ਮਾਨਸਾ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

0
113

ਮਾਨਸਾ, 04 ਸਤੰਬਰ (ਸਾਰਾ ਯਹਾ, ਬਲਜੀਤ ਸ਼ਰਮਾ)  : ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਯੋਗਤਾ ਮਿਤੀ 01 ਜਨਵਰੀ 2021 ਦੇ ਆਧਾਰ ‘ਤੇ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਦੇ ਪ੍ਰੋਗਰਾਮ ਤੋਂ ਜਾਣੂ ਕਰਵਾਉਣ ਲਈ ਅਤੇ ਪੋਲਿੰਗ ਸਟੇਸ਼ਨਾਂ ਦੀ ਤਜਵੀਜ ਭੇਜਣ ਸਬੰਧੀ ਅੱਜ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਦੀ ਪ੍ਰਧਾਨਗੀ ਹੇਠ ਸਮੂਹ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਅਤੇ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਪੈਂਦੇ ਵਿਧਾਨ ਸਭਾ ਚੋਣ ਹਲਕਾ 96-ਮਾਨਸਾ, 97-ਸਰਦੂਲਗੜ੍ਹ ਅਤੇ 98-ਬੁਢਲਾਡਾ (ਅ.ਜ) ਵਿੱਚ ਸਥਾਪਿਤ ਕੀਤੇ ਜਾਣ ਵਾਲੇ ਪੋਲਿੰਗ ਸਟੇਸ਼ਨਾਂ ਦੀ ਤਜਵੀਜ ਮੁੱਖ ਦਫ਼ਤਰ ਵਿਖੇ ਭੇਜੀ ਜਾਣੀ ਹੈ ਇਸ ਲਈ ਜੇਕਰ ਕਿਸੇ ਵੀ ਰਾਜਨੀਤਿਕ ਪਾਰਟੀ ਨੂੰ ਪੋਲਿੰਗ ਸਟੇਸ਼ਨਾਂ ਦੀ ਮੁੱਢਲੀ ਪ੍ਰਕਾਸ਼ਿਤ ਕੀਤੀ ਸੂਚੀ ਵਿੱਚ ਕੋਈ ਇਤਰਾਜ਼ ਜਾਂ ਸੁਝਾਅ ਹੋਵੇ ਤਾਂ ਉਹ 07 ਸਤੰਬਰ 2020 ਤੱਕ ਲਿਖਤੀ ਤੌਰ ‘ਤੇ ਜ਼ਿਲ੍ਹਾ ਚੋਣ ਦਫ਼ਤਰ ਮਾਨਸਾ ਵਿਖੇ ਭੇਜ ਦੇਣ। ਮੀਟਿੰਗ ਦੌਰਾਨ ਪੋਲਿੰਗ ਸਟੇਸ਼ਨਾਂ ਦੀ ਮੁੱਢਲੀ ਪ੍ਰਕਾਸ਼ਿਤ ਕੀਤੀ ਸੂਚੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੌਂਪੀ ਗਈ।
ਉਨ੍ਹਾਂ ਦੱਸਿਆ ਕਿ ਯੋਗਤਾ ਮਿਤੀ 01 ਜਨਵਰੀ 2021 ਦੇ ਆਧਾਰ ‘ਤੇ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾ ਮਿਤੀ 16 ਨਵੰਬਰ 2020 ਨੂੰ ਕੀਤੀ ਜਾਵੇਗੀ ਅਤੇ ਦਾਅਵੇ ਤੇ ਇਤਰਾਜ ਮਿਤੀ 16 ਨਵਬੰਰ 2020 ਤੋਂ 15 ਦਸੰਬਰ 2020 ਤੱਕ ਦਾਖਲ ਕੀਤੇ ਜਾ ਸਕਦੇ ਹਨ।ਉਨ੍ਹਾਂ ਦੱਸਿਆ ਕਿ ਸਪੈਸ਼ਲ ਮੁਹਿੰਮ ਦੌਰਾਨ ਮਿਤੀ 21, 22 ਨਵੰਬਰ 2020 ਅਤੇ 05, 06 ਦਸੰਬਰ 2020 ਨੂੰ ਬੂਥ ਲੈਵਲ ਅਫਸਰ ਆਪਣੇ-ਆਪਣੇ ਪੋਲਿੰਗ ਸਟੇਸ਼ਨਾਂ ‘ਤੇ ਦਾਅਵੇ ਤੇ ਇਤਰਾਜ਼ ਪ੍ਰਾਪਤ ਕਰਨਗੇ।ਦਾਅਵੇ ਤੇ ਇਤਰਾਜਾਂ ਦਾ ਨਿਪਟਾਰਾ ਸਬੰਧਤ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਵੱਲੋਂ 05 ਜਨਵਰੀ 2021 ਤੱਕ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 15 ਜਨਵਰੀ 2021 ਨੂੰ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਵੱਲੋਂ ਸਪੈਸ਼ਲ ਮੁਹਿੰਮ ਦੌਰਾਨ ਬੂਥ ਲੈਵਲ ਅਫਸਰਾਂ ਦੀ ਹਾਜ਼ਰੀ ਯਕੀਨੀ ਬਣਾਉਣ ਲਈ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਨੂੰ ਹਦਾਇਤ ਕੀਤੀ ਗਈ।ਉਨ੍ਹਾਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਪ੍ਰੋਗਰਾਮ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ ਅਤੇ ਬੂਥ ਲੈਵਲ ਏਜੰਟ ਨਿਯੁਕਤ ਕਰਨ ਲਈ ਅਪੀਲ ਕੀਤੀ।
ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਸੁਖਪ੍ਰੀਤ ਸਿਘ ਸਿੱਧੂ, ਉਪ ਮੰਡਲ ਮੈਜਿਸਟਰੇਟ ਮਾਨਸਾ ਸ਼੍ਰੀਮਤੀ ਸ਼ਿਖਾ ਭਗਤ, ਚੋਣ ਤਹਿਸੀਲਦਾਰ ਸ਼੍ਰੀ ਗੁਰਚਰਨ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਮੌਜੂਦ ਸਨ।

NO COMMENTS