ਮਾਨਸਾ, 26 ਜੁਲਾਈ:(ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ):
ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਿਓਂਦ ਕਲਾਂ ਵਿਖੇ ਪਿੰਡ ਦੀ ਪੰਚਾਇਤ ਨਾਲ ਹੜ੍ਹ ਪ੍ਰਭਾਵਿਤ ਲੋਕਾਂ ਦੀਆਂ ਮੁਸ਼ਕਿਲਾਂ ਸਬੰਧੀ ਵਿਚਾਰ ਵਟਾਂਦਾਰਾ ਕੀਤਾ। ਅੱਜ ਉਹ ਹੜ੍ਹਾਂ ਤੋਂ ਬਾਅਦ ਪ੍ਰਭਾਵਿਤ ਖੇਤਰਾਂ ਵਿਚ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਦਾ ਜਾਇਜ਼ਾ ਲੈਣ ਲਈ ਦੌਰੇ ’ਤੇ ਸਨ। ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ. ਬੁਢਲਾਡਾ ਸ੍ਰੀ ਪ੍ਰਮੋਦ ਸਿੰਗਲਾ ਵੀ ਮੌਜੂਦ ਸਨ।
ਇਸ ਮੌਕੇ ਡਿਪਟੀ ਕਮਿਸ਼ਨਰ ਨੂੰ ਪਿੰਡ ਦੇ ਮੋਹਤਬਰ ਵਿਅਕਤੀਆਂ ਨੇ ਪਿੰਡ ਦੁਆਲੇ ਖੜ੍ਹੇ ਪਾਣੀ ਦੀ ਨਿਕਾਸੀ ਲਈ ਡੀਜ਼ਲ ਦੀ ਮੰਗ ਕਰਦਿਆਂ ਕਿਹਾ ਕਿ ਪਿੰਡ ਵਿਚ ਮੱਛਰਾਂ ਤੋਂ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਪਾਣੀ ਦੀ ਨਿਕਾਸੀ ਜ਼ਰੂਰੀ ਹੈ, ਜਿਸ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਨੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਨੂੰ ਡੀਜ਼ਲ ਮੁਹੱਈਆ ਕਰਵਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੂੰ ਪਿੰਡ ਵਿਚ 24 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਨਿਰਵਿਘਨ ਮੋਟਰਾਂ ਚਲਾ ਕੇ ਖੇਤਾਂ ਵਿਚੋਂ ਪਾਣੀ ਕੱਢਿਆ ਜਾ ਸਕੇ।
ਹੜ੍ਹ ਪ੍ਰਭਾਵਿਤ ਲੋਕਾਂ ਨੂੰ ਆ ਰਹੀ ਰੁਜ਼ਗਾਰ ਦੀ ਸਮੱਸਿਆ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹੜ੍ਹਾਂ ਕਾਰਨ ਲੋੜਵੰਦ ਲੋਕ ਕਾਫੀ ਦਿਨਾਂ ਤੋਂ ਰੁਜ਼ਗਾਰ ਤੋਂ ਵੰਚਿਤ ਹਨ, ਇਸ ਦੇ ਲਈ ਪਹਿਲ ਦੇ ਆਧਾਰ ’ਤੇ ਪਿੰਡ ਰਿਓਂਦ ਕਲਾਂ ਅਤੇ ਰਿਓਂਦ ਖੁਰਦ ਦੇ ਵਸਨੀਕਾਂ ਲਈ ਮਗਨਰੇਗਾ ਤਹਿਤ ਕੰਮ ਮੁਹੱਈਆ ਕਰਵਾਇਆ ਜਾਵੇ ਤਾਂ ਜੋ ਉਨ੍ਹਾਂ ਦੀ ਜ਼ਿੰਦਗੀ ਪਹਿਲਾਂ ਵਾਂਗ ਲੀਹ ’ਤੇ ਆ ਸਕੇ। ਉਨ੍ਹਾਂ ਇਸ ਦੇ ਲਈ ਐਸ.ਡੀ.ਐਮ. ਬੁਢਲਾਡਾ ਨੂੰ ਪ੍ਰਪੋਜ਼ਲ ਤਿਆਰ ਕਰਨ ਲਈ ਕਿਹਾ।
ਸ੍ਰੀ ਰਿਸ਼ੀਪਾਲ ਸਿੰਘ ਨੇ ਇਸ ਮੌਕੇ ਹੜ੍ਹਾਂ ਕਾਰਨ ਨੁਕਸਾਨੇ ਗਏ ਘਰਾਂ ਦਾ ਨਿਰੀਖਣ ਕੀਤਾ ਅਤੇ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਸਰਵੇਖਣ ਕਰਨ ਲਈ ਟੀਮਾਂ ਤੈਨਾਤ ਕੀਤੀਆਂ ਗਈਆਂ ਹਨ, ਸਰਵੇਖਣ ਉਪਰੰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਣਦਾ ਮੁਆਵਜ਼ਾ ਦਿਵਾਇਆ ਜਾਵੇਗਾ।
ਇਸ ਮੌਕੇ ਉਨ੍ਹਾਂ ਸਕੂਲ ਵਿਖੇ ਬਣੇ ਸਿਹਤ ਕੈਂਪ ਵਿਚ ਸਿਹਤ ਸੇਵਾਵਾਂ ਲੈਣ ਲਈ ਆ ਰਹੇ ਲੋਕਾਂ ਨਾਲ ਗੱਲਬਾਤ ਕੀਤੀ। ਪਿੰਡ ਵਾਸੀਆਂ ਨੇ ਇੱਥੇ ਮਿਲ ਰਹੀਆਂ ਸਿਹਤ ਸਹੂਲਤਾਂ ’ਤੇ ਤਸੱਲੀ ਪ੍ਰਗਟਾਈ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ। ਡਿਪਟੀ ਕਮਿਸ਼ਨਰ ਨੇ ਸਿਹਤ ਟੀਮਾਂ ਨੂੰ ਸੁਖਾਵੇਂ ਮਾਹੌਲ ਵਿਚ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਆਦੇਸ਼ ਦਿੱਤੇ।