
ਮਾਨਸਾ, 21 ਜੁਲਾਈ (ਸਾਰਾ ਯਹਾ, ਬਲਜੀਤ ਸ਼ਰਮਾ) : ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਦੇ ਵੱਖ-ਵੱਖ ਬੈਂਕਾਂ ਦੇ ਬਰਾਂਚ ਮੈਨੇਜਰਾਂ ਅਤੇ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਵੱਲੋਂ ਸਵੈ-ਰੁਜ਼ਗਾਰ ਨੂੰ ਪ੍ਰਫੁਲਿਤ ਕਰਨ ਲਈ ਅਤੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਅਤੇ ਸਵੈ-ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਸਾਰੇ ਬੈਂਕਾਂ ਨੂੰ ਸਵੈ-ਰੁਜ਼ਗਾਰ ਨਾਲ ਸਬੰਧਤ ਸਾਰੇ ਕਰਜ਼ ਵਾਲੇ ਕੇਸਾਂ ਦਾ ਨਿਪਟਾਰਾ 31 ਜੁਲਾਈ 2020 ਤੱਕ ਕਰਨ ਲਈ ਕਿਹਾ ਗਿਆ। ਇਸ ਮੌਕੇ ਉਨ੍ਹਾਂ ਸਵੈ-ਰੁਜ਼ਗਾਰ ਨਾਲ ਸਬੰਧਤ ਚੱਲ ਰਹੀਆਂ ਸਕੀਮਾਂ ਦੀ ਵੀ ਸਮੀਖਿਆ ਕੀਤੀ। ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਨੇ ਪ੍ਰਤੀ ਬਰਾਂਚ ਦੇ ਹਿਸਾਬ ਨਾਲ ਸਵੈ-ਰੁਜ਼ਗਾਰ ਨਾਲ ਸਬੰਧਤ ਚੱਲ ਰਹੀਆਂ ਸਕੀਮਾਂ ਦੀ ਸਮੀਖਿਆ ਕਰਦਿਆਂ ਹਦਾਇਤ ਕੀਤੀ ਕਿ ਇਨ੍ਹਾਂ ਕੇਸਾਂ ਨੂੰ ਜਲਦੀ ਤੋਂ ਜਲਦੀ ਪਾਸ ਕਰਕੇ ਇਸ ਦੀ ਰਿਪੋਰਟ 31 ਜੁਲਾਈ ਤੱਕ ਰਿਪੋਰਟ ਪੇਸ਼ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਨਾਲ ਸਬੰਧਤ ਕੋਈ ਵੀ ਪ੍ਰਾਰਥੀ ਸਵੈ-ਰੁਜ਼ਗਾਰ ਸਬੰਧੀ ਟ੍ਰੇਨਿੰਗ ਜਿਵੇਂ ਡੇਅਰੀ ਫਾਰਮਿੰਗ, ਮੱਛੀ ਪਾਲਣ, ਮਧੂ ਮੱਖੀ ਪਾਲਣ, ਬਕਰੀ ਪਾਲਣ, ਸੂਰ ਪਾਲਣ ਆਦਿ ਲੈਣ ਦਾ ਚਾਹਵਾਨ ਹੋਵੇ ਜਾਂ ਫਿਰ ਕਿਸੇ ਵੀ ਪ੍ਰਕਾਰ ਦੇ ਸਵੈ-ਰੁਜ਼ਗਾਰ ਲਈ ਲੋਨ ਅਪਲਾਈ ਕਰਨ ਲਈ ਜ਼ਿਲ੍ਹਾ ਰੋਜ਼ਗਾਰ ਕਾਰੋਬਾਰ ਬਿਊਰੋ ਦੇ ਹੈਲਪਲਾਈਨ ਨੰਬਰ 94641-78030 ‘ਤੇ ਸੰਪਰਕ ਕਰਨ।
