ਵਿਭਾਗ ਦੇ ਮਾਲੀਆ ਸਬੰਧੀ ਟੀਚਿਆਂ ਦੀ ਪ੍ਰਾਪਤੀ ਦੀ ਸਮੀਖਿਆ ਵੀ ਕੀਤੀ ਗਈ।
ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਹੈ ਕਿ ਸੰਕਟ ਦੇ ਇਸ ਸਮੇਂ ਦੌਰਾਨ ਸਟੇਜ ਕੈਰਜ, ਕੰਟਰੈਕਟ ਕੈਰਜ ਅਤੇ ਗੁਡਜ਼ ਕੈਰਜ ਓਪਰੇਟਰਾਂ ਨੂੰ ਲੋੜੀਂਦੀ ਸਹਾਇਤਾ ਦਿੱਤੀ ਜਾਵੇਗੀ। ਉਹਨਾਂ ਵਿਭਾਗ ਦੇ ਅਧਿਕਾਰੀਆਂ ਨੂੰ ਕੁਆਰੰਟੀਨ ਅਧੀਨ ਸਟਾਫ਼ ਦੀ ਦੇਖਭਾਲ ਲਈ ਹਰ ਸੰਭਵ ਪ੍ਰਬੰਧ ਕਰਨ ਦੀ ਹਦਾਇਤ ਕੀਤੀ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਕੁਆਰੰਟੀਨ ਸਟਾਫ਼ ਦੇ ਠਹਿਰਨ ਅਤੇ ਖਾਣੇ ਲਈ ਵਧੀਆ ਪ੍ਰਬੰਧ ਕੀਤੇ ਜਾਣ।
ਮੀਟਿੰਗ ਵਿਚ ਸ਼ਿਰਕਤ ਕਰਨ ਵਾਲੇ ਹੋਰਨਾਂ ਵਿੱਚ ਪ੍ਰਮੁੱਖ ਤੌਰ ’ਤੇ ਸ੍ਰੀ ਕੇ. ਸਿਵਾ ਪ੍ਰਸਾਦ, ਪ੍ਰਮੁੱਖ ਸਕੱਤਰ ਟਰਾਂਸਪੋਰਟ, ਸ੍ਰੀ ਭੁਪਿੰਦਰ ਸਿੰਘ, ਡਾਇਰੈਕਟਰ ਸਟੇਟ ਟ੍ਰਾਂਸਪੋਰਟ, ਡਾ. ਅਮਰਪਾਲ ਸਿੰਘ, ਐਸ.ਟੀ.ਸੀ. ਅਤੇ ਸ੍ਰੀ ਜਸਕਰਨ ਸਿੰਘ, ਐਮ.ਡੀ., ਪੀ.ਆਰ.ਟੀ.ਸੀ. ਸ਼ਾਮਲ ਸਨ।
——