ਡਿਪਟੀ ਕਮਿਸ਼ਨਰ ਨੇ ਵਿਭਾਗੀ ਪ੍ਰਗਤੀ ਦਾ ਲਿਆ ਜਾਇਜ਼ਾ

0
15

ਮਾਨਸਾ, 09 ਦਸੰਬਰ  (ਸਾਰਾ ਯਹਾ / ਮੁੱਖ ਸੰਪਾਦਕ)  : ਮਹੀਨਾ ਨਵੰਬਰ ਦੌਰਾਨ ਵੱਖ-ਵੱਖ ਪ੍ਰਗਤੀ ਕੰਮਾਂ ਦਾ ਜਾਇਜ਼ਾ ਲੈਣ ਲਈ ਅੱਜ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਮਹਿੰਦਰ ਪਾਲ ਨੇ ਸਿੱਖਿਆ ਵਿਭਾਗ, ਖੇਤੀਬਾੜੀ ਵਿਭਾਗ ਅਤੇ ਪਸ਼ੂ ਪਾਲਣ ਵਿਭਾਗ ਦੇ ਮੁਖੀਆਂ ਨਾਲ ਮੀਟਿੰਗ ਕੀਤੀ।  ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਾਬਾਰਡ ਸਕੀਮ ਤਹਿਤ ਸਕੂਲਾਂ ’ਚ ਚੱਲ ਰਹੇ ਨਵੇਂ ਕਮਰਿਆਂ ਦਾ ਕੰਮ ਛੇਤੀ ਮੁਕੰਮਲ ਕੀਤਾ ਜਾਵੇ। ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਸੰਜੀਵ ਕੁਮਾਰ ਨੇ ਦੱਸਿਆ ਕਿ ਨਾਬਾਰਡ ਦੀਆਂ ਵੱਖ-ਵੱਖ ਸਕੀਮਾਂ ਤਹਿਤ 100 ਕਮਰਿਆਂ ਦਾ ਕੰਮ ਸ਼ੁਰੂ ਹੋ ਚੁੱਕਾ ਹੈ ਅਤੇ ਇਨ੍ਹਾਂ ਵਿੱਚੋਂ 20 ਤੋਂ 25 ਕਮਰੇ ਇੱਕ ਹਫ਼ਤੇ ਦੇ ਅੰਦਰ-ਅੰਦਰ ਮੁਕੰਮਲ ਹੋ ਜਾਣਗੇ।   ਸਮਾਰਟ ਸਕੂਲ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਦੱਸਿਆ ਕਿ 2 ਸਟੇਜ਼ਾਂ ਤਹਿਤ ਕੋਈ ਸਕੂਲ ਸਮਾਰਟ ਸਕੂਲ ਦਾ ਖ਼ਿਤਾਬ ਹਾਸਲ ਕਰਦਾ ਹੈ। ਪਹਿਲੀ ਸਟੇਜ ਤਹਿਤ ਸਮਾਰਟ ਸਕੂਲਾਂ ਲਈ 5 ਮਾਪਦੰਡ ਰੱਖੇ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ 295 ਪ੍ਰਾਇਮਰੀ ਸਕੂਲ ਹਨ ਅਤੇ 288 ਸਕੂਲ ਪਹਿਲੀ ਸਟੇਜ ਦੇ ਸਮਾਰਟ ਸਕੂਲ ਬਣ ਚੁੱਕੇ ਹਨ ਅਤੇ 195 ਅੱਪਰ ਪ੍ਰਾਇਮਰੀ ਸਕੂਲ ਸਮਾਰਟ ਸਕੂਲ ਬਣ ਗਏ ਹਨ। ਉਨ੍ਹਾਂ ਦੱਸਿਆ ਕਿ ਦੂਜੀ ਸਟੇਜ਼ ਤਹਿਤ ਸਮਾਰਟ ਸਕੂਲਾਂ ਲਈ 22 ਮਾਪਢੰਡ ਬਣਾਏ ਗਏ ਹਨ, ਜਿਸ ਤਹਿਤ 295 ਪ੍ਰਾਇਮਰੀ ਸਕੂਲਾਂ ਵਿੱਚੋਂ 27 ਸਕੂਲ ਅਤੇ 195 ਅੱਪਰ ਪ੍ਰਾਇਮਰੀ ਸਕੂਲਾਂ ਵਿੱਚੋਂ 47 ਸਕੂਲ ਸਮਾਰਟ ਸਕੂਲ ਘੋਸ਼ਿਤ ਕੀਤੇ ਜਾ ਚੁੱਕੇ ਹਨ। ਉਨ੍ਹਾਂ ਨਾਲ ਹੀ ਦੱਸਿਆ ਕਿ ਜ਼ਿਲ੍ਹੇ ਦੇ 295  ਪ੍ਰਾਇਮਰੀ ਸਕੂਲਾਂ ਵਿੱਚੋਂ 293 ਸਕੂਲਾਂ ਵਿੱਚ ਪ੍ਰੋਜੈਕਟਰ ਲੱਗੇ ਹੋਏ ਹਨ ਅਤੇ 195 ਸੈਕੰਡਰੀ ਸਕੂਲਾਂ ਵਿੱਚੋਂ 113 ਵਿੱਚ ਪ੍ਰੋਜੈਕਟਰ ਲੱਗੇ ਹੋਏ ਹਨ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਸਕੂਲਾਂ ਵਿੱਚ ਪ੍ਰੋਜੈਕਟਰ ਨਹੀਂ ਹਨ ਉਨ੍ਹਾਂ ਵਿੱਚ ਐਲ.ਈ.ਡੀ. ਲੱਗੇ ਹਨ ਅਤੇ ਈ-ਕਨਟੈਨਟ ਰਾਹੀਂ ਪੜ੍ਹਾਈ ਕਰਵਾਈ ਜਾ ਰਹੀ ਹੈ। ਇਸ ਉਪਰੰਤ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਖੇਤੀਬਾੜੀ ਵਿਭਾਗ ਨਾਲ ਮੀਟਿੰਗ ਕਰਦਿਆਂ ਬੀਜਾਂ, ਐਗਰੋ-ਕੈਮੀਕਲਜ਼, ਫਰਟੀਲਾਇਜ਼ਰ ਬਾਰੇ ਜਾਣਕਾਰੀ ਹਾਸਿਲ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਤਕਨੀਕੀ ਢੰਗਾਂ ਰਾਹੀਂ ਖੇਤੀ ਕਰਨ ਲਈ ਕੈਂਪ ਲਗਾਏ ਜਾਣ। ਇਸ ਮੌਕੇ ਉਨ੍ਹਾਂ ਕੋ-ਆਪ੍ਰੇਟਿਵ ਬੈਂਕਾਂ ਅਤੇ ਮਾਨਤਾ ਪ੍ਰਾਪਤ ਪੀ.ਏ.ਸੀ.ਐਸ.  (ਪ੍ਰਾਈਮਰੀ ਐਗਰੀਕਲਚਰ ਸਰਵਿਸ ਸੋਸਾਇਟੀਆਂ) ਦੀਆਂ ਗਤੀਵਿਧੀਆਂ ਬਾਰੇ ਵੀ ਜਾਣਕਾਰੀ ਹਾਸਿਲ ਕੀਤੀ।     ਪਸ਼ੂ ਪਾਲਣ ਵਿਭਾਗ ਨਾਲ ਕੀਤੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਪਸ਼ੂਆਂ ਦੇ ਲੱਗਣ ਵਾਲੇ ਟੀਕਿਆਂ ਦੀ ਸਪਲਾਈ ਬਾਰੇ ਹਦਾਇਤ ਕਰਦਿਆਂ ਕਿਹਾ ਕਿ ਪਸ਼ੂਆਂ ਦੇ ਟੀਕਿਆਂ ਦੀ ਨਿਰੰਤਰ ਸਪਲਾਈ ਯਕੀਨੀ ਬਣਾਈ ਜਾਵੇ। ਇਸ ਮੌਕੇ ਉਨ੍ਹਾਂ ਗਊਸ਼ਾਲਾਵਾਂ ਦੇ ਰੱਖ-ਰਖਾਵ ਸਬੰਧੀ ਵੀ ਜਾਣਕਾਰੀ ਹਾਸਿਲ ਕੀਤੀ। ਉਨ੍ਹਾਂ ਕਿਹਾ ਕਿ ਪਸ਼ੂ ਪਾਲਣ ਵਿਭਾਗ ਵੱਲੋਂ ਚਲਾਈਆਂ ਜਾਂਦੀਆਂ ਸਕੀਮਾਂ ਤੋਂ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਮਨਜੀਤ ਸਿੰਘ,  ਡਾ. ਚਮਨਦੀਪ ਸਿੰਘ, ਜ਼ਿਲ੍ਹਾ ਸਹਾਇਕ ਪ੍ਰੋਜੈਕਟ ਕੋਆਰਡੀਨੇਟਰ ਹਰੀਸ਼ ਸਿੰਗਲਾ ਤੋਂ ਇਲਾਵਾ ਹੋਰ ਵਿਭਾਗਾਂ ਦੇ ਮੁਖੀ ਹਾਜ਼ਰ ਸਨ।

NO COMMENTS