ਮਾਨਸਾ, 13 ਮਈ (ਸਾਰਾ ਯਹਾ/ ਬਲਜੀਤ ਸ਼ਰਮਾ ) : ਡਾ: ਸੁਤੰਤਰ ਕੁਮਾਰ ਐਰੀ, ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਨੇ ਸਾਉਣੀ 2020 ਦੌਰਾਨ ਨਰਮੇ ਦੀ ਫਸਲ ਦੀ ਬਿਜਾਈ ਸਬੰਧੀ ਮਾਨਸਾ ਜ਼ਿਲ੍ਹੇ ਵਿੱਚ ਦਫ਼ਤਰ ਮੁੱਖ ਖੇਤੀਬਾੜੀ ਅਫ਼ਸਰ, ਮਾਨਸਾ ਵਿਖੇ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਮਾਨਸਾ ਜ਼ਿਲ੍ਹੇ ਨੂੰ ਦਿੱਤੇ ਗਏ ਨਰਮੇ ਦੀ ਫਸਲ ਲਈ ਇਕ ਲੱਖ ਹੈਕਟੇਅਰ ਦੇ ਟੀਚੇ ਬਾਰੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਦੀਆਂ ਕੋਵਿਡ-19 ਸਬੰਧੀ ਜਾਰੀ ਹਦਾਇਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਨਰਮੇ ਦੀ ਬਿਜਾਈ ਦਾ ਟੀਚਾ ਪੂਰਾ ਕਰਨ ਲਈ ਯਤਨ ਕੀਤੇ ਜਾਣ। ਡਾਇਰੈਕਟਰ ਖੇਤੀਬਾੜੀ ਪੰਜਾਬ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਸਾਉਣੀ ਦੀਆਂ ਫਸਲਾਂ ਸਬੰਧੀ ਖੇਤੀ ਸਮੱਗਰੀ ਜਿਵੇ ਕਿ ਬੀਜ, ਖਾਦ ਅਤੇ ਦਵਾਈਆਂ ਦੀ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਘਾਟ ਨਾ ਆਉਣ ਦਿੱਤੀ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਕਿਸਾਨ ਨਰਮੇ ਦਾ ਬੀਜ ਸਹਿਕਾਰੀ ਸੋਸਾਇਟੀਆਂ ਤੋਂ ਵੀ ਖਰੀਦ ਕਰ ਸਕਦੇ ਹਨ। ਇਸ ਤੋਂ ਇਲਾਵਾ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੁਆਰਾ ਅਧਿਕਾਰੀਆਂ ਨੂੰ ਯਕੀਨ ਦਿਵਾਇਆ ਕਿ ਨਰਮੇ ਦੀ ਬਿਜਾਈ ਲਈ ਨਹਿਰੀ ਪਾਣੀ ਅਤੇ ਬਿਜਲੀ ਦੀ ਸਪਲਾਈ ਵਿੱਚ ਕੋਈ ਵੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਸਮੂਹ ਖੇਤੀ ਅਧਿਕਾਰੀਆਂ ਨੂੰ ਝੋਨੇ ਦੀ ਸਿੱਧੀ ਬਿਜਾਈ ਹੇਠ ਰਕਬਾ ਵਧਾਉਣ ਲਈ ਕਿਹਾ ਪਰ ਇਹ ਬਿਜਾਈ ਸਿਰਫ ਭਾਰੀਆਂ ਜਮੀਨਾਂ ਵਿੱਚ ਹੀ ਕਰਵਾਈ ਜਾਵੇ। ਇਸ ਤਕਨੀਕ ਨਾਲ ਮਾਨਸਾ ਜ਼ਿਲ੍ਹੇ ਵਿੱਚ ਜਮੀਨ ਹੇਠਲੇ ਪਾਣੀ ਦਾ ਪੱਧਰ ਵੀ ਉੱਚਾ ਹੋਵੇਗਾ। ਉਨ੍ਹਾਂ ਨਾਲ ਹੀ ਕਿਹਾ ਕਿ ਕਣਕ ਦੇ ਨਾੜ੍ਹ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਸਮੂਹ ਜ਼ਿਲ੍ਹੇ ਦੇ ਅਧਿਕਾਰੀਆ ਅਤੇ ਕਰਮਚਾਰੀਆਂ ਦੀ ਡਿਊਟੀ ਲਗਾਈ ਜਾਵੇ। ਡਾ. ਰਾਮ ਸਰੂਪ, ਮੁੱਖ ਖੇਤੀਬਾੜੀ ਅਫ਼ਸਰ, ਮਾਨਸਾ ਨੇ ਦੱਸਿਆ ਕਿ ਹੁਣ ਤੱਕ ਨਰਮੇ ਦੀ 48500 ਹਕਟੇਅਰ ਦੀ ਬਿਜਾਈ ਹੋ ਚੁੱਕੀ ਹੈ। ਇਸ ਦੇ ਨਾਲ ਹੀ ਬਾਕੀ ਰਹਿੰਦੇ ਟੀਚੇ ਨੂੰ ਜਲਦੀ ਹੀ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੇ ਬੀਜ ਦੀਆਂ ਸਿਰਫ ਸਿਫਾਰਿਸ਼ ਕੀਤੀਆਂ ਗਈਆਂ ਕਿਸਮਾਂ ਦੀ ਹੀ ਬਿਜਾਈ ਕਰਨ।ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਦੁਆਰਾ ਨਰਮੇ ਦੀ ਫਸਲ ਸਬੰਧੀ ਜਰੂਰੀ ਤਕਨੀਕੀ ਜਾਣਕਾਰੀ, ਕਣਕ ਤੇ ਨਾੜ੍ਹ ਨੂੰ ਅੱਗ ਲਗਾਉਣ ਦੇ ਮਾੜੇ ਪ੍ਰਭਾਵਾਂ ਬਾਰੇ ਅਤੇ ਝੋਨੇ ਦੀਆਂ ਸਿਫਾਰਿਸ਼ ਕਿਸਮਾਂ ਹੀ ਬੀਜਣ ਬਾਰੇ ਪਿੰਡਾਂ ਵਿੱਚ ਕਿਸਾਨਾਂ ਨੂੰ ਗੁਰਦੁਆਰਿਆਂ, ਮੰਦਰਾਂ ਰਾਹੀਂ ਅਨਾਊਂਸਮੈਟ ਕਰਵਾ ਕੇ ਜਾਣਕਾਰੀ ਦਿੱਤੀ ਜਾ ਰਹੀ ਹੈ।