ਡਿਪਟੀ ਕਮਿਸ਼ਨਰ ਮਾਨਸਾ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਜੰਗ ਹੋਰ ਤੇਜ਼ ਕਰਨ ਦੇ ਆਦੇਸ਼

0
24

ਮਾਨਸਾ, 22 ਦਸੰਬਰ (ਸਾਰਾ ਯਹਾ / ਮੁੱਖ ਸੰਪਾਦਕ): ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ ਨੇ ਜ਼ਿਲ੍ਹੇ ਅੰਦਰ ਨਸ਼ਿਆਂ ਦੀ ਰੋਕਥਾਮ ਲਈ ਅਮਲ ਵਿੱਚ ਲਿਆਂਦੀਆਂ ਜਾ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਸ਼ਿਆਂ ਖ਼ਿਲਾਫ਼ ਪਹਿਲਾਂ ਤੋਂ ਜਾਰੀ ਜੰਗ ਨੂੰ ਹੋਰ ਤੇਜ਼ ਕੀਤਾ ਜਾਵੇ।  
       ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੀਖਿਆ ਮੀਟਿੰਗ ਦੌਰਾਨ ਉਨ੍ਹਾਂ ਨਸ਼ਿਆਂ ਦੀ ਰੋਕਥਾਮ ਲਈ ਕੀਤੇ ਜਾ ਰਹੇ ਯਤਨਾਂ ਵਿੱਚ ਹੋਰ ਮਜ਼ਬੂਤੀ ਲਿਆਉਣ ਸਬੰਧੀ ਸੁਝਾਅ ਮੰਗੇ ਅਤੇ ਦਿਸ਼ਾ ਨਿਰਦੇਸ਼ ਦਿੱਤੇ ਕਿ ਲੋਕਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕਰਨ ਲਈ ਵਿਆਪਕ ਮੁਹਿੰਮ ਚਲਾਈ ਜਾਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਡੈਪੋ, ਬਡੀਜ਼ ਅਤੇ ਓਟ ਸੈਂਟਰਾਂ ਦਾ ਸਹਿਯੋਗ ਲਿਆ ਜਾ ਸਕਦਾ ਹੈ। ਉਨ੍ਹਾਂ ਪੁਲਿਸ ਵਿਭਾਗ ਨੂੰ ਇਸ ਸਬੰਧੀ ਜਾਗਰੂਕਤਾ ਕੈਂਪ ਲਗਾਉਣ ਅਤੇ ਨਸ਼ਾ ਤਸਕਰਾਂ ਖਿਲਾਫ਼ ਸਖ਼ਤੀ ਵਰਤਣ ਦੇ ਆਦੇਸ਼ ਦਿੱਤੇ।


       ਉਨ੍ਹਾਂ ਕਿਹਾ ਕਿ ਕੋਵਿਡ-19 ਦੇ ਮੱਦੇਨਜ਼ਰ ਜਿਵੇਂ ਕਿ ਵਿਦਿਆਰਥੀਆਂ ਦੀ ਪੜ੍ਹਾਈ ਆਨਲਾਈਨ ਹੀ ਜਾਰੀ ਹੈ, ਇਸ ਦੇ ਨਾਲ ਹੀ ਜਿੰਨਾ ਹੋ ਸਕੇ ਆਨਲਾਈਨ ਪ੍ਰਣਾਲੀ ਰਾਹੀਂ ਬੱਡੀਜ਼ ਨੂੰ ਇਸ ਮੁਹਿੰਮ ਨਾਲ ਜੋੜਿਆ ਜਾਵੇ।
        ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਖਪ੍ਰੀਤ ਸਿੰਘ ਸਿੱਧੂ, ਐਸ.ਡੀ.ਐਮ. ਮਾਨਸਾ ਸ੍ਰੀਮਤੀ ਸ਼ਿਖਾ ਭਗਤ, ਐਸ.ਡੀ.ਐਮ. ਬੁਢਲਾਡਾ ਸ੍ਰੀ ਸਾਗਰ ਸੇਤੀਆ, ਐਸ.ਡੀ.ਐਮ. ਸਰਦੂਲਗੜ੍ਹ ਸ੍ਰੀਮਤੀ ਸਰਬਜੀਤ ਕੌਰ, ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ, ਐਸ.ਪੀ. ਸ੍ਰੀ ਸਤਨਾਮ ਸਿੰਘ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

NO COMMENTS