
ਚੰਡੀਗੜ੍ਹ, 7 ਫਰਵਰੀ (ਸਾਰਾ ਯਹਾਂ/ਬਿਊਰੋ ਨਿਊਜ਼)
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਟਰਾਂਸਜੈਂਡਰ ਵਿਅਕਤੀਆਂ ਦੀ ਭਲਾਈ ਲਈ ਨੀਤੀਆ ਉਲੀਕਣ ਲਈ ਵਿਭਾਗ ਦੇ ਅਧਿਕਾਰੀਆਂ ਨਾਲ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਮੀਟਿੰਗ ਕੀਤੀ।
ਇਸ ਮੀਟਿੰਗ ਦੌਰਾਨ ਵਿਸ਼ੇਸ਼ ਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਸ੍ਰੀਮਤੀ ਰਾਜੀ ਪੀ.ਸ੍ਰੀਵਾਸਤਵਾ, ਵਧੀਕ ਮੁੱਖ ਸਕੱਤਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਸ੍ਰੀ ਡੀ. ਕੇ ਤਿਵਾੜੀ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਦੇ ਡਾਇਰੈਕਟਰ ਡਾ. ਸ਼ੇਨਾ ਅਗਰਵਾਲ, ਵਿਸ਼ੇਸ਼ ਸਕੱਤਰ ਸ੍ਰੀਮਤੀ ਵਿੰਮੀ ਭੁੱਲਰ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਡਾਇਰੈਕਟਰ-ਕਮ-ਸੰਯੁਕਤ ਸਕੱਤਰ ਸ. ਰਾਜ ਬਹਾਦਰ ਸਿੰਘ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਦੇ ਡਿਪਟੀ ਡਾਇਰੈਕਟਰ ਸ. ਅਮਰਜੀਤ ਸਿੰਘ ਭੁੱਲਰ ਨਾਲ ਟਰਾਂਸਜੈਂਡਰ ਵਿਅਕਤੀਆਂ ਦੀ ਭਲਾਈ ਲਈ ਨੀਤੀਆ ਉਲੀਕਣ ਸਬੰਧੀ ਵਿਸਥਾਰ ਵਿੱਚ ਵਿਚਾਰ ਵਟਾਂਦਰਾ ਕੀਤਾ ਗਿਆ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹਨਾਂ ਨੀਤੀਆਂ ਦਾ ਉਦੇਸ਼ ਟਰਾਂਸਜੈਂਡਰ ਵਿਅਕਤੀਆਂ ਲਈ ਆਦਰ, ਸਨਮਾਨ ਅਤੇ ਸਮਰਥਨ ਦਾ ਮਾਹੌਲ ਪੈਦਾ ਕਰਨਾ ਹੈ। ਉਨ੍ਹਾ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਹਨਾਂ ਵਿਅਕਤੀਆਂ ਵਿਰੁੱਧ ਵਿਤਕਰੇ ਨੂੰ ਰੋਕਣ ਸਬੰਧੀ ਅਤੇ ਟਰਾਂਸਜੈਂਡਰ ਭਾਈਚਾਰੇ ਲਈ ਬਰਾਬਰੀ ਵਾਲਾ ਅਤੇ ਸਹਾਇਕ ਮਾਹੌਲ ਸਿਰਜਣ ਆਦਿ ਲਈ ਨੀਤੀਆਂ ਉਲੀਕੀਆਂ ਜਾਣਗੀਆਂ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਟਰਾਂਸਜੈਂਡਰ ਵਿਅਕਤੀਆਂ ਦਾ ਜੀਵਨ ਸੁਖਾਲਾ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ।
ਡਾ. ਬਲਜੀਤ ਕੌਰ ਨੇ ਅਧਿਕਾਰੀਆਂ ਨੂੰ ਸਿਹਤ ਵਿਭਾਗ, ਗ੍ਰਹਿ ਵਿਭਾਗ, ਵਿੱਤ ਵਿਭਾਗ ਅਤੇ ਐਨ.ਜੀ.ਓ’ਜ਼ ਨਾਲ ਟਰਾਂਸਜੈਂਡਰ ਵਿਅਕਤੀਆਂ ਦੀ ਭਲਾਈ ਲਈ ਨੀਤੀਆ ਉਲੀਕਣ ਲਈ ਮੀਟਿੰਗ ਕਰਨ ਦੇ ਨਿਰਦੇਸ਼ ਦਿੱਤੇ।
