ਡਿਪਟੀ ਕਮਿਸ਼ਨਰ ਨੇ ਮਹੀਨਾਵਾਰ ਮੀਟਿੰਗ ਦੌਰਾਨ ਵਿਭਾਗਾਂ ਦੇ ਪ੍ਰਗਤੀ ਕੰਮਾਂ ਦਾ ਲਿਆ ਜਾਇਜ਼ਾ

0
16

ਮਾਨਸਾ, 15 ਅਕਤੂਬਰ (ਸਾਰਾ ਯਹਾ / ਜੋਨੀ ਜਿੰਦਲ) : ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਮਹੀਨਾ ਸਤੰਬਰ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਚੱਲ ਰਹੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਆਏ ਝੋਨੇ ਦੀ ਖਰੀਦ ਅਤੇ ਲਿਫਟਿੰਗ ਕਰਨ ਵਿੱਚ ਦੇਰੀ ਨਾ ਕੀਤੀ ਜਾਵੇ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਦਿੱਕਤ ਪੇਸ਼ ਨਾ ਆ ਸਕੇ। ਇਸ ਦੌਰਾਨ ਉਨ੍ਹਾਂ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਤੋਂ ਏਜੰਸੀ ਪੱਧਰ ’ਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਖੇਤੀਬਾੜੀ ਵਿਭਾਗ ਨੂੰ ਹਦਾਇਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਅਤੇ ਉਤਸ਼ਾਹਿਤ ਕਰਨ ਲਈ ਉਪਰਾਲੇ ਕੀਤੇ ਜਾਣ ਤਾਂ ਜੋ ਪਰਾਲੀ ਤੋਂ ਪੈਦਾ ਹੋਣ ਵਾਲੇ ਧੂੰਏ ਤੋਂ ਵਾਤਾਵਰਨ ਅਤੇ ਮਨੁੱਖੀ ਜੀਵਨ ਨੂੰ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਦੀ ਵਰਤੋਂ ਲਈ ਪ੍ਰੇਰਿਤ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਜਾਵੇ ਤਾ ਜੋ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਤਕਨੀਕੀ ਢੰਗ ਨਾਲ ਪਰਾਲੀ ਪ੍ਰਬੰਧਨ ਕਰ ਸਕਣ।  ਉਨ੍ਹਾਂ ਨਾਲ ਹੀ ਕਿਹਾ ਕਿ ਜਿਹੜੇ ਕਿਸਾਨ ਸਬ-ਸਿਡੀ ਅਤੇ ਮੁਫ਼ਤ ਬੀਜ਼ਾਂ ਦੀ ਸਰਕਾਰ ਤੋਂ ਸਹੂਲਤ ਲੈ ਰਹੇ ਹਨ ਪਰ ਫਿਰ ਵੀ ਪਰਾਲੀ ਜਾਂ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾ ਰਹੇ ਹਨ, ਉਨ੍ਹਾਂ ਕਿਸਾਨਾਂ ਦੀ ਰੈਡ ਐਂਟਰੀ ਕਰਕੇ ਇਹ ਸਹੂਲਤਾ ਬੰਦ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਵੱਲੋਂ ਵੀ ਸਵੈ-ਘੋਸ਼ਣਾ ਪ੍ਰਾਪਤ ਕੀਤੀ ਜਾਵੇ ਕਿ ਉਸ ਵੱਲੋਂ ਅਤੇ ਉਸਦੇ ਪਰਿਵਾਰ ਵੱਲੋਂ ਆਪਣੀ ਜ਼ਮੀਨ ਦੇ ਵਿੱਚ ਅੱਗ ਨਹੀਂ ਲਗਾਈ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਮੁਲਾਜ਼ਮ ਖ਼ਿਲਾਫ਼ ਅਜਿਹੀ ਕੋਈ ਸ਼ਿਕਾਇਤ ਪ੍ਰਾਪਤ ਹੁੰਦੀ ਹੈ ਤਾਂ ਉਸ ਖ਼ਿਲਾਫ਼ ਨਿਯਮਾਂ ਅਨੁਸਾਰ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕਿਹਾ ਕਿ ਬਕਾਇਆ ਦੀ ਵਸੂਲੀ ਵਿੱਚ ਢਿੱਲਮੱਠ ਦੀ ਨੀਤੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੰਬਿਤ ਕੇਸਾਂ ਦਾ ਜਲਦ ਤੋਂ ਜਲਦ ਨਿਪਟਾਰਾ ਕੀਤਾ ਜਾਵੇ ਅਤੇ ਰਿਪੋਰਟ ਰੋਜ਼ਾਨਾ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਭੇਜੀ ਜਾਵੇ। ਉਨ੍ਹਾਂ ਇੰਚਾਰਜ ਪੰਜਾਬ ਲੈਂਡ ਰਿਕਾਰਡ ਸੋਸਾਇਟੀ ਮਾਨਸਾ ਨੂੰ ਹਦਾਇਤ ਕੀਤੀ ਕਿ ਪੈਂਡਿੰਗ ਡਾਟਾ ਐਂਟਰੀਆਂ ਜਲਦ ਹੀ ਮੁਕੰਮਲ ਕੀਤੀਆਂ ਜਾਣ।      ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਅਮਰਪ੍ਰੀਤ ਕੌਰ, ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ, ਐਸ.ਡੀ.ਐਮ. ਬੁਢਲਾਡਾ ਸ਼ੀ੍ਰ ਸਾਗਰ ਸੇਤੀਆ, ਐਸ.ਡੀ.ਐਮ. ਮਾਨਸਾ ਡਾ. ਸ਼ਿਖਾ ਭਗਤ, ਐਸ.ਡੀ.ਐਮ. ਸਰਦੂਲਗੜ੍ਹ ਸ਼੍ਰੀ ਰਾਜਪਾਲ ਸਿੰਘ, ਸਹਾਇਕ ਕਮਿਸ਼ਨਰ ਸ਼੍ਰੀਮਤੀ ਸਰਬਜੀਤ ਕੌਰ, ਜ਼ਿਲ੍ਹਾ ਮਾਲ ਅਫ਼ਸਰ ਸ਼੍ਰੀਮਤੀ ਸਰੋਜ ਰਾਣੀ, ਮੁੱਖ ਖੇਤੀਬਾੜੀ ਅਫ਼ਸਰ ਡਾ. ਮਨਜੀਤ ਸਿੰਘ ਅਤੇ ਜ਼ਿਲ੍ਹਾ ਮੰਡੀ ਅਫ਼ਸਰ ਸ਼੍ਰੀ ਰਜਨੀਸ਼ ਗੋਇਲ ਮੌਜੂਦ ਸਨ।

NO COMMENTS