*ਠੋਸ ਕੂੜਾ ਪ੍ਰਬੰਧਨ ਵਿੱਚ ਮਾਨਸਾ ਤੇ ਬਰੇਟਾ ਨਗਰ ਕੌਂਸਲਾਂ ਲਗਾਤਾਰ ਸਰਗਰਮ*

0
23

ਮਾਨਸਾ, 12 ਅਗਸਤ (ਬੀਰਬਲ ਧਾਲੀਵਾਲ): ਸਵੱਛ ਭਾਰਤ ਮਿਸ਼ਨ (ਸ਼ਹਿਰੀ) ਦੇ ਤਹਿਤ ਜ਼ਿਲ੍ਹਾ ਮਾਨਸਾ ਦੀਆਂ ਸਮੂਹ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਵਿੱਚ ਠੋਸ ਕਚਰਾ ਪ੍ਰਬੰਧਨ ਨੂੰ ਹੋਰ ਅਸਰਦਾਰ ਬਣਾਉਣ ਲਈ ਪ੍ਰਸ਼ਾਸਨ ਕਾਫ਼ੀ ਮਿਹਨਤ ਕਰ ਰਿਹਾ ਹੈ। ਇਹ ਪ੍ਰਗਟਾਵਾ ਮਿਸ਼ਨ ਦੇ ਪ੍ਰੋਜੈਕਟ ਡਾਇਰੈਕਟਰ ਡਾ. ਪੂਰਨ ਸਿੰਘ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ ਸ. ਉਪਕਾਰ ਸਿੰਘ ਦੀ ਮੌਜੂਦਗੀ ਵਿੱਚ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਡਾ. ਪੂਰਨ ਸਿੰਘ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਦੇ ਵਿਸ਼ੇਸ਼ ਯਤਨਾਂ ਸਦਕਾ ਪਿਛਲੇ ਕੁਝ ਸਮੇਂ ਅੰਦਰ ਮਾਨਸਾ ਤੇ ਬਰੇਟਾ ਨਗਰ ਕੌਂਸਲਾਂ ਵਿੱਚ ਠੋਸ ਕੂੜਾ ਪ੍ਰਬੰਧਨ ਵਿੱਚ ਵੱਡਾ ਸੁਧਾਰ ਦੇਖਣ ਨੂੰ ਮਿਲਿਆ ਹੈ ਅਤੇ ਉਮੀਦ ਪ੍ਰਗਟਾਈ ਜਾ ਸਕਦੀ ਹੈ ਕਿ ਭਵਿੱਖ ਵਿੱਚ ਜ਼ਿਲ੍ਹੇ ਦੇ ਸ਼ਹਿਰੀ ਖੇਤਰਾਂ ਵਿੱਚ ਠੋਸ ਕੂੜਾ ਪ੍ਰਬੰਧਨ ਵਿੱਚ ਹੋਰ ਵੀ ਮਹੱਤਵਪੂਰਨ ਕਦਮ ਪੁੱਟੇ ਜਾਣਗੇ। 
ਡਾ. ਪੂਰਨ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਲੋਕਾਂ ਦੇ ਘਰਾਂ ਤੋਂ ਗਿੱਲਾ ਤੇ ਸੁੱਕਾ ਕੂੜਾ ਵੱਖ ਵੱਖ ਤੌਰ ’ਤੇ ਇਕੱਤਰ ਕਰਨ ਅਤੇ ਇਕੱਤਰ ਕੀਤੇ ਕੂੜੇ ਦਾ ਯੋਗ ਨਿਪਟਾਰਾ ਕਰਨ ਲਈ ਯੋਜਨਾਬੱਧ ਪ੍ਰਣਾਲੀ ਨਾਲ ਪ੍ਰੋਗਰਾਮਾਂ ਨੂੰ ਲਾਗੂ ਕੀਤਾ ਜਾ ਰਿਹਾ ਹੈ ਜਿਸ ਦੇ ਸੁਖਾਵੇਂ ਸਿੱਟੇ ਸਾਹਮਣੇ ਆਏ ਹਨ। ਪ੍ਰੋਜੈਕਟ ਡਾਇਰੈਕਟਰ ਨੇ ਦੱਸਿਆ ਕਿ ਇਕੱਤਰ ਕੀਤੇ ਕੂੜੇ ਤੋਂ ਖਾਦ ਬਣਾਉਣ ਦੀ ਪ੍ਰਕਿਰਿਆ ਨੂੰ ਸਮੂਹ ਨਗਰ ਕੌਸਲਾਂ ਵਿਖੇ ਲਾਗੂ ਕੀਤੇ ਜਾਣ ਦੀ ਲੋੜ ਹੈ ਅਤੇ ਹਰ ਵਾਰਡ ਵਿਖੇ ਇੱਕ ਇੱਕ ਨੋਡਲ ਅਧਿਕਾਰੀ ਦੀ ਤਾਇਨਾਤੀ ਕੀਤੀ ਜਾਵੇ ਤਾਂ ਜੋ ਘਰ ਘਰ ਜਾ ਕੇ ਕੂੜਾ ਇਕੱਤਰ ਕਰਨ ਦੀ ਪ੍ਰਕਿਰਿਆ ਸਮੇਤ ਨਾਗਰਿਕਾਂ ਨੂੰ ਸਮੇਂ ਸਮੇਂ ’ਤੇ ਇਸ ਦੀ ਅਹਿਮੀਅਤ ਬਾਰੇ ਜਾਗਰੂਕ ਕੀਤਾ ਜਾ ਸਕੇ। ਉਨ੍ਹਾਂ ਪਲਾਸਟਿਕ ਕਚਰਾ ਪ੍ਰਬੰਧਨ ਅਤੇ ਇਸ ਦੀ ਅਹਿਮੀਅਤ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਵਾਤਾਵਰਣ ਨੂੰ ਪਲਾਸਟਿਕ ਕਚਰੇ ਰਾਹੀਂ ਪਹੁੰਚਣ ਵਾਲੇ ਨੁਕਸਾਨਾਂ ਤੋਂ ਬਚਾਅ ਲਈ ਇਕੱਤਰ ਕੀਤੇ ਪਲਾਸਟਿਕ ਦਾ ਸਹੀ ਢੰਗ ਨਾਲ ਭੰਡਾਰ ਕਰਨ ਅਤੇ ਨਿਪਟਾਰਾ ਕਰਨ ਬਾਰੇ ਵੀ ਨੁਕਤੇ ਸਾਂਝੇ ਕੀਤੇ। ਮੀਟਿੰਗ ਵਿੱਚ ਵੱਖ ਵੱਖ ਈ.ਓ , ਇੰਜੀਨੀਅਰ, ਸੈਨੇਟਰੀ ਇੰਸਪੈਕਟਰ ਸ਼ਾਮਲ ਹੋਏ ਜਿਨ੍ਹਾਂ ਨੂੰ ਇਸ ਕਾਰਜ ਦੌਰਾਨ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ।

NO COMMENTS