ਮਾਨਸਾ, 14 ਜੁਲਾਈ :(ਸਾਰਾ ਯਹਾਂ/ਮੁੱਖ ਸੰਪਾਦਕ ):
ਪੰਜਾਬ ਸਰਕਾਰ ਅਤੇ ਸਿਹਤ ਮੰਤਰੀ ਪੰਜਾਬ ਡਾ.ਬਲਵੀਰ ਸਿੰਘ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਡਾ. ਆਦਰਸ਼ਪਾਲ ਕੌਰ ਨੇ ਸੰਭਾਵਿਤ ਹੜ੍ਹਾਂ ਦੀ ਸਥਿਤੀ ਵਿੱਚ ਮੈਡੀਕਲ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਜ਼ਿਲਾ ਮਾਨਸਾ ਦੇ ਸਿਵਲ ਹਸਪਤਾਲ ਅਤੇ ਚਾਂਦਪੁਰਾ ਬੰਨ੍ਹ ਦੇ ਨਜ਼ਦੀਕ ਆਮ ਆਦਮੀ ਕਲੀਨਿਕ ਕੁਲਰੀਆਂ ਦਾ ਦੌਰਾ ਕੀਤਾ।
ਉਨ੍ਹਾਂ ਸਰਕਾਰ ਦੀਆਂ ਹਦਾਇਤਾਂ ਤਹਿਤ ਸਿਹਤ ਵਿਭਾਗ ਵੱਲੋਂ ਮਾਨਸਾ ਜ਼ਿਲ੍ਹੇ ਦੇ ਸੰਭਾਵਿਤ ਹੜ੍ਹ ਪ੍ਰਭਾਵਿਤ ਖੇਤਰਾਂ ’ਚ ਲੋੜਵੰਦ ਲੋਕਾਂ ਨੂੰ ਲੋੜੀਂਦੀਆਂ ਸਿਹਤ ਸੇਵਾਵਾਂ ਮੁਹੱਈਆ ਕਰਨ ਲਈ ਟੀਮਾਂ ਨੂੰ ਜ਼ਰੂਰੀ ਹਦਾਇਤਾਂ ਦਿੰਦਿਆਂ ਕਿਹਾ ਕਿ ਇਲਾਕੇ ਦੇ ਲੋਕਾਂ ਨੂੰ ਆਪਣੀ ਸਿਹਤ ਨੂੰ ਲੈ ਕੇ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸੰਭਾਵਿਤ ਹੜ੍ਹ ਪ੍ਰਭਾਵਿਤ ਖੇਤਰਾਂ ’ਚ ਸਿਹਤ ਸਬੰਧੀ ਮੁਸ਼ਕਿਲਾਂ ਨਾਲ ਨਜਿੱਠਣ ਲਈ 24 ਘੰਟੇ ਰੈਪਿਡ ਰਿਸਪੋਂਸ ਮੈਡੀਕਲ ਟੀਮਾਂ ਅਤੇ ਵਿਸ਼ੇਸ ਮੈਡੀਕਲ ਟੀਮਾਂ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵੱਡੀ ਮਾਤਰਾ ’ਚ ਦਵਾਈਆਂ ਦਾ ਪ੍ਰਬੰਧ ਕੀਤਾ ਗਿਆ ਹੈ।
ਡਾਇਰੈਕਟਰ ਨੇ ਸਿਹਤ ਸੰਸਥਾਵਾਂ ਦੇ ਮੁਖੀਆਂ ਨੂੰ ਕਿਹਾ ਕਿ ਬਰਸਾਤ ਦੇ ਮੱਦੇਨਜ਼ਰ ਲੋਕਾਂ ਨੂੰ ਦੂਸ਼ਿਤ ਪਾਣੀ ਪੀਣ ਨਾਲ ਹੋਣ ਵਾਲੀਆਂ ਬਿਮਾਰੀਆਂ ਜਿਵੇਂ ਦਸਤ, ਉਲਟੀਆਂ, ਹੈਜ਼ਾ ਆਦਿ ਤੋਂ ਬਚਾਅ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਲੋਕਾਂ ਨੂੰ ਸਾਫ਼ ਪੀਣ ਵਾਲੇ ਪਾਣੀ ਦੀ ਵਰਤੋਂ ਲਈ ਜਾਗਰੂਕ ਕੀਤਾ ਜਾਵੇ ਅਤੇ ਜਿਥੋਂ ਤੱਕ ਹੋ ਸਕੇ ਪਾਣੀ ਉਬਾਲ ਕੇ ਪੀਣ ਲਈ ਅਤੇ ਕਲੋਰੀਨ ਦੀਆਂ ਗੋਲੀਆਂ ਦੀ ਵਰਤੋ ਕਰਕੇ ਪੀਣ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਕਲੋਰੀਨ ਦੀਆਂ ਗੋਲੀਆਂ ਨੇੜੇ ਦੀ ਸਿਹਤ ਸੰਸ਼ਥਾਵਾਂ ਤੋਂ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਮਾਨਸਾ ਡਾ. ਅਸਵਨੀ ਕੁਮਾਰ ਨੇ ਦੱਸਿਆ ਕਿ ਸੰਭਾਵਿਤ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਜ਼ਿਲ੍ਹਾ ਪੱਧਰ ਅਤੇ ਬਲਾਕ ਪੱਧਰ ’ਤੇ ਵਿਸ਼ੇਸ਼ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਸਿਹਤ ਸੇਵਾਵਾਂ ਸਬੰਧੀ ਕੋਈ ਜ਼ਰੂਰਤ ਹੁੰਦੀ ਹੈ, ਤਾਂ ਉਹ ਮਾਨਸਾ ਵਿਖੇ ਕੰਟਰੋਲ ਰੂਮ ਦੇ ਨੰਬਰ 01652-227056, ਬਲਾਕ ਬੁਢਲਾਡਾ ਦੇ ਕੰਟਰੋਲ ਰੂਮ ਨੰਬਰ 77101-19398 ਅਤੇ ਸਰਦੂਲਗੜ੍ਹ ਦੇ ਕੰਟਰੋਲ ਰੂਮ ਨੰਬਰ 01659-250074 ’ਤੇ ਸੰਪਰਕ ਕਰਕੇ ਸਿਹਤ ਸੇਵਾਵਾਂ ਦਾ ਲਾਭ ਲੈ ਸਕਦਾ ਹੈ।
ਜ਼ਿਲ੍ਹਾ ਨੋਡਲ ਅਫ਼ਸਰ ਡਾ. ਅਰਸ਼ਦੀਪ ਸਿੰਘ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੋ ਮਰੀਜ਼ ਕਿਸੇ ਗੰਭੀਰ ਬਿਮਾਰੀ ਜਾਂ ਲਗਾਤਾਰ ਇਲਾਜ ਵਾਲੇ ਹਨ ਜਿਵੇਂ ਬੀ.ਪੀ., ਸ਼ੂਗਰ, ਦਿਲ ਅਤੇ ਗੁਰਦੇ ਦੀ ਬਿਮਾਰੀ ਨਾਲ ਪੀੜ੍ਹਤ ਹਨ, ਉਹ ਮਰੀਜ਼ ਆਪਣੀ 10-15 ਦਿਨ ਦੀ ਦਵਾਈ ਆਪਣੇ ਕੋਲ ਨੇੜੇ ਦੇ ਸਿਹਤ ਕੇਂਦਰ ਤੋਂ ਲੈ ਕੇ ਰੱਖਣੀ ਯਕੀਨੀ ਬਣਾਉਣ। ਉਨ੍ਹਾਂ ਗਰਭਵਤੀ ਔਰਤਾਂ ਅਤੇ ਛੋਟੇ ਬੱਚਿਆਂ ਨੂੰ ਸੰਭਾਵਿਤ ਹੜ੍ਹ ਪ੍ਰਭਾਵਿਤ ਖੇਤਰਾਂ ਤੋਂ ਪਹਿਲਾਂ ਹੀ ਦੂਰ ਰਖਣ ਦੀ ਸਲਾਹ ਦਿੱਤੀ। ਜ਼ਿਲ੍ਹਾ ਸਿਹਤ ਅਫ਼ਸਰ ਡਾ. ਰਣਜੀਤ ਸਿੰਘ ਰਾਏ ਨੇ ਕਿਹਾ ਕਿ ਬਰਸਾਤ ਜਾਂ ਸੰਭਾਵੀ ਹੜ੍ਹਾਂ ਦੇ ਪਾਣੀ ਨਾਲ ਘਰਾਂ ਨੇੜੇ, ਖੇਤਾਂ ਵਿੱਚ ਜੇਕਰ ਕਿਸੇ ਨੂੰ ਸੱਪ ਵੱਲੋਂ ਕੱਟਿਆ ਜਾਂਦਾ ਹੈ, ਤਾਂ ਬਲਾਕ ਪੱਧਰ ਅਤੇ ਜ਼ਿਲਾ ਪੱਧਰ ’ਤੇ ਹਰ ਸਮੇ ਇਸ ਦਾ ਮੁਫਤ ਇਲਾਜ ਅਤੇ ਵੈਕਸੀਨ ਕੀਤੀ ਜਾਵੇਗੀ।
ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਗੁਰਚੇਤਨ ਪ੍ਰਕਾਸ਼, ਜ਼ਿਲ੍ਹਾ ਐਪੀਡੀਮਾਲੋਜਿਸਟ ਸੰੰਤੋੋਸ਼ ਭਾਰਤੀ ਜਿਲਾ ਐਪੀਡੀਮਾਲੋਜਿਸਟ, ਫਾਰਮੈਸੀ ਅਫ਼ਸਰ ਭਵਾਨੀਸ਼ੰਕਰ ਤੋਂ ਇਲਾਵਾ ਸਿਹਤ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਹਨ।