ਮਾਨਸਾ, 24 ਮਾਰਚ (ਸਾਰਾ ਯਹਾ, ਬਲਜੀਤ ਸ਼ਰਮਾ): ਡਿਪਟੀ ਕਮਿਸ਼ਨਰ ਮਾਨਸਾ ਸ੍ਰੀ ਗੁਰਪਾਲ ਸਿੰਘ ਚਹਿਲ ਅਤੇ ਐਸ.ਐਸ.ਪੀ. ਡਾ. ਨਰਿੰਦਰ ਭਾਰਗਵ ਵੱਲੋਂ ਅੱਜ ਕਰਫਿਊ ਦੌਰਾਨ ਡੇਰਾ ਬਾਬਾ ਭਾਈ ਗੁਰਦਾਸ ਨਜ਼ਦੀਕ ਰਹਿਣ ਵਾਲੇ ਲੋਕਾਂ ਨੂੰ ਦੁੱਧ ਦੇ ਪੈਕੇਟ ਰਾਸ਼ਨ ਅਤੇ ਸਬਜ਼ੀਆਂ ਦੀ ਵੰਡ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਪ੍ਰਕੋਪ ਨੂੰ ਰੋਕਣ ਲਈ ਲਗਾਏ ਗਏ ਕਰਫਿਊ ਦੌਰਾਨ ਲੋਕਾਂ ਨੂੰ ਬਿਲਕੁਲ ਵੀ ਘਰਾਂ ਤੋਂ ਬਾਹਰ ਆਉਣ ਦੀ ਇਜਾਜ਼ਤ ਨਹੀਂ ਹੈ। ਇਹ ਫੈਸਲਾ ਲੋਕਾਂ ਦੀ ਸਿਹਤ ਅਤੇ ਸਮੁੱਚੇ ਸਮਾਜ ਦੇ ਭਲੇ ਲਈ ਸੂਬਾ ਸਰਕਾਰ ਵੱਲੋਂ ਲਿਆ ਗਿਆ ਹੈ। ਲੋਕਾਂ ਨੂੰ ਇਸ ਦੀ ਪਾਲਣਾ ਕਰਦੇ ਹੋਏ ਪ੍ਰਸ਼ਾਸ਼ਨ ਦਾ ਸਹਿਯੋਗ ਕਰਨਾ ਚਾਹੀਦਾ ਹੈ ਅਤੇ ਘਰਾਂ ਦੇ ਅੰਦਰ ਹੀ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਉਨ੍ਹਾਂ ਦੇ ਰੋਜ਼ਾਨਾ ਵਰਤੋਂ ਵਿਚ ਆਉਣ ਵਾਲਾ ਸਮਾਨ ਜਿਵੇਂ ਕਿ ਦੁੱਧ, ਫਲ, ਸਬਜੀਆਂ ਆਦਿ ਘਰ ਵਿਚ ਹੀ ਮੁਹੱਈਆ ਕਰਵਾਉਣ ਦੀ ਯੋਜਨਾ ਬਣਾਈ ਗਈ ਹੈ ਜਿਸ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਤਾਂ ਜੋ ਲੋਕਾਂ ਨੂੰ ਪਰਿਵਾਰ ਪਾਲਣ ਪੋਸ਼ਣ ਵਿਚ ਕੋਈ ਦਿੱਕਤ ਪੇਸ਼ ਨਾ ਆਵੇ।