
ਚੰਡੀਗੜ੍ਹ, 11 ਅਗਸਤ:(ਸਾਰਾ ਯਹਾਂ/ਹਿਤੇਸ਼ ਸ਼ਰਮਾ):
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਅੱਜ 14 ਸੁਪਰਵਾਈਜਰਾਂ ਅਤੇ 2 ਕਲਰਕਾਂ ਨੂੰ ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਵਿਖੇ ਡਾ.ਬਲਜੀਤ ਕੌਰ ਨੇ ਨਿਯੁਕਤੀ ਪੱਤਰ ਦਿੱਤੇ।

ਇਸ ਮੌਕੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਇਹ ਵਿਭਾਗ ਸਮਾਜ ਦੇ ਵੱਖ-ਵੱਖ ਵਰਗਾ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦਾ ਹੈ। ਇਸ ਲਈ ਮੁਲਾਜ਼ਮਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਹਮੇਸ਼ਾ ਸੇਵਾ ਭਾਵਨਾ ਨਾਲ ਡਿਉਟੀ ਨਿਭਾਉਣ। ਉਨ੍ਹਾਂ ਨਵਨਿਯੁਕਤ ਮੁਲਾਜ਼ਮਾ ਨੂੰ ਅਪੀਲ ਕੀਤੀ ਕਿ ਉਹ ਇਮਾਨਦਾਰੀ ਨੂੰ ਆਪਣੇ ਜੀਵਨ ਦਾ ਅਨਿੱਖੜਵਾ ਅੰਗ ਬਣਾ ਲੈਣ ਜਿਸ ਤੋਂ ਸਮਾਜ ਅਤੇ ਆਉਣ ਵਾਲੀਆਂ ਪੀੜੀਆਂ ਨੂੰ ਵੀ ਨਰੋਆ ਸਮਾਜ ਸਿਰਜਣ ਦੀ ਸੇਧ ਮਿਲਦੀ ਰਹੇ।
ਡਾ.ਬਲਜੀਤ ਕੌਰ ਨੇ ਕਿਹਾ ਕਿ ਇਹ ਸਰਕਾਰ ਇਮਾਨਦਾਰੀ ਦੀ ਬੁਨਿਆਦ ‘ਤੇ ਬਣੀ ਹੈ ਇਸ ਲਈ ਲੋਕਾਂ ਵਿਚ ਵੀ ਇਹ ਸੁਨੇਹਾ ਜਾਣਾ ਜਰੂਰੀ ਹੈ ਕਿ ਵਿਭਾਗ ਦੇ ਮੁਲਾਜ਼ਮ ਅਤੇ ਅਫਸਰ ਇਮਾਨਦਾਰੀ ਨਾਲ ਸਮੇਂ ਸਿਰ ਲੋਕਾਂ ਨੂੰ ਵਧੀਆ ਸੇਵਾਵਾਂ ਪ੍ਰਦਾਨ ਕਰ ਰਹੇ ਹਨ।ਉਨ੍ਹਾਂ ਨੇ 14 ਸੁਪਰਵਾਈਜ਼ਰਾਂ ਨੂੰ ਨਿਯੁਕਤੀ ਪੱਤਰ ਦਿੱਤੇ, ਜਿਨ੍ਹਾ ਵਿੱਚ ਇੱਕ ਅੰਗਹੀਣ ਵੀ ਸ਼ਾਮਿਲ ਹੈ। ਇਸ ਤੋਂ ਇਲਾਵਾ ਤਰਸ ਦੇ ਅਧਾਰ ਤੇ 2 ਕਲਰਕਾਂ ਨੂੰ ਵੀ ਨਿਯੁਕਤੀ ਪੱਤਰ ਦਿੱਤੇ। ਮੰਤਰੀ ਦੇ ਨਿਰਦੇਸ਼ਾਂ ‘ਤੇ ਇਹਨਾ ਸਾਰੇ ਕਰਮਚਾਰੀਆਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਤਾਇਨਾਤ ਕੀਤਾ ਗਿਆ ਹੈ।
ਇਸ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਮਾਧਵੀ ਕਟਾਰੀਆ ਅਤੇ ਐਡੀਸ਼ਨਲ ਡਾਇਰੈਕਟਰ ਚਰਨਜੀਤ ਸਿੰਘ ਹਾਜ਼ਰ ਸਨ।
