*ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਵੱਲੋਂ ਨਾਗਰਿਕਾਂ ਦੀ ਹੌਂਸਲਾ ਅਫ਼ਜਾਈ*

0
46

ਮਾਨਸਾ, 9 ਅਪ੍ਰੈਲ(ਸਾਰਾ ਯਹਾਂ/ਮੁੱਖ ਸੰਪਾਦਕ): ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਵੱਲੋਂ ਜ਼ਿਲ੍ਹੇ ਦੀਆਂ ਸਮਾਜ ਸੇਵੀ ਸੰਸਥਾਵਾਂ ਨੂੰ ਕੋਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਸਰਕਾਰ ਦੁਆਰਾ ਚਲਾਈ ਕੋਵਿਡ ਵੈਕਸੀਨੇਸ਼ਨ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸਹਿਯੋਗ ਦੇਣ ਦੀ ਕੀਤੀ ਗਈ ਅਪੀਲ ਨੂੰ ਬੂਰ ਪੈਣਾ ਸ਼ੁਰੂ ਹੋ ਗਿਆ ਹੈ। ਅੱਜ ਬਜ਼ਾਰ ਵਿਖੇ ਸਥਿਤ ਗੁਰੁਦਆਰਾ ਸਾਹਿਬ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਪਾਰ ਮੰਡਲ ਸਮੇਤ ਹੋਰ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਆਯੋਜਿਤ ਮੈਗਾ ਕੋਵਿਡ ਵੈਕਸੀਨੇਸ਼ਨ ਕੈਂਪ ਨੂੰ ਭਰਵਾਂ ਹੁੰਗਾਰਾ ਮਿਲਿਆ ਅਤੇ 281 ਨਾਗਰਿਕਾਂ ਨੇ ਟੀਕਾਕਰਨ ਕਰਵਾ ਕੇ ‘ਮਿਸ਼ਨ ਫ਼ਤਿਹ’ ਨੂੰ ਸਫ਼ਲ ਬਣਾਉਣ ਵਿੱਚ ਆਪੋ ਆਪਣਾ ਯੋਗਦਾਨ ਪਾਇਆ। ਕੈਂਪ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਅਤੇ ਐਸ.ਐਸ.ਪੀ ਸ਼੍ਰੀ ਸੁਰੇਂਦਰ ਲਾਂਬਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ ਅਤੇ ਟੀਕਾ ਲਗਵਾਉਣ ਵਾਲਿਆਂ ਦੀ ਹੌਂਸਲਾ ਅਫ਼ਜਾਈ ਕੀਤੀ। ਡਿਪਟੀ ਕਮਿਸ਼ਨਰ ਨੇ ਕੈਂਪ ਦੌਰਾਨ ਉਤਸ਼ਾਹ ਦਿਖਾਉਣ ਵਾਲੀਆਂ ਔਰਤਾਂ ਤੇ ਬਜੁਰਗਾਂ ਦੇ ਯਤਨਾਂ ਨੂ ੰਸਰਾਹਿਆ ਅਤੇ 45 ਸਾਲ ਤੋਂ ਵੱਧ ਉਮਰ ਵਰਗ ਦੇ ਹਰੇਕ ਨਾਗਰਿਕ ਨੂੰ ਟੀਕਾ ਲਗਵਾਉਣ ਲਈ ਕਿਸੇ ਵੀ ਸਰਕਾਰੀ ਹਸਪਤਾਲ ਵਿਖੇ ਪਹੁੰਚਣ ਦੀ ਅਪੀਲ ਕੀਤੀ ਤਾਂ ਜੋ ਜ਼ਿਲ੍ਹਾ ਮਾਨਸਾ ਦੇ ਨਿਵਾਸੀਆਂ ਨੂੰ ਸਿਹਤਮੰਦ ਰੱਖਣ ਦੀ ਮੁਹਿੰਮ ਨੂੰ ਅਮਲੀ ਜਾਮਾ ਪਹਿਨਾਇਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿਛਲੇ ਤਿੰਨ ਦਿਨਾਂ ਅੰਦਰ ਨਵੀਂ ਅਨਾਜ ਮੰਡੀ, ਜ਼ਿਲ੍ਹਾ ਪਰਿਸ਼ਦ ਅਤੇ ਜ਼ਿਲ੍ਹਾ ਜੇਲ੍ਹ ਵਿਖੇ ਲੱਗੇ ਕੋਵਿਡ ਵੈਕਸੀਨੇਸ਼ਨ ਕੈਂਪ ਦੌਰਾਨ 300 ਤੋਂ ਵੀ ਵੱਧ ਲੋਕਾਂ ਵੱਲੋਂ ਟੀਕਾ ਲਗਵਾਇਆ ਗਿਆ ਅਤੇ ਇਹ ਮੁਹਿੰਮ ਹੁਣ ਨਿਰੰਤਰ ਜਾਰੀ ਰਹੇਗੀ ਤਾਂ ਜੋ ਅਪ੍ਰੈਲ ਮਹੀਨੇ ਅੰਦਰ ਵੱਧ ਤੋਂ ਵੱਧ ਨਾਗਰਿਕਾਂ ਦਾ ਟੀਕਾਕਰਨ ਕਰਵਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਸ਼ਹਿਰਾਂ ਦੇ ਨਾਲ ਨਾਲ ਪਿੰਡਾਂ ਵਿੱਚ ਵੀ ਸਰਪੰਚਾਂ ਤੇ ਗ੍ਰਾਮ ਪੰਚਾਇਤਾਂ ਰਾਹੀਂ ਕੋਰੋਨਾ ਵੈਕਸੀਨੇਸ਼ਨ ਕੈਂਪ ਲਗਾਏ ਜਾਣਗੇ ਜਿਸ ਸਬੰਧੀ ਉਪ ਮੰਡਲ ਮੈਜਿਸਟਰੇਟ ਅਤੇ ਸਬੰਧਤ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ।  ਐਸ.ਐਸ.ਪੀ ਸ਼੍ਰੀ ਸੁਰੇਂਦਰ ਲਾਂਬਾ ਨੇ ਦੱਸਿਆ ਕੋਰੋਨਾ ਮਹਾਂਮਾਰੀ ਦਾ ਖ਼ਾਤਮਾ ਕਰਨ ਲਈ ਇਹ ਟੀਕਾਕਰਨ ਬਹੁਤ ਜ਼ਰੂਰੀ ਹੈ, ਜਿਸ ਨਾਲ ਅਸੀਂ ਕਈ ਕੀਮਤੀ ਜਾਨਾਂ ਨੂੰ ਬਚਾ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਮਹਾਂਮਾਰੀ ਖ਼ਿਲਾਫ਼ ਸਾਰਿਆਂ ਨੂੰ ਹੰਭਲਾ ਮਾਰਨਾ ਚਾਹੀਦਾ ਹੈ ਅਤੇ ਟੀਕਾਕਰਨ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਅਪੀਲ ਕੀਤੀ ਕਿ ਸਾਰਿਆਂ ਨੂੰ ਵੱਧ ਚੜ੍ਹ ਕੇ ਇਨ੍ਹਾਂ ਕੈਂਪਾ ਵਿੱਚ ਹਿੱਸਾ ਲੈ ਕੇ ਕੋਰੋਨਾ ਤੋਂ ਬਚਾਅ ਦੇ ਟੀਕੇ ਲਗਵਾਉਣੇ ਚਾਹੀਦੇ ਹਨ।  ਇਸ ਦੌਰਾਨ ਸਿਵਲ ਸਰਜਨ ਡਾ. ਸੁਖਵਿੰਦਰ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਰਣਜੀਤ ਸਿੰਘ ਰਾਏ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੰਜੀਵ ਓਬਰਾਏ, ਗੁਰਲਾਭ ਸਿੰਘ ਮਾਹਲ ਐਡਵੋਕੇਟ, ਸੁਰੇਸ਼ ਕੁਮਾਰ ਨੰਦਗੜ੍ਹੀਆ, ਮਨਜੀਤ ਸਿੰਘ ਸਦਿਓੜਾ, ਡਾ. ਜਨਕ ਰਾਜ ਸਿੰਗਲਾ, ਪ੍ਰੇਮ ਅਗਰਵਾਲ, ਗੁਰਦੀਪ ਸਿੰਘ ਦੀਪ, ਰਘਵੀਰ ਸਿੰਘ, ਬਿੱਕਰ ਸਿੰਘ ਮਘਾਣੀਆ, ਪਰਮਜੀਤ ਸਿੰਘ ਸਰਪੰਚ ਨੰਗਲ, ਚਮਨ ਲਾਲ ਗੋਇਲ, ਐਡਵੋਕੇਟ ਪ੍ਰਧਾਨ ਵਿੱਦਿਆ ਭਾਰਤੀ ਸਕੂਲ ਤੋਂ ਇਲਾਵਾ ਹੋਰ ਵੀ ਮੌਜੂਦ ਸਨ।

LEAVE A REPLY

Please enter your comment!
Please enter your name here