*ਡਿਪਟੀ ਕਮਿਸ਼ਨਰ ਨੇ ਪਰਾਲੀ ਪ੍ਰਬੰਧਨ ਨੂੰ ਲੈ ਕੇ ਕਲੱਸਟਰ ਅਫ਼ਸਰਾਂ, ਖੇਤੀਬਾੜੀ ਵਿਭਾਗ ਅਤੇ ਹੋਰਨਾਂ ਸਬੰਧਤ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ*

0
13

ਮਾਨਸਾ, 07 ਨਵੰਬਰ :(ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ):
ਸਥਾਨਕ ਬੱਚਤ ਭਵਨ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਪਰਾਲੀ ਪ੍ਰਬੰਧਨ ਨੂੰ ਲੈ ਕੇ ਜ਼ਿਲ੍ਹੇ ਵਿਚ ਤਾਇਨਾਤ ਕਲੱਸਟਰ ਅਫ਼ਸਰਾਂ, ਖੇਤੀਬਾੜੀ ਵਿਭਾਗ ਅਤੇ ਹੋਰਨਾਂ ਸਬੰਧਤ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ।
ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਜ਼ਿਲ੍ਹੇ ਅੰਦਰ ਪਰਾਲੀ ਨੂੰ ਅੱਗ ਲੱਗਣ ਤੋਂ ਰੋਕਣ ਲਈ ਪਿੰਡਾਂ ਵਿਚ ਕਿਸਾਨਾਂ ਨਾਲ ਰਾਬਤਾ ਬਣਾ ਕੇ ਜਾਗਰੂਕ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਜਿੱਥੇ ਕਿਤੇ ਵੀ ਖੇਤਾਂ ਵਿਚ ਅੱਗ ਲੱਗਦੀ ਨਜ਼ਰ ਆਵੇ ਨੂੰ ਤੁਰੰਤ ਫਾਇਰ ਸਰਵਿਸ ਨਾਲ ਬੁਝਾਇਆ ਜਾਵੇ ਅਤੇ ਸਬੰਧਤ ਕਿਸਾਨ ਦਾ ਨੈਸ਼ਨਲ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਅਨੁਸਾਰ ਜ਼ੁਰਮਾਨਾ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਰਹੇਕ ਕਲੱਸਟਰ ਅਫ਼ਸਰ ਆਪਣੇ ਨਾਲ ਤਾਇਨਾਤ ਨੋਡਲ ਅਫ਼ਸਰਾਂ ਨੂੰ ਡਿਊਟੀ ਵਾਲੀ ਥਾਂ ’ਤੇ ਸਮਾਂਬੱਧ ਡਿਊਟੀ ਨਿਭਾਉਣ ਲਈ ਜਾਣੂ ਕਰਵਾਉਣ ਤਾਂ ਜੋ ਨੋਡਲ ਅਫ਼ਸਰ ਜਾਂ ਕਲੱਸਟਰ ਅਫ਼ਸਰ ਦੀ ਅਣਗਹਿਲੀ ਕਾਰਨ ਅੱਗ ਲੱਗਣ ਦੀਆਂ ਘਟਨਾਵਾਂ ਵਿਚ ਵਾਧਾ ਨਾ ਹੋਵੇ।
ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਵੱਲੋਂ ਤਾਇਨਾਤ ਟੀਮਾਂ ਨਾਲ ਰਾਬਤਾ ਕਰਕੇ ਹਰੇਕ ਪਿੰਡ ਪੱਧਰ ’ਤੇ ਪੂਰੀ ਚੌਕਸੀ ਨਾਲ ਡਿਊਟੀ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਲੱਸਟਰ ਅਫ਼ਸਰਾਂ ਨੂੰ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਕਿਸੇ ਵੀ ਨੋਡਲ ਅਫ਼ਸਰ ਨੂੰ ਆਪਣੇ ਪੱਧਰ ’ਤੇ ਡਿਊਟੀ ਤੋਂ ਰਾਹਤ ਨਾ ਦਿੱਤੀ ਜਾਵੇ, ਬਲਕਿ ਡਿਊਟੀ ਤੋਂ ਗ਼ੈਰ ਹਾਜ਼ਰ ਰਹਿਣ ਵਾਲੇ ਨੋਡਲ ਅਫ਼ਸਰ ਬਾਰੇ ਤੁਰੰਤ ਵਧੀਕ ਡਿਪਟੀ ਕਮਿਸ਼ਨਰ ਅਤੇ ਐਸ.ਡੀ.ਐਮ. ਨੂੰ ਸੂਚਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਡਿਊਟੀ ਦੇ ਨਾਲ ਨਾਲ ਵਾਤਾਵਰਣ ਨੂੰ ਸਾਫ ਸੁਥਰਾ ਰੱਖਣਾ ਵੀ ਸਾਡੀ ਨੈਤਿਕ ਜਿੰਮੇਵਾਰੀ ਹੈ, ਜਿਸ ਦੇ ਲਈ ਹਰੇਕ ਅਧਿਕਾਰੀ ਨੂੰ ਆਪਣੀ ਡਿਊਟੀ ਨੂੰ ਸਮਰਪਿਤ ਰਹਿ ਕੇ ਕਿਸਾਨਾਂ ਨੂੰ ਜਾਗਰੂਕ ਕਰਨਾ ਚਾਹੀਦਾ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਰਵਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਅਮਿਤ ਬੈਂਬੀ, ਐਸ.ਡੀ.ਐਮ. ਸਰਦੂਲਗੜ੍ਹ ਸ਼੍ਰੀ ਅਮਰਿੰਦਰ ਸਿੰਘ ਮੱਲੀ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਦਿਲਬਾਗ ਸਿੰਘ ਤੋਂ ਇਲਾਵਾ ਹੋਰ ਵੀ ਅਧਿਕਾਰੀ ਮੌਜੂਦ ਸਨ।

NO COMMENTS