-ਡਿਪਟੀ ਕਮਿਸ਼ਨਰ ਨੇ ਲਿਆ ਸੰਭਾਵੀ ਹੜ੍ਹਾਂ ਦੇ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ

0
31

ਮਾਨਸਾ, 11 ਜੂਨ (ਸਾਰਾ ਯਹਾ/ ਬਲਜੀਤ ਸ਼ਰਮਾ) : ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਕੀਤੇ ਜਾਣ ਵਾਲੇ ਯੋਗ ਪ੍ਰਬੰਧਾ ਨੂੰ ਲੈ ਕੇ ਡਿਪਟੀ ਕਮਿਸ਼ਨਰ ਸ੍ਰੀ ਗੁਰਪਾਲ ਸਿੰਘ ਚਹਿਲ ਨੇ ਅੱਜ ਸਮੂਹ ਪ੍ਰਸ਼ਾਸ਼ਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ।          ਡਿਪਟੀ ਕਮਿਸ਼ਨਰ ਨੇ ਸਮੁਹ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੰਦਿਆਂ ਕਿਹਾ ਕਿ ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਬਚਾਅ ਕਾਰਜਾਂ ਲਈ ਜਰੂਰੀ ਸਾਮਾਨ ਅਤੇ ਅਮਲਾ ਮੁਸਤੈਦ ਰਹੇ।  ਉਨ੍ਹਾਂ ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਪਾਸੋਂ ਜ਼ਿਲ੍ਹੇ ਅੰਦਰ ਪੈਂਦੀਆਂ ਡਰੇਨਾਂ ਦੀ ਸਾਫ ਸਫਾਈ ਸਬੰਧੀ ਜਾਣਕਾਰੀ ਲਈ ਅਤੇ ਕਿਹਾ ਕਿ ਲੋੜ ਅਨੁਸਾਰ ਡਰੇਨਾਂ ਦੀ ਸਫਾਈ ਦਾ ਕੰਮ ਜਲਦੀ ਮੁਕੰਮਲ ਕਰਵਾਇਆ ਜਾਵੇ। ਉਨ੍ਹਾਂ ਜਿੱਥੇ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ ਅਧਿਕਾਰੀ ਨੂੰ ਰਾਸ਼ਨ ਸਪਲਾਈ ਦੇ ਪ੍ਰਬੰਧ ਕਰਨ ਰੱਖਣ ਲਈ ਕਿਹਾ ਉੱਥੇ ਹੀ ਸਿਵਲ ਸਰਜਨ ਨੂੰ ਸਮੂਹ ਐਸ.ਡੀ.ਐਮਜ਼ ਨਾਲ ਤਾਲਮੇਲ ਕਰਕੇ ਇਕ ਲਿਖ਼ਤੀ ਕਾਰਜਵਿਧੀ ਤਿਆਰ ਕਰਨ ਦੇ ਨਿਰਦੇਸ਼ ਦਿੱਤੇ।  ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮਜ਼ ਨੂੰ ਲੋਕਾਂ ਦੇ ਬਚਾਅ ਅਤੇ ਰਾਹਤ ਲਈ ਨਿਰਧਾਰਿਤ ਕੀਤੀਆਂ ਥਾਵਾ ਜਿਵੇਂ ਕਿ ਗੁਰੂਦੁਆਰਾ ਸਾਹਿਬ, ਮੰਦਿਰ, ਧਰਮਸ਼ਾਲਾਵਾਂ ਆਦਿ ਦੀ ਲਿਸਟ ਪੁਲਿਸ ਅਤੇ ਆਰਮੀ ਨਾਲ ਸਾਂਝੀ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਬੀ.ਡੀ.ਪੀ.ਓਜ਼., ਸਰਪੰਚ, ਯੂਥ ਕਲੱਬ ਵੀ ਕਿਸੇ ਵੀ ਤਰਾਂ ਦੇ ਆਫ਼ਤ ਪ੍ਰਬੰਧਨ ਲਈ ਮੁਸਤੈਦ ਰਹਿਣ।          ਡਿਪਟੀ ਕਮਿਸ਼ਨਰ ਨੇ ਕਿਹਾ ਕਿ ਐਸ.ਡੀ.ਐਮਜ਼ ਵੱਲੋਂ ਪਿੰਡ ਵਾਈਜ਼ ਨੋਡਲ ਅਫ਼ਸਰ ਤਾਇਨਾਤ ਕੀਤੇ ਗਏ ਹਨ ਜੋ ਹਰ ਤਰਾਂ ਦੀ ਸਥਿਤੀ ਦਾ ਜਾਇਜ਼ਾ ਲੈਣਗੇ। ਉਨ੍ਹਾਂ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਕਿ ਕਿਸ਼ਤੀਆਂ, ਚੱਪੂ, ਜਨਰੇਟਰ, ਓ.ਬੀ.ਐਮ. ਇੰਜਣ ਆਦਿ ਨੂੰ ਚਾਲੂ ਹਾਲਤ ਵਿਚ ਰੱਖਿਆ ਜਾਵੇ ਤਾਂ ਜੋ ਫੌਰੀ ਜ਼ਰੂਰਤ ਪੈਣ ਤੇ ਇਨ੍ਹਾਂ ਨੂੰ ਵਰਤਿਆ ਜਾ ਸਕੇ।          ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਖਪ੍ਰੀਤ ਸਿੰਘ ਸਿੱਧੂ, ਸਹਾਇਕ ਕਮਿਸ਼ਨਰ (ਜ) ਸ੍ਰੀ ਨਵਦੀਪ ਕੁਮਾਰ, ਐਸ.ਡੀ.ਐਮ. ਮਾਨਸਾ ਸ੍ਰੀਮਤੀ ਸਰਬਜੀਤ ਕੌਰ, ਐਸ.ਡੀ.ਐਮ. ਸਰਦੂਲਗੜ੍ਹ ਸੀ੍ਰ ਰਾਜਪਾਲ ਸਿੰਘ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

NO COMMENTS