*ਟਿਕੈਤ ਵੱਲੋਂ ਅਮਰੀਕਾ ‘ਚ ਪੀਐਮ ਮੋਦੀ ਦਾ ਵਿਰੋਧ ਕਰਨ ਦੀ ਅਪੀਲ, ਰਾਸ਼ਟਰਪਤੀ ਬਾਇਡਨ ਤੋਂ ਕੀਤੀ ਇਹ ਮੰਗ*

0
59

ਗਾਜ਼ੀਆਬਾਦ (ਸਾਰਾ ਯਹਾਂ/ਬਿਊਰੋ): ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਲੀਡਰ ਰਾਕੇਸ਼ ਟਿਕੈਤ ਨੇ ਅਮਰੀਕਾ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਰੋਧ ਲਈ ਕਿਹਾ ਹੈ। ਉਨ੍ਹਾਂ ਨੇ ਅਮਰੀਕਾ ਵਿੱਚ ਰਹਿ ਰਹੇ ਭਾਰਤੀਆਂ ਨੂੰ ਅਪੀਲ ਕੀਤੀ ਕਿ ਉਹ ਦਿੱਲੀ ਦੀਆਂ ਸਰਹੱਦਾਂ ‘ਤੇ 10 ਮਹੀਨਿਆਂ ਤੋਂ ਬੈਠੇ ਕਿਸਾਨਾਂ ਅੰਦੋਲਨ ਦੇ ਸਮਰਥਨ ਵਿੱਚ ਨਿਊਯਾਰਕ ਵਿੱਚ ਪ੍ਰਧਾਨ ਮੰਤਰੀ ਮੋਦੀ ਦੇ 25 ਸਤੰਬਰ ਦੇ ਪ੍ਰੋਗਰਾਮ ਦੌਰਾਨ ਵਿਰੋਧ ਪ੍ਰਦਰਸ਼ਨ ਕਰਨ।

ਟਿਕੈਤ ਨੇ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੂੰ ਮੋਦੀ ਨਾਲ ਮੁਲਾਕਾਤ ਦੌਰਾਨ ਭਾਰਤੀ ਕਿਸਾਨਾਂ ਦੀਆਂ ਚਿੰਤਾਵਾਂ ‘ਤੇ ਧਿਆਨ ਦੇਣ ਦੀ ਅਪੀਲ ਵੀ ਕੀਤੀ। ਅਮਰੀਕਾ ਵਿਚਲੇ ਭਾਰਤੀਆਂ ਨੂੰ ਮਦਦ ਦੀ ਅਪੀਲ ਕਰਦਿਆਂ ਟਿਕੈਤ ਨੇ ਦਾਅਵਾ ਕੀਤਾ ਕਿ ਵਿਵਾਦਪੂਰਨ ਨਵੇਂ ਖੇਤੀ ਕਾਨੂੰਨਾਂ ਦੇ ਵਿਰੁੱਧ ਅੰਦੋਲਨ ਦੌਰਾਨ 750 ਤੋਂ ਵੱਧ ਕਿਸਾਨਾਂ ਦੀ ਜਾਨ ਗਈ ਹੈ ਪਰ ਕੇਂਦਰ ਅਜੇ ਵੀ ਕਾਨੂੰਨਾਂ ਉੱਤੇ ਮੁੜ ਵਿਚਾਰ ਕਰਨ ਲਈ ਤਿਆਰ ਨਹੀਂ।

ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਵੇਲੇ ਅਮਰੀਕਾ ਦੇ ਦੌਰ ‘ਤੇ ਹਨ। ਕੋਰੋਨਾ ਕਾਲ ਮਗਰੋਂ ਉਨ੍ਹਾਂ ਦਾ ਇਹ ਪਹਿਲਾ ਵਿਦੇਸ਼ ਦੌਰਾ ਹੈ। ਅਫਗਾਨਿਸਤਾਨ ਵਿੱਚ ਤਾਲਿਬਾਨ ਦੇ ਸੱਤਾ ਆਉਣ ਕਰਕੇ ਇਸ ਦੌਰੇ ਨੂੰ ਬੇਹੱਦ ਅਹਿਮ ਮੰਨਿਆ ਜਾ ਰਿਹਾ ਹੈ।

ਉਧਰ, ਟਿਕੈਤ ਦੀ ਅਪੀਲ ਨਾਲ ਸੁਰੱਖਿਆ ਏਜੰਸੀਆਂ ਦੀ ਮੁਸ਼ਕਲ ਵਧ ਸਕਦੀ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਅਮਰੀਕਾ ਵਿੱਚ ਭਾਰਤੀ ਕਿਸਾਨਾਂ ਦੇ ਹੱਕ ਵਿੱਚ ਕਾਫੀ ਰੋਸ ਮੁਜ਼ਾਹਰੇ ਹੋਏ ਹਨ। ਹੁਣ ਟਿਕੈਤ ਦੀ ਅਪੀਲ ਨਾਲ ਮੁੜ ਅਮਰੀਕਾ ਵਿੱਚ ਰਹਿੰਦੇ ਕਿਸਾਨ ਪੱਖੀ ਲੋਕ ਐਕਸ਼ਨ ਕਰ ਸਕਦੇ ਹਨ।

NO COMMENTS