*ਡਿਪਟੀ ਕਮਿਸ਼ਨਰ ਮਾਨਸਾ ਨੇ ਮਗਨਰੇਗਾ ਤਹਿਤ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਵਿਚ ਚੱਲ ਰਹੇ ਕੰਮਾਂ ਦਾ ਨਿਰੀਖਣ ਕੀਤਾ*

0
5

 ਮਾਨਸਾ, 01 ਦਸੰਬਰ (ਸਾਰਾ ਯਹਾਂ/ ਮੁੱਖ ਸੰਪਾਦਕ ): ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਵੱਲੋਂ ਜ਼ਿਲ੍ਹਾ ਮਾਨਸਾ ਦੇ ਵੱਖ-ਵੱਖ ਪਿੰਡਾਂ ਵਿੱਚ ਚੱਲ ਰਹੇ ਕੰਮਾਂ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਟੀ. ਬੈਨਿਥ ਆਈ.ਏ.ਐਸ. ਮੌਜੂਦ ਸਨ।
ਉਨ੍ਹਾਂ ਵੱਲੋਂ ਬਲਾਕ ਬੁਢਲਾਡਾ ਦੇ ਪਿੰਡ ਕਲੀਪੁਰ, ਰਾਮਪੁਰ ਮੰਡੇਰ, ਫੁਲੂਵਾਲ ਡੋਡ, ਦਾਤੇਵਾਸ, ਗੁੜੱਦੀ ਅਤੇ ਬਲਾਕ ਭੀਖੀ ਦੇ ਪਿੰਡ ਧਲੇਵਾਂ ਵਿਖੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਲਿਆ ਗਿਆ ਅਤੇ ਮਗਨਰੇਗਾ ਮਜ਼ਦੂਰਾਂ ਨਾਲ ਉਨ੍ਹਾਂ ਨੂੰ ਮਿਲ ਰਹੇ ਕੰਮ ਅਤੇ ਦਿਹਾੜੀਆਂ ਸਬੰਧੀ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਮੁੱਖ ਤੌਰ ’ਤੇ ਸਕੂਲ ਪਾਰਕ, ਪ੍ਰਧਾਨ ਮੰਤਰੀ ਆਵਾਸ ਯੋਜਨਾ, ਸਾਂਝਾ ਜਲ ਤਲਾਬ, ਖਾਲਾਂ ਅਤੇ ਫਿਲਟਰ ਮੀਡੀਆ ਆਦਿ ਕੰਮਾਂ ਦੀ ਜਾਂਚ ਕੀਤੀ। ਉਨ੍ਹਾਂ ਇਸ ਮੌਕੇ ਹਾਜ਼ਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਗਨਰੇਗਾ ਸਕੀਮ ਅਧੀਨ ਪਾਰਦਰਸ਼ਤਾ ਲਿਆਉਣ ਲਈ ਲੇਬਰ ਦੀ ਹਾਜ਼ਰੀ ਮੋਬਾਇਲ ਮੋਨੀਟਰਿੰਗ ਸਿਸਟਮ ਰਾਹੀਂ ਲਗਾਉਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਕੰਮ ਵਾਲੀਆਂ ਥਾਵਾਂ ’ਤੇ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ ਅਤੇ ਪਿੰਡਾਂ ਵਿੱਚ ਚੱਲ ਰਹੇ ਕੰਮਾਂ ਦੀ ਨਿਰੰਤਰ ਜਾਂਚ ਕੀਤੀ ਜਾਵੇ ਤਾਂ ਜੋ ਕੰਮ ਦੀ ਗੁਣਵੱਤਾ ਨੂੰ ਵਧਾਇਆ ਜਾ ਸਕੇ ਅਤੇ ਵੱਧ ਤੋਂ ਵੱਧ ਜੋਬ ਕਾਰਡਧਾਰਕਾਂ ਨੂੰ ਉਨ੍ਹਾਂ ਵੱਲੋਂ ਕੀਤੀ ਗਈ ਮੰਗ ਅਨੁਸਾਰ 100 ਦਿਨਾਂ ਦਾ ਰੋਜ਼ਗਾਰ ਮੁਹੱਈਆ ਕਰਵਾਇਆ ਜਾਵੇ।
ਉਨ੍ਹਾਂ ਪਿੰਡ ਧਲੇਵਾਂ ਵਿਖੇ ਕਰਵਾਏ ਗਏ ਪਲਾਂਟੇਸ਼ਨ ਦੇ ਕੰਮ ਦੀ ਸ਼ਲਾਘਾ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਪਿੰਡ ਕਲੀਪੁਰ ਵਿਖੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਲਾਭਪਾਤਰੀਆਂ ਨਾਲ ਵੀ ਗੱਲਬਾਤ ਕੀਤੀ। ਉਨ੍ਹਾਂ ਰਿਕਾਰਡ ਦੀ ਚੈਕਿੰਗ ਕਰਨ ਉਪਰੰਤ ਵਿਸ਼ੇਸ਼ ਹਦਾਇਤ ਕੀਤੀ ਕਿ ਰਿਕਾਰਡ ਨੂੰ ਮਗਨਰੇਗਾ ਸਕੀਮ ਦੀਆਂ ਹਦਾਇਤਾਂ ਅਨੁਸਾਰ ਸਮੇਂ ਸਮੇਂ ’ਤੇ ਅਪਡੇਟ ਕਰਨਾ ਯਕੀਨੀ ਬਣਾਇਆ ਜਾਵੇ।
ਇਸ ਮੌਕੇ ਸ੍ਰੀ ਮਨਦੀਪ ਸਿੰਘ, ਜ਼ਿਲ੍ਹਾ ਨੋਡਲ ਅਫ਼ਸਰ ਮਗਨਰੇਗਾ, ਸ੍ਰੀ ਸੋਮ ਪ੍ਰਕਾਸ਼ ਗਰਗ, ਏ.ਪੀ.ਓ. ਮਗਨਰੇਗਾ, ਪਿੰਡਾਂ ਦੇ ਸਰਪੰਚ, ਮੈਂਬਰ ਅਤੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

LEAVE A REPLY

Please enter your comment!
Please enter your name here